ਪ੍ਰਧਾਨਗੀ ਲਈ ਮਨੀਸ਼ ਤਿਵਾੜੀ ਅਤੇ ਪ੍ਰਿਥਵੀਰਾਜ ਚੌਹਾਨ ਵੀ ਠੋਕਣਗੇ ਤਾਲ!

ਨਵੀਂ ਦਿੱਲੀ : ਕਾਂਗਰਸ ਨੇ ਕੌਮੀ ਪ੍ਰਧਾਨ ਦੀਆਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਾਰੀ ਨੋਟੀਫਿਕੇਸ਼ਨ ਅਨੁਸਾਰ ਪ੍ਰਧਾਨਗੀ ਦੇ ਦਾਅਵੇਦਾਰ 24 ਤੋਂ 30 ਸਤੰਬਰ ਤੱਕ ਆਪਣੀ ਨਾਮਜ਼ਦਗੀ ਦਾਖ਼ਲ ਕਰਵਾ ਸਕਦੇ ਹਨ। ਪਰੰਤੂ ਹੁਣ ਇਸ ਨੂੰ ਲੈ ਕੇ ਮਾਹੌਲ ਭਖ ਗਿਆ ਹੈ ਕਿ ਕੌਣ ਕੌਣ ਆਪਣੇ ਆਪ ਨੂੰ ਪ੍ਰਧਾਨਗੀ ਦਾ ਦਾਅਵੇਦਾਰ ਮੰਨ ਰਿਹਾ ਹੈ। ਅਜਿਹੇ ‘ਚ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦੇ ਦਾਅਵੇਦਾਰਾਂ ਦੀ ਸੂਚੀ ‘ਚ ਨਾਂ ਲਗਾਤਾਰ ਸ਼ਾਮਲ ਹੋ ਰਹੇ ਹਨ। ਕਾਂਗਰਸ ਦੇ ਸੀਨੀਅਰ ਨੇਤਾ ਅਸ਼ੋਕ ਗਹਿਲੋਤ, ਸ਼ਸ਼ੀ ਥਰੂਰ ਤੋਂ ਬਾਅਦ ਹੁਣ ਮਨੀਸ਼ ਤਿਵਾੜੀ ਦਾ ਨਾਂ ਵੀ ਚਰਚਾ ‘ਚ ਆ ਗਿਆ ਹੈ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਇਸ ਵਾਰ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦੀ ਪੂਰੀ ਤਿਆਰੀ ਕਰ ਰਹੇ ਹਨ। ਪਾਰਟੀ ਸੂਤਰਾਂ ਦੀ ਮੰਨੀਏ ਤਾਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਵੀ ਪਾਰਟੀ ਪ੍ਰਧਾਨ ਦੀ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ। ਦੱਸਿਆ ਜਾਂਦਾ ਹੈ ਕਿ ਸੰਸਦ ਮੈਂਬਰ ਤਿਵਾੜੀ 24 ਸਤੰਬਰ ਦੀ ਰਾਤ ਨੂੰ ਦਿੱਲੀ ਪਹੁੰਚ ਰਹੇ ਹਨ। ਇਸ ਤੋਂ ਬਾਅਦ ਉਹ ਇਸ ਸਬੰਧੀ ਆਪਣੇ ਸਮਰਥਕਾਂ ਨਾਲ ਗੱਲਬਾਤ ਕਰਕੇ ਚੋਣ ਲੜਨ ਬਾਰੇ ਫੈਸਲਾ ਲੈਣਗੇ। ਮਨੀਸ਼ ਤਿਵਾੜੀ 5 ਸਾਲ ਤੱਕ ਐਨਐੱਸਯੂਆਈ ਅਤੇ 2 ਸਾਲ ਯੂਥ ਕਾਂਗਰਸ ਦੇ ਪ੍ਰਧਾਨ ਵੀ ਰਹੇ ਹਨ। ਇਸ ਦੇ ਨਾਲ ਹੀ ਮਹੱਤਵਪੂਰਨ ਗੱਲ ਇਹ ਹੈ ਕਿ ਉਹ ਜੀ-23 ਧੜੇ ਵਿੱਚ ਵੀ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਮਨੀਸ਼ ਤਿਵਾੜੀ ਦੇ ਨਾਲ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਸੀਐਮ ਪ੍ਰਿਥਵੀਰਾਜ ਚਵਾਨ ਵੀ ਕਾਂਗਰਸ ਪ੍ਰਧਾਨ ਦੀ ਚੋਣ ਵਿੱਚ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਦੇ ਨਾਂ ਦੀ ਚਰਚਾ ਵੀ ਤੇਜ਼ ਹੁੰਦੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਤਿੰਨ-ਚਾਰ ਦਿਨਾਂ ਵਿਚ ਕਈ ਹੋਰ ਨਾਂ ਸਾਹਮਣੇ ਆ ਸਕਦੇ ਹਨ ਜੋ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਦਾਅਵਾ ਕਰ ਸਕਦੇ ਹਨ। ਇਸ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਨਾਂ ਨਵੇਂ ਪ੍ਰਧਾਨ ਦੀ ਦੌੜ ਵਿੱਚ ਸਭ ਤੋਂ ਅੱਗੇ ਮੰਨਿਆ ਜਾ ਰਿਹਾ ਹੈ। ਰਾਹੁਲ ਗਾਂਧੀ ਚੋਣ ਲੜਨਗੇ ਜਾਂ ਨਹੀਂ ਇਸ ਨੂੰ ਲੈ ਕੇ ਅਜੇ ਭੰਬਲਭੂਸਾ ਬਣਿਆ ਹੋਇਆ ਹੈ। ਹਾਲਾਂਕਿ ਪਾਰਟੀ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ ਸਪੱਸ਼ਟ ਕੀਤਾ ਹੈ ਕਿ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਰਾਹੁਲ ਗਾਂਧੀ 24 ਤੋਂ 30 ਤੱਕ ਭਾਰਤ ਜੋੜੋ ਯਾਤਰਾ ‘ਚ ਰਹਿਣਗੇ।

Leave a Reply

Your email address will not be published.