ਕਾਂਗਰਸੀ ਆਗੂਆਂ ਦੇ ਭਾਜਪਾ ਵਿਚ ਸ਼ਾਮਲ ਹੋਣ ਪਿੱਛੇ ਕੈਪਟਨ ਦਾ ਹੱਥ ਹੋ ਸਕਦੈ: ਆਪ

ਕਾਂਗਰਸੀ ਆਗੂਆਂ ਦੇ ਭਾਜਪਾ ਵਿਚ ਸ਼ਾਮਲ ਹੋਣ ਪਿੱਛੇ ਕੈਪਟਨ ਦਾ ਹੱਥ ਹੋ ਸਕਦੈ: ਆਪ

ਚੰਡੀਗੜ੍ਹ  : ਪੰਜਾਬ ਵਿਚ ਸਾਲ 2017 ਤੋਂ 2022 ਤੱਕ ਕਾਂਗਰਸ ਦੇ ਮੰਤਰੀ ਰਹੇ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਸ਼ਾਮ ਸੁੰਦਰ ਅਰੋੜਾ, ਡਾ. ਰਾਜ ਕੁਮਾਰ ਵੇਰਕਾ, ਕੇਵਲ ਸਿੰਘ ਢਿੱਲੋਂ, ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਉਰਫ਼ ਜੀਤੀ ਸਿੱਧੂ, ਅਕਾਲੀ ਦਲ ਦੀ ਸਾਬਕਾ ਮੰਤਰੀ ਮਹਿੰਦਰ ਕੌਰ ਜੋਸ਼ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹਾਜ਼ਰੀ ’ਚ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਧਰ, ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਏ ਕਾਂਗਰਸ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਸ਼ਾਮ ਸੁੰਦਰ ਅਰੋੜਾ, ਰਾਜ ਕੁਮਾਰ ਵੇਰਕਾ ਅਤੇ ਵਿਧਾਇਕ ਕੇਵਲ ਸਿੰਘ ਢਿੱਲੋਂ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਘਿਰੇ ਰਹੇ ਹਨ। ਉਨ੍ਹਾਂ ਕਿਹਾ ਕਿ ਬਲਬੀਰ ਸਿੰਘ ਸਿੱਧੂ ’ਤੇ ਜ਼ਮੀਨਾਂ ਉਤੇ ਕਬਜ਼ਾ ਕਰਨ ਤੇ ਰੇਤ ਮਾਫ਼ੀਆ ਨੂੰ ਪਨਾਹ ਦੇਣ ਦੇ ਦੋਸ਼ ਵੀ ਲੱਗਦੇ ਰਹੇ ਹਨ। ਇਸ ਤੋਂ ਇਲਾਵਾ ਕਰੋਨਾ ਦੀਆਂ ਕਿੱਟਾਂ ਦੀ ਖ਼ਰੀਦ ਵਿਚ ਵੀ ਹੇਰਾਫੇਰੀ ਦੇ ਦੋਸ਼ ਲੱਗੇ ਸਨ।ਕੰਗ ਨੇ ਕਿਹਾ ਕਿ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ’ਤੇ ਵੀ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀਐਸਆਈਈਸੀ) ਦੀ ਮੁਹਾਲੀ ਵਿਚ 31 ਏਕੜ ਜ਼ਮੀਨ ਇੱਕ ਪ੍ਰਾਈਵੇਟ ਡੀਲਰ ਨੂੰ ਘਾਟੇ ’ਚ ਵੇਚਣ ਦੇ ਕਥਿਤ ਦੋਸ਼ ਲੱਗੇ ਸਨ।ਇਸੇ ਤਰ੍ਹਾਂ ਗੁਰਪ੍ਰੀਤ ਸਿੰਘ ਕਾਂਗੜ ਸਣੇ ਹੋਰਨਾਂ ਕਾਂਗਰਸੀ ਆਗੂਆਂ ’ਤੇ ਵੀ ਮਾਫੀਆ ਰਾਜ ਦੀ ਪੁਸ਼ਤਪਨਾਹੀ ਕਰਨ ਦੇ ਦੋਸ਼ ਲੱਗਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਆਪਣੇ ਗੁਨਾਹਾਂ ਨੂੰ ਲੁਕੋਣ ਲਈ ਭਾਜਪਾ ਦੀ ਪਨਾਹ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ‘ਆਪ’ ਸਰਕਾਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰੇ ਹਰ ਮੰਤਰੀ, ਵਿਧਾਇਕ ਤੇ ਵਿਅਕਤੀ ਖ਼ਿਲਾਫ਼ ਕਾਰਵਾਈ ਕਰੇਗੀ। ‘ਆਪ’ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਰਾਜ ਦੌਰਾਨ ਕਈ ਭ੍ਰਿਸ਼ਟ ਮੰਤਰੀਆਂ ਦੀਆਂ ਫਾਈਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਵਾਲੇ ਕਰਨ ਦਾ ਦਾਅਵਾ ਕਰ ਰਹੇ ਸਨ, ਪਰ ਉਹ ਫਾਈਲਾਂ ਰਾਹ ਵਿੱਚ ਹੀ ਰੁਕ ਗਈਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਪਿੱਛੇ ਕੈਪਟਨ ਅਮਰਿੰਦਰ ਸਿੰਘ ਵੀ ਹੋ ਸਕਦੇ ਹਨ ਜਿਨ੍ਹਾਂ ਸ਼ਾਇਦ ਭ੍ਰਿਸ਼ਟ ਮੰਤਰੀਆਂ ਦੀਆਂ ਫਾਈਲਾਂ ਪੰਜਾਬ ਸਰਕਾਰ ਨੂੰ ਦੇਣ ਦੀ ਥਾਂ ਭਾਜਪਾ ਨੂੰ ਦੇ ਦਿੱਤੀਆਂ ਹੋਣਗੀਆਂ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਾਂਗਰਸ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਡਰੇ ਹੋਏ ਸਨ ਅਤੇ ਸੁਰੱਖਿਅਤ ਸਿਆਸੀ ਸ਼ਰਨ ਚਾਹੁੰਦੇ ਹਨ, ਜੋ ਭਾਜਪਾ ਨੇ ਉਨ੍ਹਾਂ ਨੂੰ ਦਿੱਤੀ ਹੈ।

ਰਾਮਪੁਰਾ ਫੂਲ- ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਆਪਣੇ ਹੋਰਨਾਂ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਰਤੀਆਂ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਸਾਬਕਾ ਮੰਤਰੀ ਕਾਂਗੜ ਦੇ ਕਾਂਗਰਸ ਛੱਡਣ ਤੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦੇ ਹੋਏ ਕਿਹਾ ਕਾਂਗਰਸ ਪਾਰਟੀ ਦਾ ਉਕਤ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪਿਛਲੀ ਸਰਕਾਰ ਦੌਰਾਨ ਮਾਲ ਮੰਤਰੀ ਹੁੰਦੇ ਹੋਏ ਭ੍ਰਿਸ਼ਟਾਚਾਰ ਦੀਆਂ ਹੱਦਾਂ ਪਾਰ ਕੀਤੀਆਂ ਤੇ ਜਿਸ ਕਾਰਨ ਉਹਨਾਂ ਨੂੰ ਕਾਂਗਰਸ ਪਾਰਟੀ ਦੀ ਹਾਈਕਮਾਂਡ ਨੇ ਚੋਣਾਂ ਤੋਂ ਪਹਿਲਾਂ ਕੈਬਨਿਟ ਮੰਤਰੀ ਦਾ ਅਹੁਦਾ ਖੋ ਕੇ ਫਾਰਗ ਕਰ ਦਿੱਤਾ ਸੀ, ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਬਿਆਨ ਜਾਰੀ ਕਰਦਿਆਂ ਕਿਹਾ ਸੀ ਕਿ ਉਹ ਆਪਣੀ ਸਰਕਾਰ ਦੇ ਕੁੱਝ ਭ੍ਰਿਸ਼ਟਾਚਾਰ ‘ਚ ਲਿਪਤ ਸਾਬਕਾ ਮੰਤਰੀਆਂ ਦੀਆਂ ਫਾਇਲਾਂ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪੇਗਾ ਇਸੇ ਡਰੋਂ ਹੀ ਆਪਣੇ ਕਾਲੇ ਕਾਰਨਾਮਿਆਂ ਨੂੰ ਛੁਪਾਉਣ ਲਈ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਿਆਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਹਲਕੇ ਦੇ ਲੋਕਾ ਦਾ ਨਕਾਰਿਆ ਹੋਇਆ ਸਾਬਕਾ ਮੰਤਰੀ ਕਾਂਗੜ ਇਸ ਵਾਰ ਆਪਣੀ ਜ਼ਮਾਨਤ ਹੀ ਮਸਾਂ ਬਚਾ ਸਕਿਆ ਤੇ ਕਾਂਗੜ ਨੂੰ ਰਾਮਪੁਰਾ ਫੂਲ ਦੇ ਲੋਕਾਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ।ਉਹਨਾਂ ਕਿਹਾ ਕਿ ਮੌਕਾ ਪ੍ਰਸਤੀ ਤੇ ਪਾਰਟੀਆਂ ਬਦਲਣ ਦਾ ਮਾਹਰ ਗੁਰਪ੍ਰੀਤ ਕਾਂਗੜ ਹੁਣ ਆਪਣੀ ਖੁਸੀ ਹੋਈ ਸਿਆਸੀ ਜ਼ਮੀਨ ਤਲਾਸ ਰਿਹਾ ਪਰ ਹਲਕੇ ਦੇ ਲੋਕ ਹੁਣ ਮੂੰਹ ਨਹੀਂ ਲਗਾਉਣਗੇ। ਉਹਨਾਂ ਕਿਹਾ ਕਿ ਪਿਛਲੀ ਸਰਕਾਰ ਸਮੇਂ ਭ੍ਰਿਸ਼ਟਾਚਾਰ ਕਰਨ ਵਾਲੇ ਸਾਬਕਾ ਕਾਂਗਰਸੀ ਵਿਧਾਇਕਾਂ ਅਤੇ ਸਾਬਕਾ ਕਾਂਗਰਸੀ ਮੰਤਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

Leave a Reply

Your email address will not be published.