ਗਿਆਨੀ ਜ਼ੈਲ ਸਿੰਘ ਦਾ ਪੋਤਰਾ ਇੰਦਰਜੀਤ ਸਿੰਘ ਭਾਜਪਾ ‘ਚ ਸ਼ਾਮਿਲ

ਨਵੀਂ ਦਿੱਲੀ / ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦਾ ਪੋਤਰਾ ਇੰਦਰਜੀਤ ਸਿੰਘ ਅੱਜ ਭਾਰਤੀ ਜਨਤਾ ਪਾਰਟੀ ‘ਚ ਸ਼ਾਮਿਲ ਹੋ ਗਿਆ।

ਦਿੱਲੀ ਵਿਖੇ ਭਾਜਪਾ ਦੇ ਮੁੱਖ ਦਫ਼ਤਰ ‘ਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਇੰਦਰਜੀਤ ਸਿੰਘ ਨੂੰ ਭਾਜਪਾ ਦੀ ਮੈਂਬਰਸ਼ਿਪ ਦਿਵਾਈ। ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਤੇ ਪੰਜਾਬ ਦੇ ਇੰਚਾਰਜ ਦੁਸ਼ਿਅੰਤ ਗੌਤਮ, ਸੰਸਦ ਮੈਂਬਰ ਅਨਿਲ ਬਲੂਨੀ ਤੇ ਰਾਸ਼ਟਰੀ ਬੁਲਾਰਾ ਆਰ.ਪੀ. ਸਿੰਘ ਵੀ ਮੌਜੂਦ ਸਨ। ਭਾਜਪਾ ਦੀ ਮੈਂਬਰਸ਼ਿਪ ਹਾਸਲ ਕਰਨ ਉਪਰੰਤ ਇੰਦਰਜੀਤ ਸਿੰਘ ਨੇ ਕਿਹਾ ਕਿ ਲੰਮੇ ਸਮੇਂ ਬਾਅਦ ਉਨ੍ਹਾਂ ਦੇ ਦਾਦਾ ਜੀ ਗਿਆਨੀ ਜ਼ੈਲ ਸਿੰਘ ਦੀ ਮਨੋਕਾਮਨਾ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਕਾਂਗਰਸ ਨੇ ਉਨ੍ਹਾਂ ਨਾਲ ਸਲੂਕ ਕੀਤਾ ਅਤੇ ਉਨ੍ਹਾਂ ਦਾ ਦਿਲ ਦੁਖਾਇਆ, ਉਸ ਸਬੰਧੀ ਸਾਰੇ ਜਾਣਦੇ ਹਨ। ਕਾਂਗਰਸ ਨੇ ਗਿਆਨੀ ਜੀ ਨੂੰ ਉਹ ਸਨਮਾਨ ਨਹੀਂ ਦਿੱਤਾ ਜਿਸ ਦੇ ਉਹ ਹੱਕਦਾਰ ਸੀ। ਇੰਦਰਜੀਤ ਸਿੰਘ ਨੇ ਕਿਹਾ ਪਾਰਟੀ ਵਲੋਂ ਮਿਲੀ ਹਰ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੇਰੇ ਦਾਦਾ ਜੀ ਦੀ ਇੱਛਾ ਸੀ ਕਿ ਮੈਂ ਕਾਂਗਰਸ ਦੀ ਜਗ੍ਹਾ ਭਾਜਪਾ ‘ਚ ਸ਼ਾਮਿਲ ਹੋਵਾਂ। ਉਨ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀਆਂ ਕਈ ਮਹੱਤਵਪੂਰਨ ਯੋਜਨਾਵਾਂ ਨੂੰ ਲਾਗੂ ਨਹੀਂ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਕਈ ਸਮਰਥਕ ਵੀ ਭਾਜਪਾ ‘ਚ ਸ਼ਾਮਿਲ ਹੋਏ। ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਇੰਦਰਜੀਤ ਸਿੰਘ ਦੇ ਸ਼ਾਮਿਲ ਹੋਣ ਨਾਲ ਸਾਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ।

Leave a Reply

Your email address will not be published. Required fields are marked *