ਭਾਜਪਾ ਦੇ ਹੋਏ ਕੈਪਟਨ, ਪੰਜਾਬ ਲੋਕ ਕਾਂਗਰਸ ਦਾ ਵੀ ਹੋਇਆ ਰਲੇਵਾਂ

ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿਚ ਰਸਮੀ ਤੌਰ ‘ਤੇ ਸ਼ਾਮਲ ਹੋ ਗਏ ਹਨ ਤੇ ਉਨ੍ਹਾਂ ਨੇ ਕੌਮੀ ਪ੍ਰਧਾਨ ਜੇਪੀ ਨੱਢਾ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਮੂਲੀਅਤ ਕੀਤੀ। ਦੱਸ ਦੇਈਏ ਕਿ ਕੈਪਟਨ ਦੇ ਨਾਲ ਉਨ੍ਹਾਂ ਦਾ ਬੇਟਾ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ ਵੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ ਜਦੋਂ ਕਿ ਕੈਪਟਨ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਕਾਂਗਰਸ ਵਿਚ ਹੀ ਰਹਿਣਗੇ। ਕੈਪਟਨ ਤੋਂ ਇਲਾਵਾ ਸਾਬਕਾ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ਸਾਬਕਾ ਸਾਂਸਦ ਕੇਵਲ ਸਿੰਘ, ਸਾਬਕਾ ਵਿਧਾਇਕ ਹਰਜਿੰਦਰ ਸਿੰਘ, ਸਾਬਕਾ ਵਿਧਾਇਕ ਪ੍ਰੇਮ ਮਿੱਤਲ, ਬਲਬੀਰ ਰਾਣਾ ਸੋਢੀ, ਰਚਨਾ ਸਿੰਘ, ਮੇਵਾੜ ਸਿੰਘ, ਸਾਬਕਾ ਵਿਧਾਇਕ ਹਰਚੰਦ ਕੌਰ, ਕਮਲਦੀਪ ਸੈਣੀ, ਨਸੀਰ ਖਾਤੂਨ ਮਾਲੇਰਕੋਟਲਾ ਦੀ ਸਾਬਕਾ ਵਿਧਾਇਕ ਦੀ ਧੀ ਨੇ ਵੀ ਭਾਜਪਾ ਦਾ ਪੱਲਾ ਫੜਿਆ। ਅੱਜ ਅਧਿਕਾਰਕ ਤੌਰ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦਾ ਭਾਜਪਾ ਵਿੱਚ ਰਲੇਵਾਂ ਹੋ ਗਿਆ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਕਾਂਗਰਸ ਵਿੱਚ ਗ੍ਰਹਿ ਕਲੇਸ਼ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਵੀ ਅਲਵਿਦਾ ਕਹਿ ਦਿੱਤਾ ਸੀ। ਉਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਬਣਾਈ। ਕੈਪਟਨ ਅਮਰਿੰਦਰ ਸਿੰਘ ਦੀ ਪੀਐਲਸੀ ਦੇ ਭਾਜਪਾ ਵਿੱਚ ਰਲੇਵੇਂ ਦੀਆਂ ਚਰਚਾਵਾਂ ਨੇ ਉਸ ਸਮੇਂ ਜ਼ੋਰ ਫੜ੍ਹ ਲਿਆ, ਜਦੋਂ ਕੈਪਟਨ ਨੇ ਇੱਕ ਮਹੀਨੇ ਵਿੱਚ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਇਸ ਤੋਂ ਬਾਅਦ 30 ਅਗਸਤ ਨੂੰ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਸੀ।

Leave a Reply

Your email address will not be published.