ਪੰਜਾਬ ਭਾਜਪਾ ਨੇ ਵੀ ਖੋਲਿਆ ਮਾਨ ਸਰਕਾਰ ਖਿਲਾਫ ਮੋਰਚਾ

ਪੰਜਾਬ ਵਿਚ ਬਿਜਲੀ ਦੇ ਮੁੱਦੇ ‘ਤੇ ਭਾਜਪਾ, ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਅੰਦੋਲਨ ਸ਼ੁਰੂ ਕਰੇਗੀ।

ਭਾਜਪਾ ਨੇ ਇਸੇ ਹਫਤੇ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਰੋਸ ਪ੍ਰਦਰਸ਼ਨ ਕਰੇਗੀ। ਇਹ ਜਾਣਕਾਰੀ ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਦਿੱਤੀ। ਉਨ੍ਹਾਂ ਨੇ ਕਿਹਾ ਅਸੀਂ ਲੋਕਾਂ ਨੂੰ ਅਪੀਲ ਕਰਾਂਗੇ ਕਿ 2 ਮਹੀਨਿਆਂ ‘ਚ 600 ਤੋਂ ਵੱਧ ਯੂਨਿਟ ਖਰਚ ਹੋਣ ਉਤੇ ਪੂਰਾ ਬਿੱਲ ਆਉਂਦਾ ਹੈ ਤਾਂ ਇਸ ਦਾ ਵਿਰੋਧ ਕਰੋ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਦੇਣ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਦੀ ਯੋਜਨਾ ਹੈ ਕਿ ਜੇਕਰ 2 ਮਹੀਨਿਆਂ ‘ਚ 600 ਯੂਨਿਟ ਤੋਂ ਵੱਧ ਬਿਜਲੀ ਖਰਚ ਹੋ ਜਾਵੇ ਤਾਂ ਪੂਰਾ ਬਿੱਲ ਵਸੂਲ ਕੀਤਾ ਜਾਵੇਗਾ। ਅਸੀਂ ਲੋਕਾਂ ਨੂੰ ਅਪੀਲ ਕਰਾਂਗੇ ਕਿ ਉਹ ਬਿੱਲ ਨਾ ਭਰਨ ਅਤੇ ਜੇਕਰ ਕੋਈ ਉਨ੍ਹਾਂ ਦਾ ਬਿਜਲੀ ਕੁਨੈਕਸ਼ਨ ਕੱਟਦਾ ਹੈ ਤਾਂ ਭਾਜਪਾ ਵਰਕਰ ਉਨ੍ਹਾਂ ਦਾ ਕੁਨੈਕਸ਼ਨ ਦੁਬਾਰਾ ਜੋੜ ਦੇਣਗੇ। ਅਸੀਂ ਬਿਜਲੀ ਵਿਭਾਗ ਨੂੰ ਖਪਤਕਾਰਾਂ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਣ ਦੇਵਾਂਗੇ। ਸੁਭਾਸ਼ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 24 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਪਰ ਸੂਬੇ ਵਿੱਚ ਕਈ-ਕਈ ਘੰਟੇ ਬਿਜਲੀ ਕੱਟ ਲੱਗ ਰਹੇ ਹਨ।

ਇਸ ਲਈ ਅਸੀਂ ਹੁਣ ਸੜਕ ‘ਤੇ ਉਤਰਾਂਗੇ। ਸੁਭਾਸ਼ ਸ਼ਰਮਾ ਨੇ ਕਿਹਾ ਕਿ ਹਾਈਕੋਰਟ ਨੇ ਕੁਮਾਰ ਵਿਸ਼ਵਾਸ ਦੇ ਮਾਮਲੇ ‘ਚ ਜੋ ਫੈਸਲਾ ਦਿੱਤਾ ਹੈ, ਉਹ ਪੰਜਾਬ ਸਰਕਾਰ ਦੇ ਮੂੰਹ ‘ਤੇ ਕਰਾਰੀ ਚਪੇੜ ਹੈ।ਭਗਵੰਤ ਮਾਨ ਨੂੰ ਇਸ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਅਜਿਹੀਆਂ ਹਰਕਤਾਂ ਤੋਂ ਬਚਣਾ ਚਾਹੀਦਾ ਹੈ। ਨਵਜੋਤ ਸਿੰਘ ਸਿੱਧੂ ਦੇ ਮਾਮਲੇ ‘ਤੇ ਸੁਭਾਸ਼ ਸ਼ਰਮਾ ਨੇ ਕਿਹਾ ਕਿ ਜਿਸ ਦਿਨ ਨਵਜੋਤ ਸਿੰਘ ਸਿੱਧੂ ਕਾਂਗਰਸ ‘ਚ ਗਏ ਸਨ, ਮੈਂ ਉਸੇ ਦਿਨ ਕਿਹਾ ਸੀ ਕਿ ਸਿੱਧੂ ਕਾਂਗਰਸ ਨੂੰ ਡੁਬੋ ਕੇ ਹੀ ਛੱਡਣਗੇ।ਸਿੱਖ ਕੈਦੀਆਂ ਦੀ ਰਿਹਾਈ ‘ਤੇ ਸੁਭਾਸ਼ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਮਾਮਲੇ ‘ਤੇ ਪਹਿਲਾਂ ਵੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ, ਪਰ ਦਿੱਲੀ ਸਰਕਾਰ ਨੇ ਅਜੇ ਤੱਕ ਕੋਈ ਕਦਮ ਨਹੀਂ ਚੁੱਕਿਆ। ਭਵਿੱਖ ਵਿੱਚ ਵੀ ਇਸ ਮਾਮਲੇ ਵਿੱਚ ਹਮਦਰਦੀ ਨਾਲ ਫੈਸਲਾ ਲਿਆ ਜਾਵੇਗਾ।

Leave a Reply

Your email address will not be published. Required fields are marked *