ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਵੱਲੋਂ ਪੰਜਾਬ ਵਿੱਚ 250 ਪੇਟੀਆਂ ਨਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

Home » Blog » ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਵੱਲੋਂ ਪੰਜਾਬ ਵਿੱਚ 250 ਪੇਟੀਆਂ ਨਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਵੱਲੋਂ ਪੰਜਾਬ ਵਿੱਚ 250 ਪੇਟੀਆਂ ਨਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਚੰਡੀਗੜ੍ਹਮੋਰਿੰਡਾ, 30 ਦਸੰਬਰ:ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਅਤੇ ਵੰਡ ਨੂੰ ਰੋਕਣ ਲਈ ਵਿੱਢੀ ਮੁਹਿੰਮ ਤਹਿਤ ਗੁਆਂਢੀ ਸੂਬਿਆਂ ਚੰਡੀਗੜ੍ਹ ਅਤੇ ਹਰਿਆਣਾ ਤੋਂ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਕਰਨ ਵਾਲੇ ਇੱਕ ਗਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਇੰਟ ਆਬਕਾਰੀ ਕਮਿਸ਼ਨਰ, ਪੰਜਾਬ ਸ੍ਰੀ ਨਰੇਸ਼ ਦੂਬੇ ਨੇ ਦੱਸਿਆ ਕਿ ਆਬਕਾਰੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਦੇ ਮਾਰਗਦਰਸ਼ਨ ਅਤੇ ਜਾਇੰਟ ਕਮਿਸ਼ਨਰ (ਆਬਕਾਰੀ) ਸ੍ਰੀ ਨਰੇਸ਼ ਦੂਬੇ ਅਤੇ ਸ੍ਰੀ ਰਾਜਪਾਲ ਸਿੰਘ ਡਿਪਟੀ ਕਮਿਸ਼ਨਰ (ਆਬਕਾਰੀ) ਪਟਿਆਲਾ ਰੇਂਜ ਅਤੇ ਸ੍ਰੀ ਵਿਵੇਕ ਸ਼ੀਲ ਸੋਨੀ ਐੱਸ.ਐੱਸ.ਪੀ. ਰੂਪਨਗਰ ਦੀ ਅਗਵਾਈ ਹੇਠ ਆਬਕਾਰੀ ਵਿਭਾਗ ਪੰਜਾਬ ਅਤੇ ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਸ਼ਰਾਬ ਦੀ ਤਸਕਰੀ ਕਰਨ ਵਾਲੇ ਵਿਅਕਤੀਆਂ ‘ਤੇ ਸ਼ਿਕੰਜਾ ਕੱਸਿਆ ਹੈ। ਆਬਕਾਰੀ ਵਿਭਾਗ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ, ਰੋਪੜ ਆਬਕਾਰੀ ਸਟਾਫ਼ ਅਤੇ ਜ਼ਿਲ੍ਹਾ ਪੁਲਿਸ ਰੂਪਨਗਰ ਦੇ ਸਹਿਯੋਗ ਨਾਲ ਗੁਆਂਢੀ ਸੂਬਿਆਂ ਚੰਡੀਗੜ੍ਹ ਅਤੇ ਹਰਿਆਣਾ ਤੋਂ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ। ਇੱਕ ਟਰੱਕ ਨੰ. ਪੀਬੀ 30 ਕੇ 2561 ਨੂੰ ਜਿਲਾ ਰੂਪਨਗਰ ਦੇ ਮੋਰਿੰਡਾ ਵਿਖੇ ਕਾਬੂ ਕੀਤਾ ਗਿਆ  ਜੋ 250 ਪੇਟੀਆਂ (3000 ਬੋਤਲਾਂ) 999 ਮਾਰਕਾ ਦੀ ਨਜਾਇਜ਼ ਸ਼ਰਾਬ ਲੈ ਜਾ ਰਿਹਾ ਸੀ ਜਿਸ ਦੀ ਚੰਡੀਗੜ ਵਿਖੇ ਵਿਕਰੀ ਕੀਤੀ ਜਾਣੀ ਸੀ।

ਦੋਸ਼ੀ ਇਸ ਖੇਪ ਸਬੰਧੀ ਕੋਈ ਵੀ ਯੋਗ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ। ਦੋ ਮੁਲਜ਼ਮਾਂ ਮਨਪ੍ਰੀਤ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਿੰਡ ਕੰਦਿਆਲ, ਧਰਮਕੋਟ, ਜ਼ਿਲ੍ਹਾ ਮੋਗਾ ਅਤੇ ਪ੍ਰੇਮ ਸਿੰਘ ਵਾਸੀ ਤਰਨਤਾਰਨ ਜੋ ਕਿ ਮੌਜੂਦਾ ਸਮੇਂ ਮੋਗਾ ਵਿੱਚ ਰਹਿੰਦੇ ਹਨ, ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਹੈ। ਮੁਲਜ਼ਮਾਂ ਨੇ ਕੂਬਲ ਕੀਤਾ ਹੈ ਕਿ ਉਹਨਾਂ ਨੇ ਚੰਡੀਗੜ੍ਹ ਤੋਂ ਪੰਜਾਬ ਵਿੱਚ ਕਈ ਵਾਰ ਸ਼ਰਾਬ ਦੀ ਤਸਕਰੀ ਕੀਤੀ ਹੈ ਅਤੇ ਇਹ ਸ਼ਰਾਬ ਜ਼ਿਲ੍ਹਾ ਮੋਗਾ ਵਿੱਚ ਸੰਗਠਿਤ ਬੂਟਲੈਗਰ ਨੈੱਟਵਰਕ ਨੂੰ ਸਪਲਾਈ ਕਰਦੇ ਸਨ।ਸ਼ਰਾਬ ਦੀ ਖੇਪ ਚੰਡੀਗੜ੍ਹ ਦੇ ਇੱਕ ਠੇਕੇ ਤੋਂ ਲਿਆਂਦੀ ਗਈ ਸੀ ਅਤੇ ਮੋਗਾ ਲਿਜਾਈ ਜਾ ਰਹੀ ਸੀ। ਦੋਸ਼ੀਆਂ ਵਿਰੁੱਧ ਐਫ.ਆਈ.ਆਰ. ਨੰ. 159 ਮਿਤੀ 30-12-21 ਨੂੰ ਧਾਰਾ 61-1-14,78(2) ਤਹਿਤ ਥਾਣਾ ਮੋਰਿੰਡਾ ਜ਼ਿਲ੍ਹਾ ਰੂਪਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਆਬਕਾਰੀ ਕਮਿਸ਼ਨਰ, ਪੰਜਾਬ ਸ੍ਰੀ ਰਜਤ ਅਗਰਵਾਲ ਨੇ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੀ ਤਸਕਰੀ ਜਾਂ ਆਬਕਾਰੀ ਨਾਲ ਸਬੰਧਤ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾ ਰਹੀ ਹੈ ਅਤੇ ਇਸ ਸਬੰਧੀ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਤਸਕਰੀ ਕੀਤੀ ਸ਼ਰਾਬ ਦੇ ਮੁੱਖ ਸਪਲਾਇਰਾਂ ਅਤੇ ਪ੍ਰਾਪਤਕਰਤਾਵਾਂ ਦਾ ਪਤਾ ਲਗਾਉਣ ਲਈ ਸੰਪਰਕਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਜੇਕਰ ਕੋਈ ਸ਼ਰਾਬ ਠੇਕੇਦਾਰ ਇਸ ਰੈਕੇਟ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਭਾਗ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ। ਅੰਤਰਰਾਜੀ ਸਰਹੱਦਾਂ ਅਤੇ ਤਸਕਰੀ ਵਾਲੇ ਖੇਤਰਾਂ ਵਿੱਚ ਵਿਸ਼ੇਸ਼ ਗਸ਼ਤ ਅਤੇ ਨਾਕਾਬੰਦੀ ਕੀਤੀ ਜਾ ਰਹੀ ਹੈ। ਆਬਕਾਰੀ ਅਤੇ ਕਰ ਵਿਭਾਗ ਵੱਲੋਂ ਜਾਗਰੂਕ ਨਾਗਰਿਕਾਂ ਲਈ ਇਸ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਵਾਸਤੇ ਪਹਿਲਾਂ ਹੀ ਟੋਲ ਫਰੀ ਨੰਬਰ 98759 61126 ਕਾਰਜਸ਼ੀਲ ਕਰ ਦਿੱਤਾ ਗਿਆ ਹੈ।

Leave a Reply

Your email address will not be published.