ਲਖੀਮਪੁਰ ਘਟਨਾ ਦੇ ਪੀੜਤ ਪਰਿਵਾਰਾਂ ਨਾਲ ਇਕਜੱਟਤਾ ਪ੍ਰਗਟਾਉਣ ਲਈ ਮੁੱਖ ਮੰਤਰੀ ਦੀ ਅਗਵਾਈ ‘ਚ ਪ੍ਰਦਰਸ਼ਨ

ਚੰਡੀਗੜ੍ਹ / ਉੱਤਰ ਪ੍ਰਦੇਸ਼ ‘ਚ ਲਖੀਮਪੁਰ ਖੀਰੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸੈਕਟਰ-16 ਸਥਿਤ ਸਮਾਰਕ ਭਵਨ ਵਿਖੇ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਆਪਣੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨਾਲ ਸ਼ਾਂਤਮਈ ਪ੍ਰਦਰਸ਼ਨ ਕੀਤਾ |

ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਵਧੀਕੀਆਂ ਅੱਗੇ ਝੁਕਣ ਵਾਲੇ ਨਹੀਂ ਹਨ | ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਦੇ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਆਵਾਜ਼ ਦਬਾਉਣ ਲਈ ਡੰਡਾ ਰਾਜ ਲਾਗੂ ਕਰਨ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕੀਤਾ ਜਾਵੇ | ਉਨ੍ਹਾਂ ਨੇ ਲਖੀਮਪੁਰ ਖੀਰੀ ਦੀ ਘਟਨਾ ਦੀ ਤੁਲਨਾ ਜਲ੍ਹਿਆਂਵਾਲਾ ਬਾਗ ਦੇ ਕਤਲੇਆਮ ਨਾਲ ਕੀਤੀ ਅਤੇ ਕੇਂਦਰ ਸਰਕਾਰ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ, ਊਧਮ ਸਿੰਘ, ਰਾਜ ਗੁਰੂ ਅਤੇ ਸੁਖਦੇਵ ਦੇ ਰਸਤੇ ‘ਤੇ ਚੱਲਣ ਲਈ ਮਜਬੂਰ ਨਾ ਕੀਤਾ ਜਾਵੇ | ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ‘ਚ ਵਾਪਰੀ ਇਹ ਘਟਨਾ ਪਹਿਲਾਂ ਘੜੀ ਗਈ ਸੀ ਅਤੇ ਮਿੱਥ ਕੇ ਭੋਲੇ-ਭਾਲੇ ਕਿਸਾਨਾਂ ਨੂੰ ਦਰੜ ਦਿੱਤਾ ਗਿਆ ਜੋ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ਾਂਤਮਈ ਰੋਸ ਪ੍ਰਗਟਾ ਰਹੇ ਸਨ |

ਸ. ਚੰਨੀ ਨੇ ਕਿਹਾ ਕਿ ਅਜਿਹੀਆਂ ਕਾਰਾਵਾਈਆਂ ਨਾਲ ਕਿਸਾਨਾਂ ਦੇ ਮਨੋਬਲ ਨੂੰ ਢਾਹ ਲਾਉਣ ਦੇ ਇਰਾਦੇ ਸਫਲ ਨਹੀਂ ਹੋਣਗੇ | ਮੁੱਖ ਮੰਤਰੀ ਨੇ ਉੱਤਰ ਪ੍ਰਦੇਸ਼ ਸਰਕਾਰ ਵਲੋਂ ਕਾਂਗਰਸ ਦੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਨੂੰ ਗਿ੍ਫ਼ਤਾਰ ਕਰ ਲੈਣ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਦੁੱਖ ਦੀ ਇਸ ਘੜੀ ਵਿਚ ਉਹ ਲਖੀਮਪੁਰ ਖੀਰੀ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਜਾ ਰਹੇ ਸਨ | ਉਨ੍ਹਾਂ ਕਿਹਾ ਕਿ ਅਜਿਹੀਆਂ ਵਧੀਕੀਆਂ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋ ਕੇ ਉੱਭਰੇਗੀ | ਸ. ਚੰਨੀ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਤਾਂ ਕਿ ਸ਼ਾਂਤਮਈ ਮਾਹੌਲ ਖ਼ਰਾਬ ਨਾ ਹੋਵੇ | ਇਸ ਮੌਕੇ ਪ੍ਰਦਰਸ਼ਨ ‘ਚ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤਿ੍ਪਤ ਰਾਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ਪਰਗਟ ਸਿੰਘ, ਸੰਗਤ ਸਿੰਘ ਗਿਲਜ਼ੀਆਂ, ਗੁਰਕੀਰਤ ਸਿੰਘ ਕੋਟਲੀ ਤੋਂ ਇਲਾਵਾ ਕਈ ਵਿਧਾਇਕਾਂ ਅਤੇ ਪਾਰਟੀ ਲੀਡਰਾਂ ਤੇ ਵਰਕਰਾਂ ਨੇ ਵੀ ਸ਼ਿਰਕਤ ਕੀਤੀ |

Leave a Reply

Your email address will not be published. Required fields are marked *