ਬੀ.ਬੀ.ਐਮ.ਬੀ ਮਾਮਲਾ: ਪੰਜਾਬ ਹੀ ਨਹੀਂ, ਹਰਿਆਣੇ ਦਾ ਵੀ ਹੱਕ ਖੋਹਿਆ ਜਾ ਰਿਹਾ ਹੈ: ਗਰੇਵਾਲ

ਬੀ.ਬੀ.ਐਮ.ਬੀ ਮਾਮਲਾ: ਪੰਜਾਬ ਹੀ ਨਹੀਂ, ਹਰਿਆਣੇ ਦਾ ਵੀ ਹੱਕ ਖੋਹਿਆ ਜਾ ਰਿਹਾ ਹੈ: ਗਰੇਵਾਲ

ਕੇਂਦਰ ਸਰਕਾਰ ਵੱਲੋਂ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਪੱਕੀ ਪ੍ਰਤੀਨਿਧਤਾ ਨੂੰ ਖ਼ਤਮ ਕੀਤੇ ਜਾਣ ਤੇ ਚੰਡੀਗੜ੍ਹ ਪ੍ਰਸ਼ਾਸਨ ਵਿਚ ਪੰਜਾਬ ਦੀ ਥਾਂ ਬਾਹਰਲੇ ਕਾਡਰ ਦੇ ਤਿੰਨ ਅਧਿਕਾਰੀ ਤਾਇਨਾਤ ਕੀਤੇ ਜਾਣ ਨੂੰ ਲੈ ਕੇ ਸਿਆਸੀ ਮਾਹੌਲ ਭਖਿਆ ਹੋਇਆ ਹੈ। ਪੰਜਾਬ ਵਿਚ ਵਿਰੋਧੀ ਧਿਰਾਂ ਨੇ ਭਾਜਪਾ ਦੀ ਤਿੱਖੀ ਨੁਕਤਾਚੀਨੀ ਕੀਤੀ ਹੈ।

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਦੀਆਂ ਸਾਰੀਆਂ ਰਾਜਸੀ ਧਿਰਾਂ ਦੇ ਸੀਨੀਅਰ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਆਸੀ ਮਤਭੇਦਾਂ ਤੋਂ ਉਪਰ ਉੱਠ ਕੇ ਕੇਂਦਰ ਸਰਕਾਰ ਖ਼ਿਲਾਫ਼ ਹੱਥ ਮਿਲਾਉਣ ਜੋ ਪੰਜਾਬ ਦੇ ਹੱਕਾਂ ਨੂੰ ਕੁਚਲਣ ’ਤੇ ਲੱਗੀ ਹੋਈ ਹੈ।ਉਧਰ, ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੁੱਦੇ ਉਤੇ ਆਖਿਆ ਹੈ ਕਿ ਵਿਰੋਧੀ ਧਿਰਾਂ ਬੇਵਜ੍ਹਾ ਮੁੱਦਾ ਬਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਬਾਰੇ ਵੀ ਇਸੇ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਹਨ। ਉਹ ਇਥੋਂ ਤੱਕ ਆਖ ਗਏ ਕਿ ਜੇ ਧੱਕੇ ਦੀ ਗੱਲ ਹੈ ਤਾਂ ਉਹ ਹਰਿਆਣਾ ਨਾਲ ਵੀ ਹੋਇਆ ਹੈ।

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਖਿਲਾਫ ਕੁਝ ਫੈਸਲਾ ਹੋਇਆ ਹੈ ਤਾਂ ਕੇਂਦਰ ਸਰਕਾਰ ਨੂੰ ਮੁੜ ਵਿਚਾਰ ਕਰਨ ਲਈ ਆਖਣਗੇ। ਚੇਤੇ ਰਹੇ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ਪ੍ਰਸ਼ਾਸਨ ਵਿਚ ਤਿੰਨ ਅਧਿਕਾਰੀ ਇਸੇ ਮਹੀਨੇ ਬਾਹਰੋਂ ਤਾਇਨਾਤ ਕਰ ਦਿੱਤੇ ਜਦੋਂ ਕਿ ਪਹਿਲਾਂ ਅਨੁਪਾਤ ਦੇ ਹਿਸਾਬ ਨਾਲ ਪੰਜਾਬ ਅਤੇ ਹਰਿਆਣਾ ’ਚੋਂ ਅਧਿਕਾਰੀ ਲਏ ਜਾਂਦੇ ਸਨ।

ਇਸੇ ਤਰ੍ਹਾਂ 23 ਫਰਵਰੀ ਨੂੰ ਕੇਂਦਰੀ ਬਿਜਲੀ ਮੰਤਰਾਲੇ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚੋਂ ਪੰਜਾਬ ਦੀ ਪੱਕੀ ਮੈਂਬਰੀ ਨੂੰ ਖ਼ਤਮ ਕਰ ਦਿੱਤਾ। ਜਾਖੜ ਨੇ  ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ, ਭਗਵੰਤ ਮਾਨ, ਸੁਖਬੀਰ ਸਿੰਘ ਬਾਦਲ, ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਹੈ ਕਿ ਉਹ ਉਕਤ ਮਾਮਲਿਆਂ ’ਤੇ ਸਿਆਸੀ ਵਖਰੇਵਿਆਂ ਨੂੰ ਲਾਂਭੇ ਰੱਖ ਕੇ ਕੇਂਦਰ ਸਰਕਾਰ ਖ਼ਿਲਾਫ਼ ਇਕੱਠੇ ਹੋਣ।

Leave a Reply

Your email address will not be published.