ਮਾਜਰੀ / ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਮਾਜਰਾ ਟੀ-ਪੁਆਇੰਟ ‘ਤੇ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਕੀਤੇ ਗਏ ਘਪਲਿਆਂ ਦੇ ਖ਼ਿਲਾਫ਼ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਤੇ ਅਹੁਦੇਦਾਰਾਂ ਵਲੋਂ ਰੋਸ ਧਰਨਾ ਦਿੱਤਾ ਗਿਆ |
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਵੈਕਸੀਨ ਤੇ ਗਰੀਬ ਬੱਚਿਆਂ ਦੇ ਵਜ਼ੀਫ਼ਿਆਂ ‘ਚ ਘਪਲਾ ਕਰਕੇ ਪੰਜਾਬ ਦੇ ਗਰੀਬ ਵਰਗ ਦੇ ਲੋਕਾਂ ਨਾਲ ਵੱਡੀ ਬੇਇਨਸਾਫ਼ੀ ਕੀਤੀ ਹੈ | ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਨਿੱਜੀ ਹਸਪਤਾਲਾਂ ਦੇ ਪ੍ਰਬੰਧਕਾਂ ਨਾਲ ਮਿਲ ਕੇ ਆਕਸੀਜਨ ਤੇ ਵੈਕਸੀਨ ‘ਚ ਕੀਤੇ ਗਏ ਘਪਲਿਆਂ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ | ਰੋਸ ਧਰਨੇ ਤੋਂ ਬਾਅਦ ਜਦੋਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨੌਜਵਾਨ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਸਿਸਵਾਂ ਵੱਲ ਵਧਣ ਲੱਗੇ ਤਾਂ ਪੁਲਿਸ ਨੇ ਪਹਿਲੇ ਬੈਰੀਕੇਡ ‘ਤੇ ਨੌਜਵਾਨਾਂ ਨੂੰ ਰੋਕ ਲਿਆ | ਜਦ ਨੌਜਵਾਨ ਪਹਿਲੇ ਬੈਰੀਕੇਡ ਨੂੰ ਤੋੜ ਕੇ ਦੂਜੇ ਬੈਰੀਕੇਡ ‘ਤੇ ਪਹੁੰਚੇ ਤਾਂ ਵੱਡੀ ਗਿਣਤੀ ‘ਚ ਪੁਲਿਸ ਬਲ ਨੇ ਨੌਜਵਾਨਾਂ ‘ਤੇ ਲਾਠੀਚਾਰਜ ਕੀਤਾ ਅਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਉਨ੍ਹਾਂ ਨੂੰ ਉਥੋਂ ਖਦੇੜਨ ਦੀ ਕੋਸ਼ਿਸ਼ ਕੀਤੀ | ਇਸ ਉਪਰੰਤ ਪੁਲਿਸ ਨੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਐਨ.ਕੇ. ਸ਼ਰਮਾ ਸਮੇਤ ਹੋਰਨਾਂ ਸੀਨੀਅਰ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ |