ਕਿਸਾਨ ਅੰਦੋਲਨ ਦੌਰਾਨ ਚਰਚਾ ‘ਚ ਆਏ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ‘ਚ ਮੌਤ

ਕਿਸਾਨ ਅੰਦੋਲਨ ਦੌਰਾਨ ਚਰਚਾ ‘ਚ ਆਏ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ‘ਚ ਮੌਤ

ਪਿਛਲੇ ਸਾਲ ਗਣਤੰਤਰ ਦਿਵਸ ਮੌਕੇ ਲਾਲ ਕਿਲੇ ’ਤੇ ਹੋਈ ਹਿੰਸਾ ਤੋਂ ਸੁਰਖੀਆਂ ਵਿਚ ਆਏ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ।

ਇਹ ਪਤਾ ਲੱਗਾ ਹੈ ਕਿ ਉਹ ਆਪ ਹੀ ਜੀਪ ਚਲਾ ਰਿਹਾ ਸੀ ਜੋ ਖੜ੍ਹੇ ਟਰਾਲੇ ਨਾਲ ਜਾ ਟਕਰਾਈ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਵੇਲੇ ਉਸ ਨਾਲ ਕਾਰ ਵਿਚ ਇਕ ਲੜਕੀ ਵੀ ਸਵਾਰ ਸੀ ਜਿਸ ਦੇ ਵੀ ਸੱਟਾਂ ਲੱਗੀਆਂ ਹਨ। ਇਹ ਹਾਦਸਾ ਰਾਤ ਨੌਂ ਵਜੇ ਦੇ ਕਰੀਬ ਕੁੰਡਲੀ-ਮਾਨੇਸਰ ਐਕਸਪ੍ਰੈਸ ਵੇਅ ਨੇੜੇ ਹੋਇਆ। ਉਹ ਦਿੱਲੀ ਤੋਂ ਪੰਜਾਬ ਜਾ ਰਹੇ ਸਨ। ਜ਼ਿਕਰਯੋਗ ਹੈ ਕਿ ਦੀਪ ਸਿੱਧੂ ਨੇ ਦਿੱਲੀ ਦੀ ਹੱਦ ’ਤੇ ਚੱਲੇ ਕਿਸਾਨ ਅੰਦੋਲਨ ਵਿਚ ਵੀ ਅਹਿਮ ਭੂਮਿਕਾ ਨਿਭਾਈ ਸੀ ਤੇ ਉਹ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਲਈ ਪੰਜਾਬ ਵਿਚ ਪ੍ਰਚਾਰ ਕਰ ਰਿਹਾ ਸੀ।

ਅਪਰੈਲ 1984 ਵਿੱਚ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਵਿੱਚ ਜਨਮੇ ਦੀਪ ਸਿੱਧੂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਮਾਡਲਿੰਗ ਨਾਲ ਕੀਤੀ ਸੀ। ਉਸ ਨੇ ਕਾਨੂੰਨ ਦੀ ਪੜ੍ਹਾਈ ਕੀਤੀ ਤੇ ਉਹ ਕਿੰਗਫਿਸ਼ਰ ਮਾਡਲ ਹੰਟ ਦਾ ਜੇਤੂ ਵੀ ਰਿਹਾ। ਉਸ ਨੇ ਮਿਸਟਰ ਇੰਡੀਆ ਮੁਕਾਬਲੇ ਵਿੱਚ ਮਿਸਟਰ ਪਰਸਨੈਲਿਟੀ ਦਾ ਖਿਤਾਬ ਵੀ ਜਿੱਤਿਆ। ਉਸ ਦੀ ਪਹਿਲੀ ਪੰਜਾਬੀ ਫਿਲਮ ‘ਰਮਤਾ ਜੋਗੀ’ ਸਾਲ 2015 ’ਚ ਰਿਲੀਜ਼ ਹੋਈ ਸੀ। ਹਾਲਾਂਕਿ ਦੀਪ ਨੇ 2018 ਦੀ ਫਿਲਮ ‘ਜੋਰਾ ਦਾਸ ਨੰਬਰੀਆ’ ਨਾਲ ਨਾਮਣਾ ਖੱਟਿਆ ਸੀ ਜਿਸ ਵਿੱਚ ਉਸ ਨੇ ਗੈਂਗਸਟਰ ਦੀ ਭੂਮਿਕਾ ਨਿਭਾਈ ਸੀ।

Leave a Reply

Your email address will not be published.