ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਾ ਸੰਪੂਰਨਤਾ ਦਿਵਸ ਉਤਸ਼ਾਹ ਨਾਲ ਮਨਾਇਆ

Home » Blog » ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਾ ਸੰਪੂਰਨਤਾ ਦਿਵਸ ਉਤਸ਼ਾਹ ਨਾਲ ਮਨਾਇਆ
ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਾ ਸੰਪੂਰਨਤਾ ਦਿਵਸ ਉਤਸ਼ਾਹ ਨਾਲ ਮਨਾਇਆ

ਸ਼ੋ੍ਰਮਣੀ ਕਮੇਟੀ ਦੀ ਕਾਇਮੀ ਲਈ ਦਿੱਤੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ : ਸਿੰਘ ਸਾਹਿਬ

ਅੰਮ੍ਤਿਸਰ / ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 101 ਸਾਲਾ ਸਥਾਪਨਾ ਦਿਵਸ ਮੌਕੇ ਅੱਜ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਪੰਥਕ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਇਤਿਹਾਸ ਨੂੰ ਸਾਂਝਾ ਕੀਤਾ ਤੇ ਸੰਸਥਾ ਵਲੋਂ ਪਾਏ ਪੰਥਕ ਯੋਗਦਾਨ ਦੀ ਸ਼ਲਾਘਾ ਕਰਦਿਆਂ ਪੰਥਕ ਇਕਜੁੱਟਤਾ ਦੀ ਲੋੜ ‘ਤੇ ਜ਼ੋਰ ਦਿੱਤਾ । ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮਹਾਨ ਸਿੱਖ ਸੰਸਥਾ ਸ਼ੋ੍ਰਮਣੀ ਕਮੇਟੀ ਦੀ ਕਾਇਮੀ ਲਈ ਇਸਦੇ ਮੈਂਬਰਾਂ ਤੇ ਮੁਲਾਜ਼ਮਾਂ ਵਲੋਂ ਦਿੱਤੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ । ਉਨ੍ਹਾਂ ਸ਼ੋ੍ਰਮਣੀ ਕਮੇਟੀ ਦਾ 101 ਸਾਲਾ ਸਥਾਪਨਾ ਦਿਵਸ ਵੱਡੇ ਪੱਧਰ ‘ਤੇ ਮਨਾਉਣ ਲਈ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵਧਾਈ ਦਿੱਤੀ ਤੇ ਕਮੇਟੀ ਪ੍ਰਬੰਧਕਾਂ ਨੂੰ ਭਵਿੱਖ ‘ਚ ਸਿੱਖੀ ਪ੍ਰਚਾਰ ਲਈ ਅਸਰਦਾਰ ਪ੍ਰੋਗਰਾਮ ਉਲੀਕਣ ਲਈ ਕਿਹਾ ।

ਸੁਖਬੀਰ ਸਿੰਘ ਬਾਦਲ ਨੇ ਮੌਜੂਦਾ ਹਾਲਾਤ ‘ਚ ਪੰਥਕ ਏਕਤਾ ਦਾ ਸੱਦਾ ਦਿੰਦਿਆਂ ਜਥੇਦਾਰ ਅਕਾਲ ਤਖ਼ਤ ਸਾਹਿਬ ਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਨੂੰ ਅਪੀਲ ਕੀਤੀ ਕਿ ਅਜੋਕੇ ਸਮੇਂ ‘ਚ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਤੇ ਪੱਥ ਵਿਰੋਧੀ ਸ਼ਕਤੀਆਂ ਦਾ ਮੁਕਾਬਲਾ ਕਰਨ ਲਈ ਸਿੱਖ ਪੰਥ ਨੂੰ ਇਕ ਕੇਸਰੀ ਝੰਡੇ ਹੇਠ ਇਕੱਤਰ ਕਰਨ ਦੀਆਂ ਕੋਸ਼ਿਸ਼ਾਂ ਕੀਤੇ ਜਾਣ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਸਮੇਤ ਪੰਥ ਵਿਰੋਧੀ ਸ਼ਕਤੀਆਂ ਤੇ ਆਪਣਿਆਂ ਵਲੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਢਾਹ ਲਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਲਈ ਪੰਥ ਵਿਰੋਧੀ ਸ਼ਕਤੀਆਂ ਦੀਆਂ ਚਾਲਾਂ ਅਤੇ ਪੰਥਕ ਚੁਣੌਤੀਆਂ ਦਾ ਸਿੱਖ ਪੰਥ ਨੂੰ ਇਕੱਠੇ ਹੋ ਕੇ ਮੁਕਾਬਲਾ ਕਰਨ ਦੀ ਜ਼ਰੂਰਤ ਹੈ । ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਦੀ ਸਿੱਖੀ ਪ੍ਰਚਾਰ ਲਹਿਰ ਦਾ ਹਿੱਸਾ ਬਣਨ ਤੇ ਮਨੁੱਖਤਾ ਭਲਾਈ ਕਾਰਜਾਂ ਵਿਚ ਵਧ ਚੜ੍ਹ ਕੇ ਅੱਗੇ ਆਉਣ । ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਵਲੋਂ 101 ਸਾਲਾ ਸਫ਼ਰ ਦੌਰਾਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਤੇ ਕੀਤੇ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਾਂ ਤੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੇ ਨਾਲ ਨਾਲ ਹਮੇਸ਼ਾ ਹੀ ਸਿੱਖ ਪੰਥ ਦੇ ਭਖਦਿਆਂ ਮਸਲਿਆਂ ਪ੍ਰਤੀ ਸੰਜੀਦਾ ਰਹੀ ਹੈ ਤੇ ਭਵਿੱਖ ‘ਚ ਵੀ ਹਰ ਸਿੱਖ ਮਸਲਿਆਂ ਦੇ ਹੱਲ ਲਈ ਕਾਰਜ ਕੀਤੇ ਜਾਣਗੇ ।

ਉਨ੍ਹਾਂ ਐਲਾਨ ਕੀਤਾ ਕਿ ਭਵਿੱਖ ‘ਚ ਸਿੱਖੀ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਵੱਖ-ਵੱਖ ਭਾਸ਼ਾਵਾਂ ਦੇ ਗਿਆਤਾ ਪ੍ਰਚਾਰਕ ਭਰਤੀ ਕਰਕੇ ਵੱਖ-ਵੱਖ ਸੂਬਿਆਂ ਅਤੇ ਦੇਸ਼ਾਂ ‘ਚ ਭੇਜੇ ਜਾਣਗੇ । ਨਾਲ ਹੀ ਉਨ੍ਹਾਂ ਸਿੱਖ ਇਤਿਹਾਸ ਨੂੰ ਵੱਧ ਤੋਂ ਵੱਧ ਸੰਗਤ ਤੱਕ ਪਹੁੰਚਾਉਣ ਲਈ ਦੋ ਯੋਜਨਾਵਾਂ ਦਾ ਖ਼ੁਲਾਸਾ ਕਰਦਿਆਂ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਦਾ ਹੋਰ ਵਿਸਥਾਰ ਕੀਤਾ ਜਾਵੇਗਾ, ਜਿਸ ਵਿਚ ਆਧੁਨਿਕ ਢੰਗ ਨਾਲ ਸਿੱਖ ਇਤਿਹਾਸ ਤਸਵੀਰਾਂ ਰਾਹੀਂ ਰੂਪਮਾਨ ਹੋਵੇਗਾ । ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦਫ਼ਤਰ ਨਜ਼ਦੀਕ ਢੁਕਵੀਂ ਥਾਂ ‘ਤੇ ਆਡੀਟੋਰੀਅਮ ਸਥਾਪਿਤ ਕਰਕੇ ਸਿੱਖ ਇਤਿਹਾਸ ਨਾਲ ਸੰਬੰਧਿਤ ਨਾਟਕ ਅਤੇ ਦਸਤਾਵੇਜ਼ੀ ਪ੍ਰੋਗਰਾਮ ਦਿਖਾਉਣ ਦਾ ਪ੍ਰਬੰਧ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸਿੱਖ ਨੌਜਵਾਨੀ ਨੂੰ ਆਧੁਨਿਕ ਸਾਧਨਾਂ ਦੁਆਰਾ ਸਿੱਖ ਧਰਮ ਦੇ ਇਤਿਹਾਸ ਨਾਲ ਜੋੜਨ ਲਈ ਭਵਿੱਖ ‘ਚ ਵਿਉਂਤਬੰਦੀ ਕੀਤੀ ਜਾਵੇਗੀ ਤੇ ਬੱਚਿਆਂ ਲਈ ਸਚਿੱਤਰ ਪੁਸਤਕਾਂ ਤਿਆਰ ਕਰਵਾਈਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਪਰ ਦੁੱਖ ਦੀ ਗੱਲ ਹੈ ਕਿ ਸਰਕਾਰ ਆਪਣੇ ਇਸ ਐਲਾਨ ਤੋਂ ਮੁੱਕਰ ਚੁੱਕੀ ਹੈ ।

ਉਨ੍ਹਾਂ ਕਿਹਾ ਕਿ 100 ਸਾਲਾ ਸਥਾਪਨਾ ਦਿਵਸ ਦੇ ਸੰਪੂਰਨਤਾ ਸਮਾਗਮਾਂ ਮੌਕੇ ਸ਼੍ਰੋਮਣੀ ਕਮੇਟੀ ਐਲਾਨ ਕਰਦੀ ਹੈ ਕਿ ਭਾਈ ਰਾਜੋਆਣਾ, ਭਾਈ ਦਵਿੰਦਰਪਾਲ ਸਿੰਘ ਭੁੱਲਰ ਸਮੇਤ ਸਿੱਖ ਬੰਦੀਆਂ ਦੀ ਰਿਹਾਈ ਲਈ ਹਰ ਪੱਧਰ ‘ਤੇ ਯਤਨ ਕੀਤੇ ਜਾਣਗੇ । ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ, ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ ਤੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਵੀ ਸੰਬੋਧਨ ਕੀਤਾ । ਇਸ ਤੋਂ ਪਹਿਲਾਂ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣ ਉਪਰੰਤ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ । ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜੇ ਸਮਾਗਮ ਦੌਰਾਨ ਵੀ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਸ਼ਬਦ ਕੀਰਤਨ, ਸ਼੍ਰੋਮਣੀ ਕਮੇਟੀ ਦਾ ਇਤਿਹਾਸ ਢਾਡੀ ਅਤੇ ਕਵੀਸ਼ਰੀ ਵਾਰਾਂ ਰਾਹੀਂ ਸੰਗਤ ਸਨਮੁੱਖ ਪੇਸ਼ ਕੀਤਾ । ਇਸ ਮੌਕੇ ਸਿੰਘ ਸਾਹਿਬਾਨ, ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਪੰਥਕ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਿਰੋਪਾE ਤੇ ਸਨਮਾਨ ਚਿੰਨ੍ਹ ਭੇਟ ਕੀਤੇ ਗਏ । ਸੰਸਥਾ ਦੀ ਸਥਾਪਨਾ ਦੇ ਇਤਿਹਾਸ ਨੂੰ ਤਸਵੀਰਾਂ ਰਾਹੀਂ ਰੂਪਮਾਨ ਕਰਦੀ ਚਿੱਤਰ ਤੇ ਪੁਸਤਕ ਪ੍ਰਦਰਸ਼ਨੀ ਵੀ ਦੀਵਾਨ ਹਾਲ ਦੇ ਬਾਹਰ ਲਗਾਈ ਗਈ ।

Leave a Reply

Your email address will not be published.