ਲੰਬੇ ਸਮੇਂ ਬਾਅਦ ਮੁੜ ਖੁੱਲ੍ਹਿਆ ਕਰਤਾਰਪੁਰ ਲਾਂਘਾ

ਨਵੀਂ ਦਿੱਲੀ / ਪੰਜਾਬ ‘ਚ ਚੋਣ ਸਰਗਰਮੀ ਦਰਮਿਆਨ ਕੇਂਦਰ ਸਰਕਾਰ ਨੇ ਸਿੱਖ ਸ਼ਰਧਾਲੂਆਂ ਲਈ ਵੱਡਾ ਐਲਾਨ ਕਰਦਿਆਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ 2 ਦਿਨ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ ।

ਇਹ ਐਲਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵਿੱਟਰ ‘ਤੇ ਪਾਏ ਸੰਦੇਸ਼ ਰਾਹੀਂ ਕੀਤਾ । ਅਮਿਤ ਸ਼ਾਹ ਨੇ ਟਵੀਟ ਕਰਦਿਆਂ ਕਿਹਾ ਇਸ ਕਦਮ ਨੂੰ ਸਿੱਖ ਭਾਈਚਾਰੇ ਪ੍ਰਤੀ ਮੋਦੀ ਸਰਕਾਰ ਦੀ ਅਥਾਹ ਸ਼ਰਧਾ ਕਰਾਰ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਤੋਂ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ । ਉਨ੍ਹਾਂ ਕਿਹਾ ਕਿ ਇਸ ਨਾਲ ਵੱਡੀ ਤਾਦਾਦ ‘ਚ ਸਿੱਖ ਸ਼ਰਧਾਲੂਆਂ ਨੂੰ ਫਾਇਦਾ ਮਿਲੇਗਾ । ਅਮਿਤ ਸ਼ਾਹ ਨੇ ਕਿਹਾ ਕਿ ਇਹ ਫ਼ੈਸਲਾ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਾਡੇ ਸਿੱਖ ਭਾਈਚਾਰੇ ਪ੍ਰਤੀ ਸਰਕਾਰ ਦੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ । ਪ੍ਰਾਪਤ ਜਾਣਕਾਰੀ ਮੁਤਾਬਿਕ 19 ਨਵੰਬਰ ਨੂੰ ਗੁਰਪੁਰਬ ਲਈ ਕਰਤਾਰਪੁਰ ਜਾਣ ਲਈ ਰਜਿਸਟ੍ਰੇਸ਼ਨ ਬੁੱਧਵਾਰ ਤੋਂ ਸ਼ੁਰੂ ਹੋਵੇਗਾ । ਪਹਿਲੇ ਜਥੇ ‘ਚ 250 ਸ਼ਰਧਾਲੂ ਪਾਕਿਸਤਾਨ ਜਾਣਗੇ । ਜ਼ਿਕਰਯੋਗ ਹੈ ਕਿ ਮਾਰਚ 2020 ‘ਚ ਕੋਰੋਨਾ ਸੰਬੰਧੀ ਸੇਧਾਂ ਜਾਰੀ ਹੋਣ ਤੋਂ ਬਾਅਦ ਕਰਤਾਰਪੁਰ ਲਾਂਘਾ ਬੰਦ ਪਿਆ ਸੀ । ਕੇਂਦਰ ਨੇ ਡੇਢ ਸਾਲ ਤੋਂ ਵੱਧ ਸਮੇਂ ਤੋਂ ਬੰਦ ਪਏ ਲਾਂਘੇ ਲਈ ਪਾਕਿਸਤਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ । ਪਿਛਲੇ ਸਾਲ ਕੋਵਿਡ ਦੇ ਹਾਲਾਤ ‘ਚ ਕੁਝ ਸੁਧਾਰ ਹੋਣ ਤੋਂ ਬਾਅਦ ਪਾਕਿਸਤਾਨ ਨੇ ਪਹਿਲਾਂ 27 ਜੂਨ ਅਤੇ ਫਿਰ 3 ਅਕਤੂਬਰ ਨੂੰ ਲਾਂਘਾ ਖੋਲ੍ਹਣ ਦੀ ਇੱਛਾ ਪ੍ਰਗਟਾਈ ਸੀ ।

ਕੇਂਦਰ ਨੇ ਲਾਂਘਾ ਖੋਲ੍ਹਣ ਦੇ ਐਲਾਨ ਦੇ ਨਾਲ ਹੀ ਦਰਸ਼ਨਾਂ ਲਈ ਲਾਜ਼ਮੀ ਸ਼ਰਤਾਂ ਦਾ ਵੀ ਐਲਾਨ ਕੀਤਾ ਹੈ, ਜਿਸ ਮੁਤਾਬਿਕ ਸ਼ਰਧਾਲੂਆਂ ਨੂੰ ਕੋਵਿਡ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਲੈਣ ਤੋਂ ਇਲਾਵਾ 72 ਘੰਟੇ ਤੋਂ ਘੱਟ ਸਮੇਂ ਦੀ ਆਰ[ਟੀ[-ਪੀ[ਸੀ[ਆਰ[ ਟੈਸਟ ਦੀ ਰਿਪੋਰਟ ਵੀ ਦੇਣੀ ਹੋਵੇਗੀ । ਵੀਜ਼ਾ ਮੁਕਤ ਯਾਤਰਾ ਲਈ ਸ਼ਰਧਾਲੂ ਨੂੰ ਘੱਟ ਤੋਂ ਘੱਟ 10 ਦਿਨ ਪਹਿਲਾਂ ਆਨਲਾਈਨ ਕਰਵਾਉਣਾ ਹੋਵੇਗਾ । ਇਸ ਰਜਿਸਟ੍ਰੇਸ਼ਨ ਤੋਂ ਬਾਅਦ ਵਿਦੇਸ਼ ਮੰਤਰਾਲੇ ਵਲੋਂ ਫਾਈਲ ਨੂੰ ਥਾਣੇ ‘ਚ ਤਸਦੀਕ ਤੋਂ ਬਾਅਦ ਹੀ ਗ੍ਰਹਿ ਮੰਤਰਾਲੇ ਵਲੋਂ ਯਾਤਰਾ ਦੀ ਮਨਜ਼ੂਰੀ ਦਿੱਤੀ ਜਾਵੇਗੀ । ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਲਈ ਪੰਜਾਬ ਦੇ ਸਾਰੇ ਸਿਆਸਤਦਾਨਾਂ ਵਲੋਂ ਸਰਕਾਰ ਤੱਕ ਪਹੁੰਚ ਕੀਤੀ ਗਈ ਸੀ, ਜਿਸ ਕਵਾਇਦ ਤਹਿਤ 9 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਵੀ ਲਿਖੀ ਸੀ ।

ਚਿੱਠੀਆਂ ਦਾ ਸਿਲਸਿਲਾ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਵੀ ਜਾਰੀ ਰੱਖਿਆ ਗਿਆ । ਅਪੀਲਾਂ ਦੀ ਇਸ ਕਵਾਇਦ ਹੇਠ ਪੰਜਾਬ ਭਾਜਪਾ ਆਗੂਆਂ ਦਾ ਵਫ਼ਦ ਵੀ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਿਲਆ । ਵਫ਼ਦ ਜਿਸ ‘ਚ ਪੰਜਾਬ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਆਗੂ ਦੁਸ਼ਿਯੰਤ ਗੌਤਮ ਅਤੇ ਹਰਜੀਤ ਗਰੇਵਾਲ ਵੀ ਸ਼ਾਮਿਲ ਸਨ, ਨੇ ਸੋਮਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਲਾਂਘਾ ਖੱੁਲ੍ਹਣ ਦੀ ਮੰਗ ਦੁਹਰਾਈ । ਇਸ ਮੁਲਾਕਾਤ ਤੋਂ ਬਾਅਦ ਹੀ ਸਰਕਾਰ ਵਲੋਂ ਲਾਂਘਾ ਖੋਲ੍ਹਣ ਦੇ ਐਲਾਨ ਦੇ ਕਿਆਸ ਲੱਗਣ ਲੱਗੇ । ਹਾਲਾਂਕਿ ਅਧਿਕਾਰਤ ਤੌਰ ‘ਤੇ ਇਸ ਦੀ ਪੁਸ਼ਟੀ ਗ੍ਰਹਿ ਮੰਤਰੀ ਵਲੋਂ ਕੀਤੇ ਬਿਆਨ ਤੋਂ ਬਾਅਦ ਹੀ ਹੋਈ । ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਸੂਬੇ ਭਰ ਵਿੱਚ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦਾ ਐਲਾਨ ਕੀਤਾ ਜੋ ਕਿ 26 ਨਵੰਬਰ ਤੋਂ ਪੂਰੇ ਸੂਬੇ ਵਿੱਚ ਸ਼ੁਰੂ ਹੋਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਭਰ ਵਿੱਚ ਅੱਖਾਂ ਦੇ ਕੈਂਪ ਲਗਾਏ ਜਾਣਗੇ, ਜਿੱਥੇ ਲੋਕਾਂ ਦੀਆਂ ਅੱਖਾਂ ਦੀ ਚੰਗੀ ਤਰਾਂ ਜਾਂਚ ਕੀਤੀ ਜਾਵੇਗੀ ਅਤੇ ਮੋਤੀਏ ਦੀ ਸਮੱਸਿਆ ਤੋਂ ਪੀੜਤ ਵਿਅਕਤੀਆਂ ਦੇ 15 ਦਿਨ ਬਾਅਦ ਆਪ੍ਰੇਸ਼ਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ, ‘‘ਲੋਕਾਂ ਨੂੰ ਉਨਾਂ ਦੇ ਘਰਾਂ ਤੋਂ ਕੈਂਪ ਵਾਲੀ ਥਾਂ ’ਤੇ ਲਿਆਉਣ-ਲਿਜਾਣ ਲਈ ਟਰਾਂਸਪੋਰਟ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਆਪ੍ਰੇਸ਼ਨ ਕਰਵਾਉਣ ਵਾਲੇ ਲੋਕਾਂ ਲਈ ਰਿਫਰੈਸ਼ਮੈਂਟ ਯਕੀਨੀ ਬਣਾਈ ਜਾਵੇਗੀ ਅਤੇ ਲੋਕਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ।’’ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਢੁਕਵਾਂ ਪ੍ਰਚਾਰ ਕਰਨ ਦੇ ਨਾਲ-ਨਾਲ ਜਾਗਰੂਕਤਾ ਫੈਲਾਉਣਾ ਵੀ ਸਮੇਂ ਦੀ ਲੋੜ ਹੈ। ਚੰਨੀ ਨੇ ਅੱਗੇ ਕਿਹਾ, “ ਇਸ ਸਬੰਧ ਵਿੱਚ ਮੁੱਖ ਸਕੱਤਰ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਨਗੇ।’’ ਇਸ ਮੌਕੇ ਸਿਹਤ ਵਿਭਾਗ ਦੇ ਸਕੱਤਰ ਵਿਕਾਸ ਗਰਗ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਹੁਣ ਤੱਕ ਅਜਿਹੇ 82 ਕੈਂਪ ਲਗਾਏ ਜਾ ਚੁੱਕੇ ਹਨ, ਜਿਸ ’ਤੇ ਮੁੱਖ ਮੰਤਰੀ ਨੇ ਹਦਾਇਤ ਕੀਤੀ ਕਿ ਦਸੰਬਰ ਮਹੀਨੇ ਵਿੱਚ ਹਰੇਕ ਤਹਿਸੀਲ ਵਿੱਚ ਅਜਿਹਾ ਇੱਕ ਕੈਂਪ ਲਗਾਇਆ ਜਾਵੇ। ਇਕ ਹੋਰ ਅਹਿਮ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨਾਂ ਸਰਧਾਲੂਆਂ ਕੋਲ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਪਰਮਿਟ ਹਨ, ਉਨਾਂ ਨੂੰ ਯਾਤਰਾ ਵਾਲੇ ਦਿਨ ਸੂਬਾ ਸਰਕਾਰ ਦੀਆਂ ਬੱਸਾਂ ਵਿਚ ਮੁਫਤ ਸਫਰ ਕਰਨ ਦੀ ਇਜਾਜ਼ਤ ਹੋਵੇਗੀ।

Leave a Reply

Your email address will not be published.