ਬਟਾਲਾ / ਸ੍ਰੀ ਗੁਰੂ ਨਾਨਕ ਦੇਵ ਜੀ ਦੇ 534ਵੇਂ ਵਿਆਹ ਪੁਰਬ ਸਬੰਧੀ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਖ਼ਾਲਸਾ ਪੰਥ ਦੇ ਰਵਾਇਤੀ ਜਾਹੋ-ਜਲਾਲ ਦੇ ਨਾਲ ਅੱਜ ਸਮਾਪਤ ਹੋ ਗਿਆ।
ਇਥੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਅਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਨਿਰਵਿਘਨ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਧਾਰਮਿਕ ਦੀਵਾਨਾਂ ‘ਚ ਰਾਗੀ, ਢਾਡੀ ਅਤੇ ਪ੍ਰਚਾਰਕਾਂ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮੁਢਲੇ ਉਪਦੇਸ਼ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਨੂੰ ਧਾਰਨ ਕਰਨ ‘ਤੇ ਜ਼ੋਰ ਦਿੱਤਾ। ਇਸ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਸਮਾਜ ਨੂੰ ਲਾਮਬੰਦ ਹੋਣ ਤੇ ਧਾਰਮਿਕ ਤੌਰ ‘ਤੇ ਪ੍ਰਪਕਤਾ ਦਾ ਸੁਨੇਹਾ ਦਿੰਦਿਆਂ ਧਾਰਮਿਕ ਬੁਲਾਰਿਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਫਲਸਫੇ ਦੀ ਅਜੋਕੇ ਵਿਸ਼ਵ ਪ੍ਰਸੰਗ ‘ਚ ਲੋੜ ਨੂੰ ਉਭਾਰਿਆ ਗਿਆ। ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ। ਰੌਸ਼ਨੀਆਂ ਜਗਾਈਆਂ ਗਈਆਂ।
ਸੰਗਤਾਂ ਵਲੋਂ ਵੱਖ-ਵੱਖ ਪਕਵਾਨਾਂ ਦੇ ਅਤੁੱਟ ਲੰਗਰ ਲਗਾਏ ਗਏ। ਇਸ ਮੌਕੇ ਧਾਰਮਿਕ, ਰਾਜਨੀਤਕ, ਸਮਾਜਿਕ ਅਤੇ ਲੱਖਾਂ ਦੀ ਤਾਦਾਦ ‘ਚ ਸੰਗਤ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਈ। ਤੜਕੇ ਸਵੇਰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ‘ਚ ਨਗਰ ਕੀਰਤਨ ਦੀ ਸ਼ੁਰੂਆਤ ਹੋਈ, ਜੋ ਵੱਖ-ਵੱਖ ਬਾਜ਼ਾਰਾਂ, ਮੁਹੱਲਿਆਂ ‘ਚੋਂ ਲੰਘਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸ੍ਰੀ ਕੰਧ ਸਾਹਿਬ ਪਹੁੰਚਿਆ। ਰਸਤੇ ‘ਚ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ। ਇਲਾਹੀ ਕੀਰਤਨ ਦੀ ਵੀ ਵਰਖਾ ਹੁੰਦੀ ਰਹੀ।
ਥਾਂ-ਥਾਂ ‘ਤੇ ਪੰਜ ਪਿਆਰਿਆਂ ਨੂੰ ਸਿਰੋਪਾ ਭੇਟ ਕਰਕੇ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ ਗਏ। ਨਗਰ ਕੀਰਤਨ ਦੇ ਦਰਸ਼ਨ ਕਰਨ ਵਾਲੀ ਸੰਗਤ ‘ਚ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਰਵੀਕਰਨ ਸਿੰਘ ਕਾਹਲੋਂ, ਸੁਖਬੀਰ ਸਿੰਘ ਵਾਹਲਾ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਰਮਨਦੀਪ ਸਿੰਘ ਸੰਧੂ, ਗੁਰਜੀਤ ਸਿੰਘ ਬਿਜਲੀਵਾਲ, ਲਖਵਿੰਦਰ ਸਿੰਘ ਘੁੰਮਣ, ਤਰਲੋਕ ਸਿੰਘ ਬਾਠ, ਸਮਸ਼ੇਰ ਸਿੰਘ ਸ਼ੇਰਾ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਗੁਰਨਾਮ ਸਿੰਘ ਜੱਸਲ, ਮੈਨੇਜਰ ਗੁਰਤਿੰਦਪਾਲ ਸਿੰਘ ਮੰਟੂ, ਮੈਨੇਜਰ ਦਵਿੰਦਰ ਸਿੰਘ ਬਾਜਵਾ, ਹਰਦਿਆਲ ਸਿੰਘ ਭਾਮ, ਮੰਗਲ ਸਿੰਘ ਸਮੇਤ ਦੇਸ਼-ਵਿਦੇਸ਼ ਤੋਂ ਸੰਗਤ ਸ਼ਾਮਿਲ ਹੋਈ।