ਚੰਡੀਗੜ੍ਹ : ਚੰਡੀਗੜ੍ਹ ਚ ਪੰਜਾਬ ਅਤੇ ਹਰਿਆਣਾ ਦੀ ਵੱਖਰੀ ਵੱਖਰੀ ਵਿਧਾਨ ਸਭਾ ਦੇ ਮੁੱਦੇ ਤੇ ਸਿਆਸਤ ਭੱਖਦੀ ਨਜ਼ਰ ਆ ਰਹਿ ਹੈ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਬੇਨਤੀ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਇੱਕ ਵਾਧੂ ਵਿਧਾਨ ਸਭਾ ਇਮਾਰਤ ਲਈ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਹਰਿਆਣਾ ਲਈ ਵਿਧਾਨ ਸਭਾ ਬਣਾਉਣ ਨੂੰ ਮਨਜ਼ੂਰੀ ਦਿੱਤੇ ਜਾਣ ਤੇ ਸੀਐਮ ਮਨਹੋਰ ਲਾਲ ਖੱਟਰ ਨੇ ਧੰਨਵਾਦ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਇਮਾਰਤ ਦੀ ਸਾਡੀ ਮੰਗ ਨੂੰ ਪੂਰਾ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਨੇ ਚੰਡੀਗੜ੍ਹ ਵਿਚ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਮੈਂ ਸਾਰੇ ਹਰਿਆਣਾ ਵਾਸੀਆਂ ਵੱਲੋਂ ਗ੍ਰਹਿ ਮੰਤਰੀ ਜੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਦੱਸ ਦੇਈਏ ਕਿ ਹਰਿਆਣਾ ਸਰਕਾਰ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਵੱਖਰੀ ਵਿਧਾਨ ਸਭਾ ਬਣਾਏ ਜਾਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਕਿ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਮਨਜ਼ੂਰੀ ਦੇ ਦਿੱਤੀ ਗਈ ਹੈ।
ਦੂਜੇ ਪਾਸੇ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਇਮਾਰਤ ਬਣਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਜ਼ਮੀਨ ਦੇਣ ਦਾ ਐਲਾਨ ਕਰਨ ਤੋਂ ਬਾਅਦ ਪੰਜਾਬ ਨੇ ਵੀ ਕੇਂਦਰ ਸਰਕਾਰ ਅੱਗੇ ਪੰਜਾਬ ਲਈ ਵੀ ਆਪਣੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕਰਨ ਦੀ ਮੰਗ ਰੱਖੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਰਿਆਣਾ ਦੀ ਤਰਜ ‘ਤੇ ਸਾਡੇ ਪੰਜਾਬ ਲਈ ਵੀ ਆਪਣੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕੀਤੀ ਜਾਵੇ। ਸੀ.ਐੱਮ. ਮਾਨ ਨੇ ਕਿਹਾ ਕਿ ਲੰਮੇ ਸਮੇਂ ਤੋਂ ਮੰਗ ਹੈ ਕਿ ਪੰਜਾਬ-ਹਰਿਆਣਾ ਹਾਈਕੋਰਟ ਨੂੰ ਵੱਖ-ਵੱਖ ਕੀਤਾ ਜਾਵੇ, ਇਸ ਦੇ ਲਈ ਵੀ ਕਿਰਪਾ ਕਰਕੇ ਕੇਂਦਰ ਸਰਕਾਰ ਚੰਡੀਗੜ੍ਹ ਵਿੱਚ ਜ਼ਮੀਨ ਮੁਹੱਈਆ ਕਰਵਾਏ।ਉਥੇ ਹੀ ਕਾਂਗਰਸ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਵੀ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਹ ਚੰਡੀਗੜ੍ਹ ਤੋਂ ਬਾਹਰ ਬਣਾਇਆ ਜਾਣਾ ਚਾਹੀਦਾ ਹੈ। ਕਿਉਂਕਿ ਚੰਡੀਗੜ੍ਹ ਪੰਜਾਬ ਨਾਲ ਸਬੰਧਤ ਹੈ ਅਤੇ ਪੰਜਾਬ ਨੂੰ ਹੀ ਸੌਂਪਿਆ ਜਾਣਾ ਚਾਹੀਦਾ ਹੈ। ਦੱਸ ਦੇਈਏ ਕਿ ਹਰਿਆਣਾ ਸਰਕਾਰ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਵੱਖਰੀ ਵਿਧਾਨ ਸਭਾ ਬਣਾਏ ਜਾਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਕਿ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਮਨਜ਼ੂਰੀ ਦੇ ਦਿੱਤੀ ਗਈ ਹੈ।