ਲੜਾਈ ਲਈ ਤਿਆਰ ਰਹਿਣ ਵਰਕਰ, ਆਪ ਨੂੰ ਵਾਅਦਿਆਂ ਤੋਂ ਭੱਜਣ ਨਹੀਂ ਦਿਆਂਗੇ: ਵੜਿੰਗ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਲੜਾਈ ਲੜਨ ਵਾਸਤੇ ਤਿਆਰ ਰਹਿਣ ਨੂੰ ਕਿਹਾ ਹੈ।

ਇੱਥੇ ਪੰਜਾਬ ਭਰ ਤੋਂ ਆਏ ਜ਼ਮੀਨ ਤੋਂ ਜੁੜੇ ਵਰਕਰਾਂ ਅਤੇ ਪ੍ਰਮੁੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਜਵਾਬਦੇਹ ਬਣਾਉਣ ਅਤੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਦੀ ਇਜਾਜ਼ਤ ਨਾ ਦੇਣ ਵਿਚ ਕਾਂਗਰਸ ਪਾਰਟੀ ਦੀ ਅਹਿਮ ਭੂਮਿਕਾ ਹੈ।

ਇਸ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਦੇ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ, ਮਹਿਲਾ ਕਾਂਗਰਸ ਆਗੂ ਗੁਰਸ਼ਰਨ ਕੌਰ ਰੰਧਾਵਾ, ਸੰਗੀਤਾ ਧੀਰ ਅਤੇ ਸੇਵਾ ਦਲ ਦੇ ਆਗੂ ਨਿਰਮਲ ਕੈੜਾ ਅਤੇ ਪ੍ਰਿੰਸ ਰਸਰਨੀਆ ਅਤੇ ਹੋਰ ਪਾਰਟੀ ਆਗੂਆਂ ਨਾਲ ਪੰਜਾਬ ਕਾਂਗਰਸ ਭਵਨ ਵਿਖੇ ਕ੍ਰਮਵਾਰ ਮੀਟਿੰਗਾਂ ਕੀਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਮੁੱਖ ਵਿਰੋਧੀ ਪਾਰਟੀ ਵਜੋਂ ਕਾਂਗਰਸ ਪਾਰਟੀ ਦੀ ਹੋਰ ਵੀ ਵੱਧ ਅਹਿਮ ਭੂਮਿਕਾ ਹੈ, ਕਿਉਂਕਿ ਆਪ ਸਰਕਾਰ ਹੁਣੇ ਤੋਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਸ ਸਰਕਾਰ ਤੋਂ ਉਮੀਦ ਤੋਂ ਪਹਿਲਾਂ ਹੀ ਮੋਹ ਭੰਗ ਹੋਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਵੱਲੋਂ ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਲਈ ਸੂਬਾ ਪੱਧਰੀ ਪ੍ਰੋਗਰਾਮ ਦਾ ਵੀ ਐਲਾਨ ਕੀਤਾ ਗਿਆ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਨਾ ਜਾਵੇ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਵਿੱਚ ਦਿਖਾਏ ਗਏ ਭਰੋਸੇ ਅਤੇ ਉਤਸ਼ਾਹ ਤੋਂ ਉਹ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਸੂਬੇ ਭਰ ਵਿੱਚ ਜਨ ਸੰਪਰਕ ਪ੍ਰੋਗਰਾਮ ਦਾ ਐਲਾਨ ਕਰਨਗੇ। ਸੂਬਾ ਕਾਂਗਰਸ ਪ੍ਰਧਾਨ ਨੇ ਇੱਕ ਵਾਰ ਫਿਰ ਆਪਣੀ ਗੱਲ ਦੁਹਰਾਈ ਕਿ ਕਾਂਗਰਸੀ ਵਰਕਰਾਂ ਨੂੰ ਉਨ੍ਹਾਂ ਤੱਕ ਪਹੁੰਚਣ ਦੀ ਲੋੜ ਨਹੀਂ ਪਵੇਗੀ, ਸਗੋਂ ਉਹ ਵਾਰਡ/ਪੰਚਾਇਤ, ਬਲਾਕ ਅਤੇ ਜ਼ਿਲ੍ਹਾ ਪੱਧਰ ‘ਤੇ ਉਨ੍ਹਾਂ ਦੇ ਘਰ ਪਹੁੰਚਣਗੇ।

Leave a Reply

Your email address will not be published. Required fields are marked *