ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਬੀ.ਐਸ.ਐਫ. ਨੂੰ ਸਰਹੱਦੀ ਸੂਬਿਆਂ ‘ਚ ਵਧੇੇਰੇ ਖੁਦਮੁਖਤਾਰੀ ਦੇਣ ਦੇ ਫੈਸਲੇ ਮਗਰੋਂ ਪੰਜਾਬ ਵਿਚ ਸਿਆਸੀ ਹਲਚਲ ਤੇਜ ਹੋ ਗਈ ਹੈ।
ਪੰਜਾਬ ਦੀਆਂ ਵੱਖ-ਵੱਖ ਰਾਜਨੀਤਕ ਪਾਰਟੀਆਂ ਨੇ ਇਸ ਫੈਸਲੇ ਦਾ ਵਿਰੋਧ ਕਰਦਿਆਂ ਇਕ ਦੂਜੇ ਨੂੰ ਹੀ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਰਾਜ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਕੇਂਦਰ ਸਰਕਾਰ ਨਾਲ ਗੰਢਤੁਪ ਕਰਨ ਤੇ ਮੋਦੀ ਸਰਕਾਰ ਅੱਗੇ ਗੋਡੇ ਟੇਕਣ ਦਾ ਦੋਸ਼ ਲਾਇਆ ਹੈ। ਉਧਰ, ਕਾਂਗਰਸ ਨੇ ਆਪਣੇ ਹੀ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸੇਧਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨਾਲ ਰਾਜ ਭਵਨ ਅੱਗੇ ਕੀਤੀ ਬੈਰੀਕੇਡਿੰਗ ਨੇੜੇ ਧਰਨਾ ਦੇਣ ਮਗਰੋਂ ਗ੍ਰਿਫਤਾਰੀ ਦੇ ਕੇ ਪੰਜਾਬੀਆਂ ਨਾਲ ਇਕਜੁੱਟਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੇਂਦਰ ਵੱਲੋਂ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਲਏ ਇਸ ਫੈਸਲੇ ਵਿਰੁਧ ਸੰਘਰਸ਼ ਕਰੇਗਾ।
ਗ੍ਰਿਫਤਾਰੀ ਤੋਂ ਪਹਿਲਾਂ ਅਕਾਲੀ ਦਲ ਦੇ ਆਗੂਆਂ ਦੀ ਚੰਡੀਗੜ੍ਹ ਪੁਲਿਸ ਨਾਲ ਤਿੱਖੀ ਬਹਿਸ ਵੀ ਹੋਈ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਦੂਜੀ ਵਾਰ ਹੈ ਜਦੋਂ ਲਗਾਤਾਰ ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਿਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਲਿਆ ਕੇ ਸੂਬੇ ਦੇ ਕਿਸਾਨਾਂ ਨਾਲ ਵਿਤਕਰਾ ਕੀਤਾ ਤੇ ਹੁਣ ਕੇਂਦਰ ਸਰਕਾਰ ਬੀ.ਐਸ.ਐਫ. ਦੇ ਅਧਿਕਾਰ ਖੇਤਰ ਵਿਚ ਵਾਧਾ ਕਰ ਕੇ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ‘ਤੇ ਕਬਜ਼ਾ ਕਰਨ ਦਾ ਯਤਨ ਕਰ ਰਹੀ ਹੈ। ਸੁਖਬੀਰ ਨੇ ਕਿਹਾ ਕਿ ਕੇਂਦਰ ਦਾ ਇਹ ਫੈਸਲਾ ਸੂਬੇ ਦੇ ਸੰਘੀ ਢਾਂਚੇ ‘ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਹੁਣ ਸਾਡੇ ਪਵਿੱਤਰ ਧਾਰਮਿਕ ਅਸਥਾਨ ਜਿਵੇਂ ਕਿ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਤੇ ਰਾਮ ਤੀਰਥ ਵੀ ਕੇਂਦਰੀ ਬਲਾਂ ਦੇ ਕੰਟਰੋਲ ਹੇਠ ਆ ਜਾਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਕੁਤਾਹੀ ਖਿਲਾਫ ਸੱਚ ਦੀ ਲੜਾਈ ਲੜਦਾ ਰਹੇਗਾ।
ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਰਾਜਾਂ ਦੇ ਅਧਿਕਾਰਾਂ ਵਿਚ ‘ਘੁਸਪੈਠ‘ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ, ਪਰ ਸੂਬਾ ਸਰਕਾਰ ਸੰਘੀ ਢਾਂਚੇ ਨੂੰ ਤੋੜਨ ਦੀ ਇਜਾਜ਼ਤ ਨਹੀਂ ਦੇਵੇਗੀ। ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਰਾਜਾਂ ਦੇ ਅਧਿਕਾਰਾਂ ਵਿਚ ‘ਘੁਸਪੈਠ‘ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ, ਪਰ ਸੂਬਾ ਸਰਕਾਰ ਸੰਘੀ ਢਾਂਚੇ ਨੂੰ ਤੋੜਨ ਦੀ ਇਜਾਜ਼ਤ ਨਹੀਂ ਦੇਵੇਗੀ। ਕਾਂਗਰਸ ਨੇ ਇਸ ਫੈਸਲੇ ਨੂੰ ਸੰਵਿਧਾਨ ‘ਤੇ ਗਿਣ-ਮਿਥ ਕੇ ਕੀਤਾ ਹਮਲਾ ਕਰਾਰ ਦਿੱਤਾ ਹੈ। ਪਾਰਟੀ ਨੇ ਕਿਹਾ ਕਿ ਇਸ ਹਮਲੇ ਦਾ ਮੁੱਖ ਮਕਸਦ ਸੰਘਵਾਦ ਨੂੰ ਕਮਜ਼ੋਰ ਤੇ ਖਤਮ ਕਰਨਾ ਹੈ। ਕਾਂਗਰਸ ਦੇ ਮੁੱਖ ਤਰਜਮਾਨ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਇਹ ਰਾਜਾਂ ਦੀਆਂ ਚੁਣੀਆਂ ਹੋਈਆਂ ਸਰਕਾਰਾਂ ਦੀਆਂ ਤਾਕਤਾਂ ਖੋਹਣ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਅਸਿੱਧੇ ਢੰਗ ਤਰੀਕੇ ਨਾਲ ਸੱਤਾ ਹਥਿਆਉਣ ਲਈ ਗੰਦੀ ਸਿਆਸਤ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਚ ਸਿਆਸੀ ਆਧਾਰ ਗੁਆ ਚੁੱਕੀ ਹੈ, ਜਿਸ ਨੂੰ ਹਾਸਲ ਕਰਨ ਲਈ ਹੁਣ ਸੱਤਾ ਦੀ ਦੁਰਵਰਤੋਂ ਕਰਦਿਆਂ ਬਿਨਾਂ ਰਾਜਾਂ ਨਾਲ ਸਲਾਹ ਮਸ਼ਵਰਾ ਕੀਤਿਆਂ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ।