ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)-ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨ. ਐਚ. ਆਰ. ਸੀ.) ਦੇ 28ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਨ ਕਰਦਿਆਂ ਮਨੁੱਖੀ ਅਧਿਕਾਰ ਨੂੰ ਸਿਆਸੀ ਫ਼ਾਇਦੇ ਤੇ ਨੁਕਸਾਨ ਦੇ ਨਜ਼ਰੀਏ ਨਾਲ ਵੇਖਣ ਵਾਲਿਆਂ ‘ਤੇ ਨਿਸ਼ਾਨਾ ਸਾਧਿਆ |
ਮਨੁੱਖੀ ਅਧਿਕਾਰਾਂ ਪ੍ਰਤੀ ਪੱਖਪਾਤੀ ਸੋਚ ਰੱਖਣ ਵਾਲਿਆਂ ਨੂੰ ਕਟਹਿਰੇ ‘ਚ ਖੜ੍ਹਾ ਕਰਦਿਆਂ ਮੋਦੀ ਨੇ ਕਿਹਾ ਕਿ ਕੁਝ ਲੋਕ ਕੁਝ ਘਟਨਾਵਾਂ ‘ਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵੇਖਦੇ ਹਨ, ਪ੍ਰੰਤੂ ਉਸੇ ਤਰ੍ਹਾਂ ਦੀਆਂ ਘਟਨਾਵਾਂ ‘ਚ ਇਸ ਮੁੱਦੇ ਨੂੰ ਨਜ਼ਰਅੰਦਾਜ਼ ਕਰਦੇ ਹਨ | ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਉਸ ਵੇਲੇ ਹੁੰਦੀ ਹੈ ਜਦੋਂ ਉਸ ਨੂੰ ਰਾਜਨੀਤਕ ਰੰਗਤ ਦਿੱਤੀ ਜਾਂਦੀ ਹੈ ਅਤੇ ਸਿਆਸੀ ਚਸ਼ਮੇ ਨਾਲ ਵੇਖਿਆ ਜਾਂਦਾ ਹੈ, ਅਜਿਹਾ ਪੱਖਪਾਤੀ ਰਵੱਈਆ ਲੋਕਤੰਤਰ ਲਈ ਨੁਕਸਾਨਦੇਹ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਝ ਲੋਕ ਮਨੁੱਖੀ ਅਧਿਕਾਰਾਂ ਦੇ ਨਾਂਅ ‘ਤੇ ਦੇਸ਼ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ, ਸਾਨੂੰ ਅਜਿਹੇ ਲੋਕਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ | ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੁਖੀ ਨੇ ਵੀ ਸੰਬੋਧਨ ਕੀਤਾ |