ਅੰਮ੍ਤਿਸਰ / ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ |
ਗੁਰਦੁਆਰਾ ਰਾਮਸਰ ਸਾਹਿਬ ਵਾਲੇ ਰਮਣੀਕ ਅਸਥਾਨ ‘ਤੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਨ੍ਹ 1604 ਈਸਵੀ ‘ਚ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕੀਤੀ ਸੀ ਤੇ ਪਾਵਨ ਸਰੂਪ ਤਿਆਰ ਹੋਣ ਉਪਰੰਤ ਇਸ ਨੂੰ ਨਗਰ ਕੀਰਤਨ ਦੇ ਰੂਪ ‘ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਜਾ ਕੇ ਇਸ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ ਸੀ ਤੇ ਪਹਿਲਾ ਮੱੁਖ ਗ੍ਰੰਥੀ ਬਾਬਾ ਬੁੱਢਾ ਜੀ ਨੂੰ ਨਿਯੁਕਤ ਕੀਤਾ ਗਿਆ ਸੀ | ਅੱਜ ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀਆਂ | ਨਗਰ ਕੀਰਤਨ ‘ਚ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸਮੇਤ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ |
ਪਾਠ ਦੇ ਭੋਗ ਉਪਰੰਤ ਸਵੇਰੇ 7 ਵਜੇ ਦੇ ਕਰੀਬ ਗੁਰਦੁਆਰਾ ਰਾਮਸਰ ਸਾਹਿਬ ਤੋਂ ਸਜਾਏ ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗਿਆਨੀ ਜਗਤਾਰ ਸਿੰਘ ਨੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੱਤੀ | ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਦੇ ਸਿਧਾਂਤਾਂ ‘ਤੇ ਪਹਿਰਾ ਦੇਣ ਦੀ ਅਪੀਲ ਕੀਤੀ | ਇਸੇ ਦੌਰਾਨ ਬੀਬੀ ਜਗੀਰ ਕੌਰ ਵਲੋਂ ਵੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਪਾਵਨ ਗੁਰਬਾਣੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਅਪੀਲ ਕੀਤੀ ਗਈ | ਨਗਰ ਕੀਰਤਨ ‘ਚ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ, ਸ਼ਬਦੀ ਜਥੇ ਗੁਰਬਾਣੀ ਗਾਇਣ ਕਰਦਿਆਂ ਤੇ ਗਤਕਾ ਪਾਰਟੀਆਂ ਖ਼ਾਲਸਾਈ ਸ਼ਸਤਰ ਕਲਾ ਦੇ ਜੌਹਰ ਦਿਖਾਉਂਦਿਆਂ ਹੋਈਆਂ ਚੱਲ ਰਹੀਆਂ ਸਨ | ਨਗਰ ਕੀਰਤਨ ਰਾਮਸਰ ਰੋਡ, ਚੌਕ ਕਰੋੜੀ, ਚੌਕ ਬਾਬਾ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਤੋਂ ਹੁੰਦਿਆਂ ਹੋਇਆਂ ਸ੍ਰੀ ਹਰਿਮੰਦਰ ਸਾਹਿਬ ਪੁੱਜਾ, ਜਿਥੇ ਸਿੰਘ ਸਾਹਿਬਾਨ ਵਲੋਂ ਸੰਪੂਰਨਤਾ ਦੀ ਅਰਦਾਸ ਕੀਤੀ ਗਈ |