ਸ਼੍ਰੀਲੰਕਾ ‘ਚ ਹਾਲਾਤ ਬੇਕਾਬੂ, ਹਿੰਸਾ ਕਰਨ ਵਾਲਿਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ

ਸ਼੍ਰੀਲੰਕਾ ਵਿੱਚ ਸੋਮਵਾਰ ਨੂੰ ਸ਼ੁਰੂ ਹੋਇਆ ਬਵਾਲ ਹੁਣ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ ।

ਖਬਰਾਂ ਮੁਤਾਬਕ ਸ਼੍ਰੀਲੰਕਾ ਦੇ ਰੱਖਿਆ ਮੰਤਰਾਲੇ ਨੇ ਫੌਜ ਨੂੰ ਲੁੱਟ-ਘਸੁੱਟ ਕਰਨ ਵਾਲਿਆਂ ਤੇ ਸੰਪਤੀ ਨੂੰ ਨੁਕਸਾਨ ਪਹੁੰਚਣ ਵਾਲੇ ਬਦਮਾਸ਼ਾਂ ‘ਤੇ ਗੋਲੀ ਚਲਾਉਣ ਦੇ ਆਦੇਸ਼ ਦੇ ਦਿੱਤੇ ਹਨ। ਪ੍ਰਦਰਸ਼ਨਕਾਰੀਆਂ ਨੇ ਸੋਮਵਾਰ ਨੂੰ ਕਈ ਕੈਬਨਿਟ ਮੰਤਰੀਆਂ, ਸੰਸਦ ਮੈਂਬਰਾਂ, ਮੇਅਰਾਂ ਅਤੇ ਸਾਬਕਾ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਦਾ ਘਰ ਫੂਕ ਦਿੱਤਾ । ਭੀੜ ਨੇ ਮਹਿੰਦਾ ਰਾਜਪਕਸ਼ੇ ਦੀ ਸਰਕਾਰੀ ਰਿਹਾਇਸ਼ ‘ਤੇ ਵੀ ਹਮਲਾ ਕੀਤਾ, ਜਿਸ ਤੋਂ ਬਾਅਦ ਮੰਗਲਵਾਰ ਸਵੇਰੇ ਫੌਜ ਨੇ ਰਾਜਪਕਸ਼ੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਅਤ ਬਾਹਰ ਕੱਢ ਕੇ ਜਲ ਸੈਨਾ ਦੇ ਅੱਡੇ ‘ਤੇ ਭੇਜ ਦਿੱਤਾ।

ਨਿਊਜ਼ ਏਜੰਸੀ ਅਨੁਸਾਰ ਮੰਤਰਾਲੇ ਨੇ ਕਿਹਾ ਕਿ ਸੁਰੱਖਿਆ ਬਲਾਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਜੋ ਵੀ ਜਨਤਕ ਸੰਪਤੀ ਨੂੰ ਲੁੱਟਣ ਜਾਂ ਜਾਨ-ਮਾਲ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਦੇਖਦੇ ਹੀ ਗੋਲੀ ਮਾਰ ਦਿੱਤੀ ਜਾਵੇ। ਇਸ ਤੋਂ ਪਹਿਲਾਂ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਨੇ ਫੌਜ ਅਤੇ ਪੁਲਿਸ ਨੂੰ ਐਮਰਜੈਂਸੀ ਸ਼ਕਤੀਆਂ ਸੌਂਪਦੇ ਹੋਏ ਲੋਕਾਂ ਨੂੰ ਬਿਨ੍ਹਾਂ ਕਿਸੇ ਵਾਰੰਟ ਦੇ ਹਿਰਾਸਤ ਵਿੱਚ ਲੈਣ ਦੀ ਇਜਾਜ਼ਤ ਦੇ ਦਿੱਤੀ।

ਲੰਬੇ ਸਮੇਂ ਤੋਂ ਆਰਥਿਕ ਸੰਕਟ ਅਤੇ ਵਿਰੋਧ ਪ੍ਰਦਰਸ਼ਨਾਂ ਦਾ ਸਾਹਮਣਾ ਕਰ ਰਹੇ ਸ਼੍ਰੀਲੰਕਾ ਵਿੱਚ ਸੋਮਵਾਰ ਨੂੰ ਤਬਾਹੀ ਮਚ ਗਈ । ਸਰਕਾਰ ਸਮਰਥਕਾਂ ਨੇ ਪ੍ਰਦਰਸ਼ਨਕਾਰੀਆਂ ‘ਤੇ ਹਮਲਾ ਕੀਤਾ ਅਤੇ ਮਹਿੰਦਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ । ਹੁਣ ਤੱਕ ਇਸ ਹਿੰਸਾ ਵਿੱਚ ਅੱਠ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਸ ਵਿੱਚ ਸੱਤਾਧਾਰੀ ਪਾਰਟੀ ਦਾ ਇੱਕ ਸੰਸਦ ਮੈਂਬਰ ਵੀ ਸ਼ਾਮਿਲ ਹੈ। ਹੁਣ ਤੱਕ 200 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ ।ਦੱਸ ਦੇਈਏ ਕਿ ਦੇਸ਼ ਦੇ ਕਈ ਹਿੱਸਿਆਂ ਵਿੱਚ ਸਥਿਤੀ ‘ਤੇ ਕਾਬੂ ਪਾਉਣ ਲਈ ਫੌਜ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਬੁੱਧਵਾਰ ਤੱਕ ਕਰਫਿਊ ਲਗਾ ਦਿੱਤਾ ਗਿਆ ਹੈ। ਮਹਿੰਦਾ ਰਾਜਪਕਸ਼ੇ ਨੇ ਸੋਮਵਾਰ ਨੂੰ ਆਪਣੇ ਸਮਰਥਕਾਂ ਨੂੰ ਸੰਬੋਧਨ ਕੀਤਾ ਪਰ ਹਿੰਸਾ ਰੁਕਣ ਦੀ ਬਜਾਏ ਵਧ ਗਈ।

Leave a Reply

Your email address will not be published. Required fields are marked *