ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿਚ ਸਾਲ 2015 ਵਿਚ ਵਾਪਰੀ ਬੇਅਦਬੀ ਦੀ ਘਟਨਾ ਦੇ ਦੋਸ਼ੀ ਡੇਰਾ ਪੇ੍ਰਮੀਆਂ ਨੂੰ ਅਦਾਲਤ ਵੱਲੋਂ ਸਜ਼ਾ ਦੇਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਬੇਅਦਬੀ ਦੇ ਸੰਗੀਨ ਅਪਰਾਧ ਵਿਚ ਸ਼ਾਮਲ ਲੋਕਾਂ ਨੂੰ ਉਮਰ ਕੈਦ ਵਰਗੀਆਂ ਸਜ਼ਾਵਾਂ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਅਜਿਹਾ ਕਰਨ ਦੀ ਕਿਸੇ ਦੀ ਹਿੰਮਤ ਨਾ ਪਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਮੱਲਕੇ ਵਿਚ ਹੋਏ ਬੇਅਦਬੀ ਮਾਮਲੇ ਵਿਚ ਡੇਰਾ ਸਿਰਸਾ ਨਾਲ ਸਬੰਧਤ ਲੋਕਾਂ ਦੀ ਭੂਮਿਕਾ ਸਪੱਸ਼ਟ ਹੋਈ ਹੈ ਅਤੇ ਇਸੇ ਤਰ੍ਹਾਂ ਹੀ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਬੇਅਦਬੀ ਵਿਚ ਵੀ ਸਿੱਟ ਦੀ ਰਿਪੋਰਟ ਨੇ ਡੇਰਾ ਸਿਰਸਾ ਮੁਖੀ ਅਤੇ ਉਸ ਦੇ ਪੈਰੋਕਾਰਾਂ ਨੂੰ ਨੰਗਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ਅਨੁਸਾਰ ਡੇਰਾ ਸਿਰਸਾ ਮੁਖੀ ਖਿਲਾਫ ਵੀ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਨੂੰ ਡੇਰਾ ਮੁਖੀ ਨੂੰ ਗ੍ਰਿਫ਼ਤਾਰ ਕਰਨ ਲਈ ਲੋੜੀਂਦੀ ਪ੍ਰਕਿਰਿਆ ਪੂਰੀ ਕਰਕੇ ਕਾਰਵਾਈ ਅੱਗੇ ਵਧਾਉਣੀ ਚਾਹੀਦੀ ਹੈ, ਤਾਂ ਜੋ ਸਿੱਖ ਸੰਗਤਾਂ ਨੂੰ ਇਨਸਾਫ ਮਿਲ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰਾਂ ਤੋਂ ਮੰਗ ਕੀਤੀ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਵਿਚ ਇਨਸਾਫ ਜਲਦ ਮਿਲਣਾ ਚਾਹੀਦਾ ਹੈ ਅਤੇ ਸਜ਼ਾਵਾਂ ਵੀ ਮਿਸਾਲੀ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬੇਅਦਬੀ ਮਾਮਲਿਆਂ ਵਿਚ ਉਮਰ ਕੈਦ ਦੀ ਸਜ਼ਾ ਦਾ ਪ੍ਰਬੰਧ ਕੀਤਾ ਜਾਵੇ।