ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਸੁਪਰੀਮ ਕੋਰਟ ਦੀ ਸੇਵਾਮੁਕਤ ਜੱਜ ਕਰੇਗੀ ਜਾਂਚ

ਨਵੀਂ ਦਿੱਲੀ / ਸੁਪਰੀਮ ਕੋਰਟ ਦੀ ਸੇਵਾਮੁਕਤ ਜੱਜ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਪੰਜ ਮੈਂਬਰੀ ਕਮੇਟੀ ਪੰਜਾਬ ਦੇ ਫ਼ਿਰੋਜ਼ਪੁਰ ‘ਚ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਦੇ ਮਾਮਲੇ ਦੀ ਜਾਂਚ ਕਰੇਗੀ।

ਸੁਪਰੀਮ ਕੋਰਟ ਵਲੋਂ ਗਠਿਤ ਕਮੇਟੀ ‘ਚ ਰਾਸ਼ਟਰੀ ਪੜਤਾਲੀਆ ਏਜੰਸੀ (ਐੱਨ.ਆਈ.ਏ.) ਦੇ ਆਈ[ਜੀ[, ਚੰਡੀਗੜ੍ਹ ਦੇ ਡੀ[ਜੀ[ਪੀ[, ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਜਨਰਲ ਤੇ ਪੰਜਾਬ ਦੇ ਵਧੀਕ ਡੀ[ਜੀ[ਪੀ[ (ਸੁਰੱਖਿਆ) ਸ਼ਾਮਿਲ ਹਨ। ਸੁਪਰੀਮ ਕੋਰਟ ਦੇ ਬੈਂਚ ਨੇ ਕਮੇਟੀ ਦੇ ਗਠਨ ਦਾ ਐਲਾਨ ਕਰਦਿਆਂ ਕਿਹਾ ਕਿ ਇਹ (ਪ੍ਰਧਾਨ ਮੰਤਰੀ ਦੀ ਸੁਰੱਖਿਆ ਦਾ) ਸਵਾਲ ਕਿਸੇ ਇਕਪਾਸੜ ਜਾਂਚ ‘ਤੇ ਨਹੀਂ ਛੱਡਿਆ ਜਾ ਸਕਦਾ। ਇਸ ਲਈ ਸਾਨੂੰ ਸੁਤੰਤਰ ਜਾਂਚ ਦੀ ਲੋੜ ਹੈ। ਸੁਪਰੀਮ ਕੋਰਟ ਨੇ ਪੰਜਾਬ ਤੇ ਹਾਈਕੋਰਟ ਦੇ ਰਜਿਸਟਰਾਰ ਜਨਰਲ ਨੂੰ ਪੰਜਾਬ ਸਰਕਾਰ ਵਲੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਕੀਤੇ ਬੰਦੋਬਸਤ ਨਾਲ ਸੰਬੰਧਿਤ ਸਾਰੇ ਜ਼ਬਤ ਦਸਤਾਵੇਜ਼ ਤੁਰੰਤ ਕਮੇਟੀ ਦੇ ਮੁਖੀ ਨੂੰ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਚੀਫ਼ ਜਸਟਿਸ ਐੱਨ[ਵੀ[ ਰਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਪੈਨਲ ਜਲਦ ਤੋਂ ਜਲਦ ਆਪਣੀ ਰਿਪੋਰਟ ਪੇਸ਼ ਕਰੇਗਾ।

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਤੱਕ ਮਾਮਲਾ ਪਹੁੰਚਣ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਸੇਵਾਮੁਕਤ ਜੱਜ ਮਹਿਤਾਬ ਗਿੱਲ ਦੀ ਅਗਵਾਈ ਹੇਠ ਇਕ ਜਾਂਚ ਕਮੇਟੀ ਦਾ ਗਠਨ ਕੀਤਾ ਸੀ, ਜਦਕਿ ਕੇਂਦਰ ਸਰਕਾਰ ਵਲੋਂ ਆਪਣੇ ਪੱਧਰ ‘ਤੇ ਇਕ ਜਾਂਚ ਕਮੇਟੀ ਦਾ ਗਠਨ ਕੀਤਾ ਸੀ। ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਕਮੇਟੀਆਂ ਦੀ ਜਾਂਚ ਰੋਕ ਦਿੱਤੀ ਸੀ। ਸੁਪਰੀਮ ਕੋਰਟ ਨੇ ਜਾਂਚ ਕਮੇਟੀ ਨੂੰ ਸੁਰੱਖਿਆ ‘ਚ ਕੁਤਾਹੀ ਦੇ ਕਾਰਨਾਂ, ਇਸ ਲਈ ਜ਼ਿੰਮੇਵਾਰ ਲੋਕਾਂ ਦਾ ਪਤਾ ਲਗਾਉਣ ਨੂੰ ਕਿਹਾ। ਇਸ ਦੇ ਨਾਲ ਕਮੇਟੀ ਨੂੰ ਪ੍ਰਧਾਨ ਮੰਤਰੀ ਸਮੇਤ ਹੋਰ ਸੁਰੱਖਿਆ ਪ੍ਰਾਪਤ ਲੋਕਾਂ ਲਈ ਸੁਰੱਖਿਆ ‘ਚ ਸੁਧਾਰ ਲਈ ਸੁਝਾਅ ਅਤੇ ਸਿਫ਼ਾਰਸ਼ਾਂ ਦੇਣ ਨੂੰ ਵੀ ਕਿਹਾ। ਹਾਲਾਂਕਿ ਸੁਪਰੀਮ ਕੋਰਟ ਵਲੋਂ ਰਿਪੋਰਟ ਸਪੁਰਦ ਕਰਨ ਲਈ ਕੋਈ ਵੀ ਸਮਾਂ ਹੱਦ ਨਿਸਚਿਤ ਨਹੀਂ ਕੀਤੀ ਗਈ ਪਰ ਕਮੇਟੀ ਨੂੰ ਛੇਤੀ ਤੋਂ ਛੇਤੀ ਰਿਪੋਰਟ ਸੌਂਪਣ ਲਈ ਕਿਹਾ ਹੈ।

ਚੰਨੀ, ਰੰਧਾਵਾ ਤੇ ਸਿੱਧੂ ਨੇ ਰਚੀ ਸੀ ਪ੍ਰਧਾਨ ਮੰਤਰੀ ਦੇ ਕਤਲ ਦੀ ਸਾਜਿਸ਼-ਮਜੀਠੀਆ ਚੰਡੀਗੜ੍ਹ / ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ‘ਅਜੀਤ’ ਨਾਲ ਗੱਲ ਕਰਦਿਆਂ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ‘ਚ ਹੋਈ ਅਣਗਹਿਲੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਵੱਡਾ ਦੋਸ਼ ਲਾਉਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਕਤਲ ਦੀ ਸਾਜਿਸ਼ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰਚੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਇਨ੍ਹਾਂ ਆਗੂਆਂ ਦੇ ਆਸ-ਪਾਸ ਦੇ ਲੋਕਾਂ, ਇਨ੍ਹਾਂ ਦੀ ਸੁਰੱਖਿਆ ‘ਚ ਲੱਗੇ ਅਮਲੇ ਦਾ ਮੋਬਾਈਲ ਡਾਟਾ ਤੇ ਇਨ੍ਹਾਂ ਦੀ ਲੋਕੇਸ਼ਨ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚ ਸਾਹਮਣੇ ਆ ਸਕੇ। ਇਨ੍ਹਾਂ ਦੇ ਸਾਰੇ ਰਿਕਾਰਡ ਸੀਲ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਤੇ ਕਾਂਗਰਸ ਪ੍ਰਧਾਨ ਦੇ ਸੜਕੀ ਰੂਟ ਬਦਲ ਜਾਂਦੇ ਹਨ ਤਾਂ ਫਿਰ ਪ੍ਰਧਾਨ ਮੰਤਰੀ ਦਾ ਕਿਉਂ ਨਹੀਂ ਬਦਲਿਆ ਗਿਆ। ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਵੱਲ ਪ੍ਰਧਾਨ ਮੰਤਰੀ ਨੂੰ ਜਾਣ ਬੁਝ ਕੇ ਸਾਜਿਸ਼ ਤਹਿਤ ਭੇਜਿਆ ਤੇ ਉਸ ਸਮੇਂ ਪੰਜਾਬ ਸਰਕਾਰ ਦੇ ਡੀ[ਜੀ[ਪੀ ਜੋ ਕਿ ਡੀ[ਜੀ[ਪੀ ਲੱਗਣ ਦੇ ਪੂਰੀ ਤਰ੍ਹਾਂ ‘ਅਨਫਿਟ’ ਸਨ, ਵੀ ਉਥੇ ਮੌਜੂਦ ਨਹੀਂ ਸਨ ਤੇ ਇਹ ਸਾਰਾ ਕੁਝ ਉਨ੍ਹਾਂ ਦੀ ਅਣਗਹਿਲੀ ਤੇ ਨਾਕਾਬਲੀਅਤ ਕਰਕੇ ਹੋਇਆ ਹੈ।

Leave a Reply

Your email address will not be published. Required fields are marked *