ਪ੍ਰਧਾਨ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ
ਚੰਡੀਗੜ / ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੇ ਕੈਬਨਿਟ ਸਾਥੀਆਂ ਨਾਲ ਇੱਥੇ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕਿਸਾਨੀ ਨਾਲ ਜੁੜੇ ਅਹਿਮ ਮਸਲਿਆਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਯਾਦ ਪੱਤਰ ਸੌਂਪਿਆ। ਇਸ ਯਾਦ ਪੱਤਰ ਰਾਹੀਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਲਖੀਮਪੁਰ ਖੀਰੀ ‘ਚ ਹਾਲ ਹੀ ‘ਚ ਵਾਪਰੀ ਹਿੰਸਾ ਦੇ ਪੀੜਤ ਪਰਿਵਾਰਾਂ ਲਈ ਇਨਸਾਫ਼ ਨੂੰ ਯਕੀਨੀ ਬਣਾਉਣ ਵਾਸਤੇ ਠੋਸ ਕਦਮ ਚੁੱਕਣ ਲਈ ਉੱਤਰ ਪ੍ਰਦੇਸ਼ ਸਰਕਾਰ ‘ਤੇ ਜ਼ੋਰ ਪਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਇਸ ਯਾਦ ਪੱਤਰ ‘ਚ ਤਿੰਨ ਖੇਤੀ ਕਾਨੂੰਨਾਂ ਦੀ ਤੁਰੰਤ ਘੋਖ ਕਰਕੇ ਰੱਦ ਕਰਨ ਦੀ ਲੋੜ ਨੂੰ ਵੀ ਦੁਹਰਾਇਆ ਕਿਉਂ ਜੋ ਇਹ ਕਾਨੂੰਨ ਹੀ ਕਿਸਾਨਾਂ ਦਰਮਿਆਨ ਰੋਸ ਦੀ ਵਜ੍ਹਾ ਬਣੇ ਹੋਏ ਹਨ। ਸ. ਚੰਨੀ ਨੇ ਦੱਸਿਆ ਕਿ ਉਹ ਉੱਤਰ ਪ੍ਰਦੇਸ਼ ‘ਚ ਲਖੀਮਪੁਰ ਖੀਰੀ ਵਿਖੇ ਹਾਲ ਵਿਚ ਵਾਪਰੀ ਹਿੰਸਕ ਘਟਨਾ ਬਾਰੇ ਪ੍ਰਧਾਨ ਮੰਤਰੀ ਦਾ ਧਿਆਨ ਦਿਵਾਉਣਾ ਚਾਹੁੰਦੇ ਹਨ, ਜਿਸ ਨੇ ਹਰੇਕ ਮਨੁੱਖ ਦੀ ਰੂਹ ਨੂੰ ਝੰਜੋੜ ਕੇ ਰੱਖ ਦਿੱਤਾ।
ਪ੍ਰਧਾਨ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਸ. ਚੰਨੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਇਸ ਘਿਨਾਉਣੇ ਕਾਰੇ ਦੇ ਪਰਦੇ ਪਿਛਲੇ ਚਿਹਰੇ ਬੇਨਕਾਬ ਹੋਣੇ ਚਾਹੀਦੇ ਹਨ, ਭਾਵੇਂ ਉਹ ਕਿੰਨਾ ਵੀ ਅਰਸ-ਰਸੂਖ ਜਾਂ ਪਹੁੰਚ ਰੱਖਣ ਵਾਲਾ ਕਿਉਂ ਨਾ ਹੋਵੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਦੁਖਦਾਇਕ ਘਟਨਾ ਵਿਚ ਜਾਨਾਂ ਗੁਆ ਚੁੱਕੇ ਭੋਲੇ-ਭਾਲੇ ਕਿਸਾਨਾਂ ਲਈ ਇਨਸਾਫ਼ ਛੇਤੀ ਦਿਵਾਉਣਾ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਕਾਰਨ ਕਿਸਾਨਾਂ ‘ਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਇਸ ਦੇ ਨਤੀਜੇ ਵਜੋਂ ਦੇਸ਼ ਭਰ ਤੋਂ ਕਿਸਾਨ ਸੰਗਠਨ ਬੜੇ ਔਖੇ ਹਾਲਾਤਾਂ ਜਿਵੇਂ ਕਿ ਕੋਵਿਡ-19 ਮਹਾਂਮਾਰੀ ਅਤੇ ਮੌਸਮ ਦੀ ਮਾਰ ਝੱਲਦੇ ਹੋਏ ਬੀਤੇ ਇੱਕ ਸਾਲ ਤੋਂ ਦਿੱਲੀ ਦੀ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤੀ ਕਾਨੂੰਨਾਂ ਖਿਲਾਫ ਜੰਗ ਵਿੱਚ ਹਿੱਸਾ ਲੈਂਦੇ ਹੋਏ ਕਈ ਕਿਸਾਨ ਆਪਣੀ ਜਾਨ ਤੋਂ ਹੱਥ ਧੋ ਬੈਠੇ ਹਨ, ਜਿਨ੍ਹਾਂ ਕਾਨੂੰਨਾਂ ਕਰਕੇ ਉਨ੍ਹਾਂ ਦੀ ਰੋਜ਼ੀ-ਰੋਟੀ ਖਤਰੇ ਵਿੱਚ ਪੈ ਗਈ ਹੈ ਅਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਨਸਲਾਂ ਦੇ ਭਵਿੱਖ ‘ਤੇ ਪ੍ਰਸ਼ਨ ਚਿੰਨ੍ਹ ਲੱਗ ਗਿਆ ਹੈ।
ਇਸ ਮੌਕੇ ਮੁੱਖ ਮੰਤਰੀ ਨਾਲ ਉਪ-ਮੁੱਖ ਮੰਤਰੀ ਓ.ਪੀ.ਸੋਨੀ., ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਵਿਜੈ ਇੰਦਰ ਸਿੰਗਲਾ, ਰਣਦੀਪ ਸਿੰਘ ਨਾਭਾ, ਡਾ. ਰਾਜਕੁਮਾਰ ਵੇਰਕਾ, ਸੰਗਤ ਸਿੰਘ ਗਿਲਜੀਆਂ, ਪਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਗੁਰਕੀਰਤ ਸਿੰਘ ਕੋਟਲੀ ਵੀ ਸ਼ਾਮਿਲ ਸਨ।
ਮੰਤਰੀ ਮੰਡਲ ਵਲੋਂ ਲਖੀਮਪੁਰ ਘਟਨਾ ‘ਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀਆਂ ਚੰਡੀਗੜ੍ਹ / ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ‘ਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਵਾਪਰੀ ਮੰਦਭਾਗੀ ਘਟਨਾ ਵਿਚ ਜਾਨ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ 2 ਮਿੰਟ ਦਾ ਮੌਨ ਰੱਖਿਆ ਗਿਆ। ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਇਸ ਘਿਨਾਉਣੀ ਕਾਰਵਾਈ ਦੇ ਪਰਦੇ ਪਿਛਲੇ ਅਸਲ ਦੋਸ਼ੀਆਂ ਦੇ ਚਿਹਰਿਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ, ਭਾਵੇਂ ਉਹ ਕਿੰਨਾ ਵੀ ਅਸਰ-ਰਸੂਖ ਜਾਂ ਪਹੁੰਚ ਰੱਖਦੇ ਹੋਣ।
ਮੰਤਰੀ ਮੰਡਲ ਨੇ ਤਹੱਈਆ ਕਰਦਿਆਂ ਕਿਹਾ ਕਿ ਬੇਕਸੂਰ ਕਿਸਾਨਾਂ ਨੂੰ ਛੇਤੀ ਤੋਂ ਛੇਤੀ ਇਨਸਾਫ਼ ਦਿੱਤਾ ਜਾਣਾ ਚਾਹੀਦਾ ਹੈ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੰਤਰੀ ਮੰਡਲ ਨੇ ਦੁੱਖ ਦੀ ਇਸ ਘੜੀ ‘ਚ ਕਿਸਾਨ ਭਾਈਚਾਰੇ ਨਾਲ ਇਕਜੁੱਟਤਾ ਜ਼ਾਹਿਰ ਕੀਤੀ ਅਤੇ ਮੀਟਿੰਗ ਹੋਰ ਕਿਸੇ ਕੰਮਕਾਜ ਤੋਂ ਬਿਨਾਂ ਸਮਾਪਤ ਹੋ ਗਈ। ਮੀਟਿੰਗ ‘ਚ ਸੀਨੀਅਰ ਮੰਤਰੀ ਬ੍ਰਹਮ ਮਹਿੰਦਰਾ, ਉਪ ਮੁੱਖ ਮੰਤਰੀ ਓ.ਪੀ ਸੋਨੀ, ਮਨਪ੍ਰੀਤ ਸਿੰਘ ਬਾਦਲ, ਅਰੁਣਾ ਚੌਧਰੀ, ਰਾਣਾ ਗੁਰਜੀਤ ਸਿੰਘ, ਵਿਜੈਇੰਦਰ ਸਿੰਗਲਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਗਤ ਸਿੰਘ ਗਿਲਜੀਆਂ, ਗੁਰਕੀਰਤ ਸਿੰਘ ਕੋਟਲੀ, ਪਰਗਟ ਸਿੰਘ, ਰਾਜ ਕੁਮਾਰ ਵੇਰਕਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਸ਼ਾਮਿਲ ਹੋਏ।