ਬੇਅਦਬੀ ਮਾਮਲਿਆਂ ‘ਤੇ ਸਿਆਸਤ ਕਰਨ ਵਾਲੇ ਖ਼ੁਦ ਖ਼ਤਮ ਹੋ ਜਾਣਗੇ

Home » Blog » ਬੇਅਦਬੀ ਮਾਮਲਿਆਂ ‘ਤੇ ਸਿਆਸਤ ਕਰਨ ਵਾਲੇ ਖ਼ੁਦ ਖ਼ਤਮ ਹੋ ਜਾਣਗੇ
ਬੇਅਦਬੀ ਮਾਮਲਿਆਂ ‘ਤੇ ਸਿਆਸਤ ਕਰਨ ਵਾਲੇ ਖ਼ੁਦ ਖ਼ਤਮ ਹੋ ਜਾਣਗੇ

ਜਲੰਧਰ / ਹਾਈਕੋਰਟ ਵਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਰਿਪੋਰਟ ਰੱਦ ਕੀਤੇ ਜਾਣ ਤੋਂ ਬਾਅਦ ਸੂਬੇ ਦੀ ਸਿਆਸਤ ‘ਚ ਇਕਦਮ ਆਏ ਉਬਾਲ ਅਤੇ ਇਸ ਮਾਮਲੇ ‘ਚ ਕਾਂਗਰਸ ਦੇ ਅੰਦਰ ਹੀ ਬਣੇ ਟਕਰਾਅ ਵਾਲੇ ਹਾਲਾਤ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅਸਲ ‘ਚ ਕਾਂਗਰਸ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਕਦੇ ਵੀ ਗੰਭੀਰ ਨਹੀਂ ਰਹੀ ਤੇ ਕਾਂਗਰਸ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜੇ ਇਸ ਬੇਹੱਦ ਗੰਭੀਰ ਤੇ ਸੰਜੀਦਾ ਮੁੱਦੇ ‘ਤੇ ਕੇਵਲ ਤੇ ਕੇਵਲ ਸਿਆਸਤ ਕੀਤੀ ਗਈ ਤੇ ਕਾਂਗਰਸ ਦਾ ਸਾਰਾ ਜ਼ੋਰ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ‘ਤੇ ਹੀ ਲੱਗਾ ਰਿਹਾ।

ਅੱਜ ਇੱਥੇ ‘ਅਜੀਤ’ ਭਵਨ ਵਿਖੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਉਨ੍ਹਾਂ ਕਾਂਗਰਸ ਦੀ ਨੀਤੀ ਤੇ ਨੀਅਤ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਨੇ ਕਦੇ ਵੀ ਸਿੱਖਾਂ ਨੂੰ ਇਨਸਾਫ਼ ਦਿਵਾਉਣ ਲਈ ਸੰਜੀਦਾ ਯਤਨ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਚਾਹੁੰਦੀ ਤਾਂ 4 ਸਾਲ ਦੇ ਅਰਸੇ ਦੌਰਾਨ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾ ਸਕਦੀਆਂ ਸੀ ਪਰ ਅਜਿਹਾ ਨਹੀਂ ਹੋ ਸਕਿਆ, ਕਿਉਂਕਿ ਕਾਂਗਰਸ ਨੇ ਇਸ ਮੁੱਦੇ ਨੂੰ ਕੇਵਲ ਸਿਆਸੀ ਹਿੱਤਾਂ ਲਈ ਵਰਤਿਆ ਹੈ। ਸੁਖਬੀਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਬੇਅਦਬੀ ਮਾਮਲਿਆਂ ਦਾ ਇਨਸਾਫ਼ ਕੀਤਾ ਜਾਵੇਗਾ ਅਤੇ ਦੋਸ਼ੀਆਂ ਨੂੰ ਫੜ ਕੇ ਜੇਲ੍ਹ ‘ਚ ਸੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਵੀ ਕਾਂਗਰਸ ਦੇ ਕਹਿਣ ‘ਤੇ ਹੀ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਸੀ, ਤਾਂ ਜੋ ਉਨ੍ਹਾਂ ਉੱਪਰ ਕਿਸੇ ਵੀ ਤਰ੍ਹਾਂ ਦਾ ਕੋਈ ਕਿੰਤੂ-ਪ੍ਰੰਤੂ ਨਾ ਹੋਵੇ ਤੇ ਹੁਣ ਵੀ ਜੇਕਰ ਰਾਜ ‘ਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਉਹ ਇਸ ਮਾਮਲੇ ਦੀ ਪੂਰੀ ਨਿਰਪੱਖਤਾ ਨਾਲ ਜਾਂਚ ਕਰਵਾਉਣ ਤੇ ਇਨਸਾਫ਼ ਦਿਵਾਉਣ ਲਈ ਵਚਨਬੱਧ ਹਨ।

ਉਨ੍ਹਾਂ ਕਿਹਾ ਕਿ ਇਸ ਧਾਰਮਿਕ ਮੁੱਦੇ ‘ਤੇ ਕਿਸੇ ਵੀ ਧਿਰ ਨੂੰ ਸਿਆਸਤ ਨਹੀਂ ਕਰਨੀ ਚਾਹੀਦੀ ਤੇ ਜੇ ਕਿਸੇ ਨੇ ਇਸ ਮੁੱਦੇ ‘ਤੇ ਸਿਆਸਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ। ਬੇਅਦਬੀ ਮਾਮਲਿਆਂ ‘ਤੇ ਕੁਝ ਕਾਂਗਰਸੀ ਆਗੂਆਂ ਵਲੋਂ ਆਪਣੀ ਹੀ ਸਰਕਾਰ ਦੇ ਖ਼ਿਲਾਫ਼ ਖੋਲ੍ਹੇ ਗਏ ਮੋਰਚੇ ‘ਤੇ ਬੋਲਦਿਆਂ ਉਨ੍ਹਾਂ ਸਵਾਲ ਕੀਤਾ ਕਿ ਇਹ ਆਗੂ 4 ਸਾਲ ਚੁੱਪ ਕਿਉਂ ਰਹੇ? ਉਨ੍ਹਾਂ ਕਿਹਾ ਕਿ ਅਸਲ ‘ਚ ਇਨ੍ਹਾਂ ਆਗੂਆਂ ਨੂੰ ਆਉਂਦੀਆਂ ਚੋਣਾਂ ‘ਚ ਆਪਣੀ ਹਾਰ ਦਿਖਾਈ ਦੇਣ ਲੱਗੀ ਹੈ ਤੇ ਅਜਿਹੇ ‘ਚ ਉਨ੍ਹਾਂ ਨੂੰ ਡਰ ਲੱਗਣ ਲੱਗਾ ਹੈ ਕਿ ਜੇਕਰ ਇਕ ਵਾਰ ਸੱਤਾ ਖੁੱਸ ਗਈ ਤਾਂ ਫਿਰ ਉਨ੍ਹਾਂ ਨੂੰ ਸਾਰਾ ਹਿਸਾਬ ਦੇਣਾ ਪਵੇਗਾ। ਉਨ੍ਹਾਂ ਨੂੰ ਪਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਤਾਂ ਸਰਕਾਰ ਬਣ ਨਹੀਂ ਸਕਦੀ ਤੇ ਫਿਰ ਉਹ ਹੋਰ ਕਿਸੇ ਸਹਾਰੇ ਦੀ ਤਾਕ ‘ਚ ਹਨ। ਸੁਖਬੀਰ ਨੇ ਸੂਬਾ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਨੂੰ ਵੀ ਪੂਰੀ ਤਰ੍ਹਾਂ ਫੇਲ੍ਹ ਦੱਸਦੇ ਹੋਏ ਕਿਹਾ ਕਿ ਕੋਰੋਨਾ ਕਾਲ ‘ਚ ਜਦੋਂ ਮੁੱਖ ਮੰਤਰੀ ਨੂੰ ਲੋਕਾਂ ਦੀ ਬਾਂਹ ਫੜਨੀ ਚਾਹੀਦੀ ਸੀ ਤਾਂ ਉਹ ਘਰੋਂ ਹੀ ਬਾਹਰ ਨਹੀਂ ਨਿਕਲੇ।

ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੋਕ ਵਿਰੋਧੀ ਦੱਸਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵਲੋਂ ਹੁਣ ਤੱਕ ਇਕ ਵੀ ਅਜਿਹਾ ਲੋਕ ਹਿੱਤ ਦਾ ਕੰਮ ਨਹੀਂ ਕੀਤਾ ਗਿਆ, ਜਿਸ ਦਾ ਸਿਹਰਾ ਸਰਕਾਰ ਲੈ ਸਕੇ। ਉਲਟਾ ਹੁਣ ਜਦ ਕੋਰੋਨਾ ਮਾਮਲੇ ‘ਚ ਸਰਕਾਰ ਫੇਲ੍ਹ ਹੋ ਗਈ ਹੈ ਤਾਂ ਪ੍ਰਧਾਨ ਮੰਤਰੀ ਵੀ ਅਲੋਪ ਹੋ ਗਏ ਹਨ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ‘ਤੇ ਰਾਜਾਂ ਦੇ ਅਧਿਕਾਰ ਖੋਹਣ ਦੇ ਵੀ ਦੋਸ਼ ਲਗਾਉਂਦੇ ਹੋਏ ਕਿਹਾ ਕਿ ਰਾਜਾਂ ਨੂੰ ਆਪਣੇ ਅਧਿਕਾਰਾਂ ਦੀ ਰਾਖੀ ਤੇ ਸੰਘੀ ਢਾਂਚੇ ਨੂੰ ਬਚਾਉਣ ਲਈ ਅੱਗੇ ਆਉਣਾ ਹੋਵੇਗਾ ਤੇ ਖ਼ੇਤਰੀ ਪਾਰਟੀਆਂ ਇਸ ਮਾਮਲੇ ‘ਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਹੋਈਆਂ ਪੰਜ ਸੂਬਿਆਂ ਦੀਆਂ ਚੋਣਾਂ ‘ਚ ਲੋਕਾਂ ਨੇ ਖੇਤਰੀ ਪਾਰਟੀਆਂ ‘ਚ ਵਿਸ਼ਵਾਸ ਦਿਖਾਇਆ ਹੈ ਤੇ ਆਉਣ ਵਾਲਾ ਸਮਾਂ ਖੇਤਰੀ ਪਾਰਟੀਆਂ ਦਾ ਹੀ ਹੈ।

ਇਸ ਮੌਕੇ ਉਨ੍ਹਾਂ ਸੂਬੇ ‘ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਅਸੀਂ ਆਪਣੀ ਜ਼ਬਾਨ ਦੇ ਪੱਕੇ ਹਾਂ ਤੇ ਜੋ ਕਿਹਾ ਉਹ ਕਰਕੇ ਦਿਖਾਇਆ ਅਤੇ ਆਉਣ ਵਾਲੇ ਸਮੇਂ ‘ਚ ਵੀ ਜੋ ਕਹਾਂਗੇ ਕਰਾਂਗੇ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ‘ਚ ਕਿਹਾ ਕਿ ‘ਆਪ’ ਦਾ ਉਬਾਲ ਹੁਣ ਖ਼ਤਮ ਹੋ ਗਿਆ ਹੈ ਤੇ ‘ਆਪ’ ਆਗੂ ਹਤਾਸ਼ ਤੇ ਨਿਰਾਸ਼ ਹੋ ਚੁੱਕੇ ਹਨ। ਲੋਕਾਂ ਨੂੰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਚਤੁਰਾਈਆਂ ਵੀ ਸਮਝ ਆ ਗਈਆਂ ਹਨ। ਕਿਸਾਨ ਅੰਦੋਲਨ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ ਹੈ ਤੇ ਇਸ ਸੰਘਰਸ਼ ‘ਚ ਵੀ ਪਾਰਟੀ ਕਿਸਾਨਾਂ ਦੇ ਨਾਲ ਹੈ ਤੇ 26 ਮਈ ਨੂੰ ਉਨ੍ਹਾਂ ਨੇ ਆਪਣੇ ਵਰਕਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪੋ-ਆਪਣੇ ਘਰਾਂ ‘ਤੇ ਕਾਲੀਆਂ ਝੰਡੀਆਂ ਲਗਾਉਣ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਫੌਰੀ ਤੌਰ ‘ਤੇ ਮੰਨ ਲੈਣ। ਇਸ ਮੌਕੇ ਉਨ੍ਹਾਂ ਕੋਰੋਨਾ ਖ਼ਿਲਾਫ਼ ਸਾਰੀਆਂ ਧਿਰਾਂ ਨੂੰ ਇਕੱਠੇ ਹੋ ਕੇ ਲੜਾਈ ਲੜਨ ਦਾ ਸੱਦਾ ਦਿੰਦੇ ਹੋਏ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੈਕਸੀਨ ਜ਼ਰੂਰ ਲਗਵਾਉਣ।

Leave a Reply

Your email address will not be published.