ਮਾਨ ਸਰਕਾਰ ਤੇ ਪੰਜਾਬ ਨੂੰ ਮਾਨ, 4 ਦਿਨਾਂ ‘ਚ ਲਏ ਚਾਰ ਵੱਡੇ ਫ਼ੈਸਲੇ

ਪੰਜਾਬ ਦੇ ਲੋਕਾਂ ਨੇ ਇਸ ਵਾਰ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਇਆ।

ਹੁਣ ਸੀ.ਐੱਮ. ਭਗਵੰਤ ਮਾਨ ਵੀ ਲੋਕਾਂ ਦੀਆਂ ਉਮੀਦਾਂ ‘ਤੇ ਖਰ੍ਹੇ ਉਤਰਨ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ। ਉਹ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਲੱਗੇ ਹੋਏ ਹਨ। ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਿਆਂ ਸੀ.ਐੱਮ. ਮਾਨ ਨੂੰ ਅਜੇ ਕੁਛ ਦਿਨ ਹੀ ਹੋਈ ਹਨ ਤੇ ਚਾਰ ਦਿਨਾਂ ਵਿੱਚ ਉਨ੍ਹਾਂ ਨੇ ਕਈ ਵੱਡੇ ਫੈਸਲੇ ਲਏ।ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਉਨ੍ਹਾਂ ਨੇ ਸਾਰੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਨੂੰ ਮਿਲਾ ਕੇ ਕੁਲ 122 ਨੇਤਾਵਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਆਪਣੇ ਫੈਸਲੇ ਬਾਰੇ ਸਪੱਸ਼ਟੀਕਰਨ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਕੁਝ ਲੋਕਾਂ ਦੀ ਸੁਰੱਖਿਆ ਨਾਲੋਂ ਜ਼ਿਆਦਾ ਜ਼ਰੂਰੀ ਹੈ। ਇਸ ਤੋਂ ਪਹਿਲਾਂ ਸਿਆਸਤਦਾਨਾਂ ਦੇ ਘਰਾਂ ਦੇ ਬਾਹਰ ਪੁਲਿਸ ਮੁਲਾਜ਼ਮ ਤਾਇਨਾਤ ਸਨ ਜਦਕਿ ਥਾਣੇ ਖਾਲੀ ਰਹੇ। ਸਾਡੇ ਲਈ 3 ਕਰੋੜ ਤੋਂ ਵੱਧ ਲੋਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ। ਪੁਲਿਸ ਆਪਣਾ ਕੰਮ ਕਰੇਗੀ ।

ਮੁੱਖ ਮੰਤਰੀ ਬਣਨ ਦੇ ਦੂਜੇ ਦਿਨ ਉਨ੍ਹਾਂ ਭ੍ਰਿਸ਼ਟਾਚਾਰ ਖਿਲਾਫ ਕਦਮ ਚੁੱਕਦੇ ਹੋਏ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰਨ ਦਾ ਐਲਾਨ ਕੀਤਾ। ਸੀ.ਐੱਮ. ਮਾਨ ਨੇ ਕਿਹਾ ਕਿ ਭਗਤ ਸਿੰਘ ਜੀ ਦੇ ਸ਼ਹੀਦੀ ਦਿਨ 23 ਮਾਰਚ ‘ਤੇ ਅਸੀਂ ਐਂਟੀ ਕਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰਾਂਗੇ। ਉਹ ਮੇਰਾ ਨਿੱਜੀ ਵਟਸਐਪ ਨੰਬਰ ਹੋਵੇਗਾ। ਜੇ ਤੁਹਾਡੇ ਤੋਂ ਕੋਈ ਵੀ ਰਿਸ਼ਵਤ ਮੰਗੇ, ਉਸਦੀ ਵੀਡੀਓ/ਆਡੀਓ ਰਿਕਾਰਡਿੰਗ ਕਰਕੇ ਮੈਨੂੰ ਭੇਜ ਦੇਣਾ। ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ ਸਖ਼ਤ ਐਕਸ਼ਨ ਲਿਆ ਜਾਵੇਗਾ।ਪੰਜਾਬ ਵਿੱਚ ਹੁਣ ਭ੍ਰਿਸ਼ਟਾਚਾਰ ਨਹੀਂ ਚੱਲੇਗਾ। ‘ਆਪ’ ਵੱਲੋਂ ਸਰਕਾਰ ਬਣਨ ਦੇ ਪਹਿਲੇ ਹੀ ਦਿਨ ਖਰਾਬ ਹੋਈ ਨਰਮੇ ਦੀ ਫਸਲ ਲਈ 101 ਕਰੋੜ ਤੋਂ ਵੱਧ ਦਾ ਮੁਆਵਜ਼ਾ ਮਾਨਸਾ ਜਿਲ੍ਹੇ ਨੂੰ ਜਾਰੀ ਕਰ ਦਿੱਤਾ ਗਿਆ। ਉਨ੍ਹਾਂ ਨੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਨੌਜਵਾਨਾਂ ਲਈ 25 ਹਜ਼ਾਰ ਸਰਕਾਰੀ ਨੌਕਰੀਆਂ ਨੂੰ ਮਨਜ਼ੂਰੀ ਦਿੱਤੀ, ਜਿਨ੍ਹਾਂ ਵਿੱਚ 10 ਹਜ਼ਾਰ ਪੰਜਾਬ ਪੁਲਿਸ ਦੀਆਂ ਅਸਾਮੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇੱਕ ਮਹੀਨੇ ਦੇ ਅੰਦਰ-ਅੰਦਰ ਇਸ ਦਾ ਇਸ਼ਤਿਹਾਰ ਵੀ ਜਾਰੀ ਕਰ ਦਿੱਤਾ ਜਾਵੇਗਾ।

Leave a Reply

Your email address will not be published. Required fields are marked *