ਮੁੱਖ ਮੰਤਰੀ ਨੇ ਪੀ।ਐਸ।ਪੀ।ਸੀ।ਐਲ। ਨੂੰ ਸਾਰੇ ਬਿਜਲੀ ਸਮਝੌਤੇ ਰੱਦ ਕਰਨ ਲਈ ਕਿਹਾ

Home » Blog » ਮੁੱਖ ਮੰਤਰੀ ਨੇ ਪੀ।ਐਸ।ਪੀ।ਸੀ।ਐਲ। ਨੂੰ ਸਾਰੇ ਬਿਜਲੀ ਸਮਝੌਤੇ ਰੱਦ ਕਰਨ ਲਈ ਕਿਹਾ
ਮੁੱਖ ਮੰਤਰੀ ਨੇ ਪੀ।ਐਸ।ਪੀ।ਸੀ।ਐਲ। ਨੂੰ ਸਾਰੇ ਬਿਜਲੀ ਸਮਝੌਤੇ ਰੱਦ ਕਰਨ ਲਈ ਕਿਹਾ

ਚੰਡੀਗੜ੍ਹ / ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਨੂੰ ਉਨ੍ਹਾਂ ਨਿੱਜੀ ਕੰਪਨੀਆਂ ਨਾਲ ਕੀਤੇ ਸਾਰੇ ਬਿਜਲੀ ਖ਼ਰੀਦ ਸਮਝੌਤੇ (ਪੀ.ਪੀ. ਏਜ਼) ਰੱਦ ਕਰਨ ਜਾਂ ਮੁੜ ਘੋਖਣ ਲਈ ਕਿਹਾ ਹੈ, ਜੋ ਝੋਨੇ ਦੀ ਬਿਜਾਈ ਤੇ ਗਰਮੀ ਦੇ ਸੀਜ਼ਨ ‘ਚ ਬਿਜਲੀ ਦੀ ਸਿਖਰਲੀ ਮੰਗ ਨੂੰ ਪੂਰਾ ਕਰਨ ਲਈ ਤਸੱਲੀਬਖ਼ਸ਼ ਸਪਲਾਈ ਦੇਣ ਲਈ ਕੀਤੇ ਸਮਝੌਤਿਆਂ ‘ਤੇ ਖਰੀਆਂ ਨਹੀਂ ਉੱਤਰੀਆਂ |

ਤਲਵੰਡੀ ਸਾਬੋ ਪਾਵਰ ਲਿਮਟਿਡ ਮਾਨਸਾ, ਜੋ ਸੂਬੇ ‘ਚ ਸਭ ਤੋਂ ਵੱਡੇ ਨਿੱਜੀ ਥਰਮਲ ਪਲਾਂਟਾਂ ‘ਚੋਂ ਇਕ ਹੈ, ਦੀ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਵੱਡੀ ਅਸਫਲਤਾ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਇਸ ਦੇ ਪੀ.ਪੀ.ਏ. ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ | ਉਨ੍ਹਾਂ ਪੀ.ਐਸ.ਪੀ.ਸੀ.ਐਲ. ਨੂੰ ਇਹ ਵੀ ਆਖਿਆ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਵੱਖ-ਵੱਖ ਆਜ਼ਾਦਾਨਾ ਬਿਜਲੀ ਨਿਰਮਾਤਾਵਾਂ (ਆਈ.ਪੀ. ਪੀਜ਼), ਜੋ ਮੁਢਲੇ ਤੌਰ ‘ਤੇ ਸੂਬੇ ਦੀ ਖਾਸ ਕਰਕੇ ਝੋਨੇ ਦੀ ਬਿਜਾਈ ਤੇ ਗਰਮੀ ਦੇ ਮੌਸਮ ਦੌਰਾਨ ਪੈਦਾ ਹੁੰਦੀ ਮੰਗ ਨੂੰ ਪੂਰਾ ਕਰਨ ਲਈ ਸਥਾਪਿਤ ਕੀਤੇ ਗਏ ਸਨ, ਨਾਲ ਸਹੀਬੱਧ ਕੀਤੇ ਸਾਰੇ ਬਿਜਲੀ ਖ਼ਰੀਦ ਸਮਝੌਤਿਆਂ ਦਾ ਨਿਰੀਖਣ ਕੀਤਾ ਜਾਵੇ | ਉਨ੍ਹਾਂ ਪੀ.ਐਸ.ਪੀ.ਸੀ.ਐਲ. ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਇਕਪਾਸੜ ਪੀ.ਪੀ. ਏਜ਼ ਰੱਦ ਕਰਨ/ਮੁੜ ਘੋਖੇ ਜਾਣ, ਜਿਨ੍ਹਾਂ ਦਾ ਸੂਬੇ ਨੂੰ ਕੋਈ ਫ਼ਾਇਦਾ ਨਹੀਂ |

ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਸਾਰੇ ਤਿੰਨੇ ਯੂਨਿਟ ਬਿਜਲੀ ਦੀ ਮੰਗ ਦੇ ਸਿਖਰ ਦੌਰਾਨ ਕੁਝ ਦਿਨਾਂ ਲਈ ਬਿਜਲੀ ਪੈਦਾ ਕਰਨ ਵਿਚ ਨਾਕਾਮ ਰਹੇ | ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਇਕ ਯੂਨਿਟ ਮਾਰਚ 2021 ਤੋਂ ਨਹੀਂ ਚੱਲ ਸਕਿਆ ਤੇ ਦੋ ਯੂਨਿਟ ਪਿਛਲੇ ਇਕ ਮਹੀਨੇ ਤੋਂ ਬਿਜਲੀ ਪੈਦਾ ਕਰਨ ਤੋਂ ਅਸਮਰੱਥ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਵੇਲੇ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਸਿਰਫ਼ ਇਕ ਯੂਨਿਟ ਚੱਲ ਰਿਹਾ ਹੈ ਤੇ ਇਨ੍ਹਾਂ ਕਾਰਨਾਂ ਨਾਲ ਰਾਜ ਵਿਚ ਬਿਜਲੀ ਦੀ ਭਾਰੀ ਘਾਟ ਆਈ ਹੈ | ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀਆਂ ਫ਼ਸਲਾਂ ਦੀ ਰਾਖੀ ਲਈ ਸੂਬੇ ਨੂੰ ਕੇਂਦਰੀ ਸੈਕਟਰ ਦੇ ਬਿਜਲੀ ਪੈਦਾ ਕਰਨ ਵਾਲੇ ਸਟੇਸ਼ਨਾਂ ਤੋਂ ਬਿਜਲੀ ਦੀ ਪੂਰੀ ਵਰਤੋਂ ਲਈ ਮਜਬੂਰ ਹੋਣਾ ਪਿਆ |

Leave a Reply

Your email address will not be published.