ਰਿੰਦਾ ਮਾਡਿਊਲ ਦੇ 2 ਹੋਰ ਅੱਤਵਾਦੀ ਕਾਬੂ

ਚੰਡੀਗੜ੍ਹ : ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਕਰਨਾਲ ਤੋਂ ਗ੍ਰਿਫਤਾਰ ਕੀਤੇ ਗਏ ਚਾਰ ਅੱਤਵਾਦੀਆਂ ਦੇ 2 ਹੋਰ ਸਾਥੀਆਂ ਨੂੰ ਕਾਬੂ ਕੀਤਾ ਹੈ।

ਫੜੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ਦੀਪ ਉਰਫ ਆਕਾਸ਼ ਵਾਸੀ ਫਿਰੋਜ਼ਪੁਰ ਅਤੇ ਜਸ਼ਨਪ੍ਰੀਤ ਸਿੰਘ ਉਰਫ ਜੱਸ ਵਾਸੀ ਫਰੀਦਕੋਟ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਫਿਰੋਜ਼ਪੁਰ ਚਰਨਜੀਤ ਸਿੰਘ ਨੇ ਦੱਸਿਆ ਕਿ ਹਰਿਆਣਾ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਦੇ ਖੁਲਾਸੇ ’ਤੇ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਤੋਂ ਚਲਾਏ ਜਾ ਰਹੇ ਹਰਵਿੰਦਰ ਸਿੰਘ ਰਿੰਦਾ ਅੱਤਵਾਦੀ ਮਾਡਿਊਲ ਦੇ ਹੋਰ ਮੈਂਬਰਾਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫਾਜ਼ਿਲਕਾ ਨੇ ਜ਼ਿਲ੍ਹਾ ਪੁਲਿਸ ਫਿਰੋਜ਼ਪੁਰ ਦੇ ਨਾਲ ਮਿਲ ਕੇ ਇਨ੍ਹਾਂ ਦੋਹਾਂ ਕਾਰਕੁੰਨਾਂ ਨੂੰ ਉਸ ਵੇਲੇ ਗ੍ਰਿਫਤਾਰ ਕੀਤਾ, ਜਦੋਂ ਉਹ ਕਰਨਾਲ ਵਿਖੇ ਆਪਣੇ ਚਾਰ ਸਾਥੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਆਪਣੀ ਮਹਿੰਦਰਾ ਸਕਾਰਪੀਓ ਕਾਰ ਵਿੱਚ ਫਿਰੋਜ਼ਪੁਰ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ।

ਜ਼ਿਕਰਯੋਗ ਹੈ ਕਿ ਚਾਰ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ ਅਤੇ ਪਰਮਿੰਦਰ ਸਿੰਘ ਵਾਸੀ ਪਿੰਡ ਵਿੰਜੋਕੇ, ਜ਼ੀਰਾ, ਫਿਰੋਜ਼ਪੁਰ ਵਜੋਂ ਹੋਈ ਹੈ। ਅਤੇ ਲੁਧਿਆਣਾ ਦੇ ਪਿੰਡ ਭਟੀਆਂ ਦੇ ਭੁਪਿੰਦਰ ਸਿੰਘ ਨੂੰ ਵੀਰਵਾਰ ਨੂੰ ਪੰਜਾਬ ਪੁਲਿਸ ਦੀ ਸੂਚਨਾ ‘ਤੇ ਹਰਿਆਣਾ ਪੁਲਿਸ ਨੇ ਕਰਨਾਲ ਤੋਂ ਆਈ.ਈ.ਡੀਜ਼ ਦੇ ਤਿੰਨ ਬਕਸੇ ਤੇ ਪਿਸਤੌਲ ਨਾਲ ਗ੍ਰਿਫਤਾਰ ਕੀਤਾ ਸੀ।

ਐਸਐਸਪੀ ਨੇ ਦੱਸਿਆ ਕਿ ਪੁਲਿਸ ਨੇ ਗੈਂਗਸਟਰ ਰਾਜਵੀਰ ਸਿੰਘ ਉਰਫ਼ ਰਾਜਾ ਨੂੰ ਵੀ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਹੈ, ਜਿਸ ਨੇ ਗੁਰਪ੍ਰੀਤ ਨੂੰ ਰਿੰਦਾ ਨਾਲ ਮਿਲਵਾਇਆ ਸੀ। ਰਾਜਾ ਇੱਕ ਕੱਟੜ ਅਪਰਾਧੀ ਹੈ ਜਿਸ ਦੇ ਖਿਲਾਫ ਦਰਜਨਾਂ ਅਪਰਾਧਿਕ ਮਾਮਲੇ ਦਰਜ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ ਕੀਤੀ ਗਈ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਕਾਰਕੁੰਨ ਕੱਲ੍ਹ ਦੇ ਪਰਦਾਫਾਸ਼ ਕੀਤੇ ਗਏ ਮਾਡਿਊਲ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਸਨ, ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪਾਕਿ ਆਈ.ਐੱਸ.ਆਈ. ਅਤੇ ਪਾਕਿਸਤਾਨ ਅਧਾਰਤ ਖਾਲਿਸਤਾਨ ਪੱਖੀ ਅੱਤਵਾਦੀ ਸਮੂਹਾਂ ਦੁਆਰਾ ਭੇਜੀਆਂ ਗਈਆਂ ਕਈ ਖੇਪਾਂ ਪ੍ਰਾਪਤ ਹੋਈਆਂ ਸਨ ਅਤੇ ਇਸ ਨੂੰ ਰਿੰਦਾ ਦੇ ਇਸ਼ਾਰੇ ‘ਤੇ ਅੱਗੇ ਪਹੁੰਚਾਇਆ ਗਿਆ ਸੀ। 

Leave a Reply

Your email address will not be published. Required fields are marked *