ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਮਹਾਮਾਰੀ ਦੀ ਸਥਿਤੀ ਸੁਧਰਨ ਦੇ ਮੱਦੇਨਜ਼ਰ ਢਿੱਲ ਦਿੰਦਿਆਂ ਪੰਜਾਬ ‘ਚ ਹਫਤਾਵਾਰੀ ਅਤੇ ਰਾਤ ਦਾ ਕਰਫਿਊ ਹਟਾਉਣ ਦਾ ਐਲਾਨ ਕੀਤਾ ਹੈ।
ਉਨ੍ਹਾਂ ਨੇ ਉੱਚ ਵਿੱਦਿਅਕ ਅਦਾਰਿਆਂ ਨੂੰ ਵੀ ਖੋਲ੍ਹੇ ਜਾਣ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ ਪਰ ਸਕੂਲ ਹਾਲੇ ਬੰਦ ਹੀ ਰਹਿਣਗੇ। ਕਾਲਜਾਂ, ਕੋਚਿੰਗ ਸੈਂਟਰਾਂ ਤੇ ਸਾਰੇ ਹੋਰ ਉੱਚ ਵਿੱਦਿਅਕ ਅਦਾਰਿਆਂ ਨੂੰ ਸਬੰਧਿਤ ਡਿਪਟੀ ਕਮਿਸ਼ਨਰਾਂ ਵੱਲੋਂ ਖੋਲ੍ਹਣ ਦੀ ਆਗਿਆ ਹੋਵੇਗੀ। ਸਾਰੇ ਟੀਚਿੰਗ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਦੇ ਦੋ ਹਫਤੇ ਪਹਿਲਾਂ ਟੀਕਾਕਰਨ ਦੀ ਘੱਟੋ-ਘੱਟ ਇਕ ਖੁਰਾਕ ਜਰੂਰ ਲੱਗੀ ਹੋਣ ਦਾ ਸਰਟੀਫਿਕੇਟ ਦੇਣਾ ਹੋਵੇਗਾ। ਮੁੱਖ ਮੰਤਰੀ ਨੇ ਕੋਵਿਡ ਦੀ ਸਥਿਤੀ ਦੀ ਵਰਚੁਅਲ ਸਮੀਖਿਆ ਮੀਟਿੰਗ ਦੌਰਾਨ ਕਿਹਾ ਕਿ 20 ਜੁਲਾਈ ਨੂੰ ਕੋਵਿਡ ਦੇ ਹਾਲਾਤ ਦੀ ਦੁਬਾਰਾ ਸਮੀਖਿਆ ਕੀਤੀ ਜਾਵੇਗੀ। ਇਸੇ ਦੌਰਾਨ ਮੁੱਖ ਮੰਤਰੀ ਨੇ ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਦੀ ਤਿਆਰੀ ਵਜੋਂ ਵੀ 380 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ ਹਨ। ਫੈਸਲਿਆਂ ‘ਚ ਅੰਦਰੂਨੀ ਇਕੱਠਾਂ (ਇਨਡੋਰ) ਵਿਚ 100 ਵਿਅਕਤੀਆਂ ਅਤੇ ਖੁੱਲ੍ਹੇ ਵਿਚ (ਆਊਟਡੋਰ) 200 ਵਿਅਕਤੀਆਂ ਦੇ ਇਕੱਠ ਕਰਨ ਦੀ ਵੀ ਇਜਾਜ਼ਤ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਟੀਕੇ ਦੀ ਘੱਟੋ ਘੱਟ ਇਕ ਖੁਰਾਕ ਲੱਗੀ ਹੋਣ ਦੀ ਸ਼ਰਤ ‘ਤੇ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾਅ, ਤੈਰਾਕੀ ਪੂਲ, ਜਿਮ, ਮਾਲ, ਖੇਡ ਕੰਪਲੈਕਸ, ਮਿਊਜ਼ੀਅਮ, ਚਿੜੀਆ ਘਰ ਆਦਿ ਖੋਲ੍ਹਣ ਦੇ ਵੀ ਹੁਕਮ ਕੀਤੇ ਗਏ ਹਨ। ਉਨ੍ਹਾਂ ਨੇ ਸੂਬੇ ‘ਚ ਬਲੈਕ ਫੰਗਸ ਦੇ 8 ਜੁਲਾਈ ਤੱਕ 623 ਮਰੀਜ਼ਾਂ ਦੇ ਹਵਾਲੇ ਨਾਲ ਅਜਿਹੇ ਮਰੀਜ਼ਾਂ ਦੇ ਇਲਾਜ ਲਈ ਤਜਵੀਜ਼ ਤਿਆਰ ਕਰਨ ਦੀ ਹਦਾਇਤ ਵੀ ਕੀਤੀ ਹੈ। ਮੁੱਖ ਮੰਤਰੀ ਨੇ 674 ਜੀ.ਡੀ.ਐਮ.E, 283 ਮੈਡੀਕਲ ਅਫਸਰ (ਸਪੈਸਲਿਸ਼ਟ), 2000 ਸਟਾਫ ਨਰਸਾਂ ਦੇ ਨਾਲ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ ਵਿਚ 330 ਫੈਕਲਟੀ ਪੋਸਟਾਂ ਭਰਨ ਦੀ ਵੀ ਹਰੀ ਝੰਡੀ ਦਿੱਤੀ ਹੈ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਕਿ ਸੂਬੇ ਵੱਲੋਂ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਦੂਜੀ ਲਹਿਰ ਦੇ ਮਰੀਜ਼ਾਂ ਨਾਲੋਂ 25 ਫੀਸਦੀ ਹੋਰ ਵੱਧ ਮਰੀਜ਼ਾਂ ਦੇ ਹਿਸਾਬ ਨਾਲ ਤਿਆਰੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪਹਿਲੀ ਸੂਰਤ ਵਿਚ ਜੀ.ਆਈ.ਐਸ. ਆਧਾਰਿਤ ਨਿਗਰਾਨੀ ਅਤੇ ਰੋਕਥਾਮ ਤਰੀਕਿਆਂ ਦੀ ਵਰਤੋਂ ਸਥਾਨਕ ਬੰਦਿਸ਼ਾਂ ਲਈ ਆਟੋਟ੍ਰਿਗਰ ਵਿਧੀ ਰਾਹੀਂ ਕੀਤੀ ਜਾਵੇਗੀ। ਮੁੱਖ ਸਕੱਤਰ ਵਿਨੀ ਮਹਾਜਨ ਨੇ ਇਸ ਮੌਕੇ ਦੱਸਿਆ ਕਿ ਫੰਡ ਅਤੇ ਆਕਸੀਜਨ ਪਲਾਂਟ ਲੋੜੀਂਦੇ ਤੌਰ ‘ਤੇ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਕੋਈ ਵੀ ਘਾਟ ਨਾ ਆਉਣ ਨੂੰ ਯਕੀਨੀ ਬਣਾਇਆ ਜਾਵੇ। ਸਿਹਤ ਸਕੱਤਰ ਹੁਸਨ ਲਾਲ ਨੇ ਹਾਲੇ ਵੀ ਲੁਧਿਆਣਾ, ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ ਤੇ ਰੂਪਨਗਰ ਜਿਲ੍ਹਿਆਂ ਵਿਚ ਚੌਕਸੀ ਵਰਤਣ ਦੀ ਲੋੜ ਦੀ ਗੱਲ ਰੱਖੀ। ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵਾਇਰਸ ਦੇ ਬਦਲਦੇ ਸਰੂਪਾਂ ਦੀ ਜਾਂਚ ਵਿਚ ਵਾਧਾ ਕਰਨ ਦੇ ਹੁਕਮ ਦਿੱਤੇ ਤਾਂ ਜੋ ਨਵੇਂ ਪ੍ਰਕਾਰ ਦੇ ਕੇਸਾਂ ਦੀ ਪਛਾਣ ਕੀਤੀ ਜਾ ਸਕੇ।
ਹੁਣ ਸਿਆਸੀ ਧਿਰਾਂ ਉਤੇ ਵਧੇਗੀ ਸਖਤੀ ਮੁੱਖ ਮੰਤਰੀ ਨੇ ਕਿਹਾ ਕਿ ਉਮੀਦ ਹੈ ਕਿ ਰਾਜਸੀ ਪਾਰਟੀਆਂ ਅਤੇ ਆਗੂਆਂ ਵੱਲੋਂ ਇਸ ਮਾਮਲੇ ‘ਚ ਸਹਿਯੋਗ ਕੀਤਾ ਜਾਵੇਗਾ ਪਰ ਉਨ੍ਹਾਂ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਨਿਰਦੇਸ਼ ਵੀ ਦਿੱਤੇ ਕਿ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਜਾਰੀ ਕੀਤੇ ਜਾਣ। ਡੀ.ਜੀ.ਪੀ. ਨੂੰ ਕੋਵਿਡ ਨਿਯਮਾਂ ਦੀ ਉਲੰਘਣਾ ਕਰ ਕੇ ਰੈਲੀਆਂ ਤੇ ਰੋਸ ਮੀਟਿੰਗਾਂ ਕਰਨ ਵਾਲੀਆਂ ਸਾਰੀਆਂ ਰਾਜਸੀ ਪਾਰਟੀਆਂ ਦੇ ਚਲਾਨ ਕਰਨ ਲਈ ਕਿਹਾ ਗਿਆ ਹੈ।ਮੁੱਖ ਮੰਤਰੀ ਨੇ ਪੰਜਾਬ ਵਿਚ ਕੋਵੀਸ਼ੀਲਡ ਮੁੱਕਣ ਅਤੇ ਕੋਵੈਕਸੀਨ ਦੇ ਸਿਰਫ ਇਕ ਦਿਨ ਦੇ ਬਚੇ ਸਟਾਕ ਦੀ ਸਥਿਤੀ ਨੂੰ ਵੇਖਦਿਆਂ ਮੁੜ ਕੇਂਦਰ ਵੱਲੋਂ ਵੈਕਸੀਨ ਦੀ ਸਪਲਾਈ ਵਧਾਏ ਜਾਣ ਦੀ ਲੋੜ ‘ਤੇ ਜੋਰ ਦਿੱਤਾ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਪਹਿਲਾਂ ਹੀ 83 ਲੱਖ ਦੇ ਕਰੀਬ ਯੋਗ ਵਿਅਕਤੀਆਂ (ਕੁੱਲ ਅਬਾਦੀ ਦਾ 27 ਫੀਸਦੀ ਦੇ ਕਰੀਬ) ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।
ਜਲਦ ਜਾਰੀ ਕੀਤੇ ਜਾਣਗੇ ਚੈੱਕ ਚੰਡੀਗੜ੍ਹ, 14 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਲਈ ਖੇਤੀ ਕਰਜ਼ਾ ਸਕੀਮ ਤਹਿਤ 590 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਹੈ, ਜਿਸ ਨਾਲ ਮੁੱਖ ਮੰਤਰੀ ਵਲੋਂ ਆਪਣੀ ਸਰਕਾਰ ਦੇ ਇਕ ਹੋਰ ਪ੍ਰਮੁੱਖ ਵਾਅਦੇ ਨੂੰ ਪੂਰਾ ਕੀਤੇ ਜਾਣ ਦਾ ਰਾਹ ਪੱਧਰਾ ਹੋ ਗਿਆ ਹੈ | ਅੱਜ ਹੋਈ ਉੱਚ-ਪੱਧਰੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਇਹ ਚੈੱਕ ਜਾਰੀ ਕੀਤੇ ਜਾਣਗੇ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਾਇਮਰੀ ਸਹਿਕਾਰੀ ਸਭਾਵਾਂ ਦੇ 2,85,325 ਮੈਂਬਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ, ਜਿਸ ਨਾਲ ਹਰੇਕ ਮੈਂਬਰ ਨੂੰ 20,000 ਦੀ ਰਾਹਤ ਮੁਹੱਈਆ ਹੋਵੇਗੀ | ਉਨ੍ਹਾਂ ਵਿੱਤ ਅਤੇ ਸਹਿਕਾਰਤਾ ਵਿਭਾਗਾਂ ਨੂੰ ਇਸ ਫ਼ੈਸਲੇ ਨੂੰ ਜ਼ਮੀਨੀ ਪੱਧਰ ‘ਤੇ ਕਾਰਗਰ ਢੰਗ ਨਾਲ ਅਮਲ ‘ਚ ਲਿਆਉਣ ਲਈ ਪ੍ਰਕਿਰਿਆ ਨੂੰ ਅਮਲੀਜਾਮਾ ਪਹਿਨਾਉਣ ਦੇ ਆਦੇਸ਼ ਦਿੱਤੇ ਹਨ |
ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ-2019 ਤਹਿਤ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਮੈਬਰਾਂ ਲਈ ਕਰਜ਼ਾ ਰਾਹਤ ਸਕੀਮ ਉਲੀਕੀ ਸੀ ਜਿਸ ਦੇ ਘੇਰੇ ਹੇਠ ਸੂਬੇ ‘ਚ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਵਲੋਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਦਿੱਤੇ ਗੈਰ-ਵਾਹੀਯੋਗ ਕਰਜ਼ੇ ਸ਼ਾਮਿਲ ਹੋਣਗੇ | ਕੈਪਟਨ ਅਮਰਿੰਦਰ ਸਿੰਘ ਨੇ ਇਹ ਐਲਾਨ ਮੁੱਖ ਮੰਤਰੀ ਦੇ ਪ੍ਰਮੁੱਖ ਪ੍ਰੋਗਰਾਮ ‘ਕਰਜ਼ਾ ਰਾਹਤ ਸਕੀਮ’ ਦੇ ਹੇਠ ਕਿਸਾਨਾਂ ਦੇ ਕਰਜ਼ਿਆਂ ਉਤੇ ਲੀਕ ਫੇਰਨ ਤੋਂ ਬਾਅਦ ਕੀਤਾ ਗਿਆ ਹੈ | ਪੰਜਾਬ ਕਾਂਗਰਸ ਵਲੋਂ ਸਾਲ 2017 ਵਿਚ ਕਰਜ਼ਾ ਮੁਆਫੀ ਦਾ ਚੋਣ ਵਾਅਦਾ ਕੀਤਾ ਗਿਆ ਸੀ ਜਿਸ ਤਹਿਤ ਇਸ ਸਕੀਮ ਹੇਠ ਹੁਣ ਤੱਕ 5.64 ਲੱਖ ਕਿਸਾਨਾਂ ਦਾ 4624 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ | ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ 50-50 ਹਜ਼ਾਰ ਰੁਪਏ ਦੇ ਕਰਜ਼ੇ ਮੁਆਫ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿਚ ਐਸ.ਸੀ. ਕਾਰਪੋਰੇਸ਼ਨ ਵਲੋਂ 6405 ਲਾਭਪਾਤਰੀਆਂ ਦੇ 58.39 ਕਰੋੜ ਰੁਪਏ ਜਦਕਿ ਬੀ.ਸੀ. ਕਾਰਪੋਰੇਸ਼ਨ ਵਲੋਂ 1225 ਲਾਭਪਾਤਰੀਆਂ ਨੂੰ 20.71 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਿੱਤੀ ਗਈ | ਮੀਟਿੰਗ ‘ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਕੇ. ਸਿਵਾ ਪ੍ਰਸਾਦ ਹਾਜ਼ਰ ਸਨ