ਵਿਜੀਲੈਂਸ ਜਾਂਚ ਦੇ ਹੁਕਮਾਂ ਤੋਂ ਬਾਅਦ ਰਾਣਾ ਕੇਪੀ ਦਾ ਹੱਲਾ ਬੋਲ

ਚੰਡੀਗੜ੍ਹ : ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਨਾਜਾਇਜ਼ ਮਾਈਨਿੰਗ ਮਾਮਲੇ ‘ਚ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਖਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ ਦੇਣ ਤੋਂ ਬਾਅਦ ਸਿਆਸਤ ਕਾਫੀ ਭਖ ਗਈ ਹੈ। ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰ ਕੇ ਮੰਤਰੀ ਬੈਂਸ ਨੂੰ ਘੇਰਿਆ ਹੈ। ਉਨ੍ਹਾਂ ਮੰਤਰੀ ਵੱਲੋਂ ਦਿੱਤੇ ਹੁਕਮਾਂ ਨੂੰ ਸਿਆਸੀ ਬਦਲਾਖੋਰੀ ਦੱਸਿਆ। ਆਪ ਸਰਕਾਰ ਤੇ ਹਮਲਾ ਬੋਲਦਿਆ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਜਾਂ ਹਾਈ ਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇ ਤੇ ਓਨੀ ਦੇਰ ਤਕ ਹਰਜੋਤ ਬੈਂਸ ਨੂੰ ਮੁਅੱਤਲ ਕੀਤਾ ਜਾਵੇ ਤਾਂ ਜੋ ਜਾਂਚ ਨੂੰ ਪ੍ਰਭਾਵਿਤ ਨਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵੱਲੋਂ ਪਾਬੰਦੀ ਦੇ ਬਾਵਜੂਦ ਮੌਨਸੂਨ ਸੀਜ਼ਨ ਦੌਰਾਨ ਮਾਈਨਿੰਗ ਕੀਤੀ ਜਾ ਰਹੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਜੀਲੈਂਸ ਬਿਊਰੋ ਨੂੰ ਹੁਕਮ ਦਿੱਤੇ ਹਨ ਕਿ ਉਹ ਤਤਕਾਲੀ ਵਿਧਾਨ ਸਭਾ ਸਪੀਕਰ ਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਦੀ ਆਪਣੇ ਅਹੁਦੇ ਦੀ ਦੁਰਵਰਤੋਂ ਕਰ ਕੇ ਗੈਰ-ਕਾਨੂੰਨੀ ਮਾਈਨਿੰਗ ‘ਚ ਕਥਿਤ ਸ਼ਮੂਲੀਅਤ ਦੀ ਜਾਂਚ ਕਰੇ। ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਇਕ ਕਮੇਟੀ ਸਮਾਂਬੱਧ ਤਰੀਕੇ ਨਾਲ ਜਾਂਚ ਕਰੇਗੀ। ਬੈਂਸ ਨੇ ਦਾਅਵਾ ਕੀਤਾ ਕਿ ਸੀਬੀਆਈ ਨੇ ਪਿਛਲੇ ਸਾਲ ਜੁਲਾਈ ਮਹੀਨੇ ਸੂਬੇ ਦੇ ਮੁੱਖ ਸਕੱਤਰ ਨੂੰ ਸਾਬਕਾ ਸਪੀਕਰ ਦੀ ਭੂਮਿਕਾ ਦੀ ਜਾਂਚ ਕਰਨ ਲਈ ਕਿਹਾ ਸੀ, ਪਰ ਉਨ੍ਹਾਂ ਦੀ ਪਾਰਟੀ ਸੱਤਾ ‘ਚ ਹੋਣ ਕਾਰਨ ਇਸ ਮਾਮਲੇ ਨੂੰ ਦਬਾ ਦਿੱਤਾ ਗਿਆ ਸੀ। ਵਿਜੀਲੈਸ ਨੂੰ ਲਿਖੇ ਇਕ ਪੱਤਰ ਵਿਚ ਮੰਤਰੀ ਨੇ ਕਿਹਾ, ‘ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਕੇਪੀ ਦੇ ‘ਸਹਾਇਕਾਂ’ ਵੱਲੋਂ ਰੋਪੜ ਤੇ ਅਨੰਦਪੁਰ ਸਾਹਿਬ ‘ਚ ਕਰੱਸ਼ਰ ਮਾਲਕਾਂ ਤੋਂ ਲੱਖਾਂ ਰੁਪਏ ਦੀ ਮਹੀਨਾਵਾਰ ਅਦਾਇਗੀ ਪ੍ਰੋਟੈਕਸ਼ਨ ਮਨੀ ਵਜੋਂ ਇਕੱਠੀ ਕੀਤੀ ਗਈ ਸੀ। ਅਧਿਕਾਰੀਆਂ ਨੇ ਆਪਣੇ ਬਿਆਨ ‘ਚ ਉਨ੍ਹਾਂ ਦਾ ਨਾਂ ਲਿਆ ਹੈ।’

Leave a Reply

Your email address will not be published.