ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵੱਡੀ ਰਾਹਤ ਦਿੰਦਿਆਂ ਰੈਗੂਲਰ ਜ਼ਮਾਨਤ ਦੇ ਦਿੱਤੀ।ਜ਼ਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ ‘ਤੇ ਪਿਛਲੇ ਤਿੰਨ ਦਿਨਾਂ ਤੋਂ ਬਹਿਸ ਚੱਲ ਰਹੀ ਸੀ। ਬੁੱਧਵਾਰ ਦੁਪਹਿਰ ਤੋਂ ਪਹਿਲਾਂ ਹਾਈ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ‘ਤੇ ਫੈਸਲਾ ਰਾਖਵਾਂ ਰੱਖ ਲਿਆ ਸੀ। ਜਿਸ ਤੋਂ ਬਾਅਦ ਦੇਰ ਸ਼ਾਮ ਨੂੰ ਹਾਈ ਕੋਰਟ ਨੇ ਧਰਮਸੋਤ ਦੀ ਜ਼ਮਾਨਤ ‘ਤੇ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਨੂੰ ਇਸ ਮਾਮਲੇ ‘ਚ ਜ਼ਮਾਨਤ ਦੇ ਦਿੱਤੀ। ਸਾਧੂ ਸਿੰਘ ਧਰਮਸੋਤ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਏਪੀਐਸ ਦਿਓਲ ਨੇ ਹਾਈ ਕੋਰਟ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਜੀਲੈਂਸ ਨੇ ਸਿਆਸੀ ਦੁਸ਼ਮਣੀ ਤਹਿਤ ਇਹ ਸਾਰਾ ਮਾਮਲਾ ਦਰਜ ਕੀਤਾ ਹੈ। ਹਾਈ ਕੋਰਟ ਨੂੰ ਦੱਸਿਆ ਗਿਆ ਕਿ ਧਰਮਸੋਤ ਦੇ ਨਾਂ ‘ਤੇ ਸਿਰਫ ਦੋ ਜਾਇਦਾਦਾਂ ਹਨ, ਜਿਨ੍ਹਾਂ ‘ਚੋਂ ਇੱਕ ਅਮਲੋਹ ਅਤੇ ਦੂਜੀ ਨਿਊ ਚੰਡੀਗੜ੍ਹ ‘ਚ ਹੈ, ਜੋ ਵਿਧਾਇਕਾਂ ਨੂੰ ਦਿੱਤੀ ਗਈ ਸੀ। ਉਹ ਇਨ੍ਹਾਂ ਦੋਵਾਂ ਬਾਰੇ ਪੂਰੀ ਜਾਣਕਾਰੀ ਪਹਿਲਾਂ ਹੀ ਦੇ ਚੁੱਕਾ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਇਸ ਮਾਮਲੇ ‘ਚ ਧਰਮਸੋਤ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਤੁਹਾਨੂੰ ਇਹ ਵੀ ਦੱਸ ਦਈਏ ਕਿ ਰੈਗੂਲਰ ਜ਼ਮਾਨਤ ਦੇਣ ਸਬੰਧੀ ਵਿਸਥਾਰ ਪੂਰਵਕ ਹੁਕਮ ਅਜੇ ਤੱਕ ਜਾਰੀ ਨਹੀਂ ਕੀਤੇ ਗਏ । ਤੁਹਾਨੂੰ ਦੱਸ ਦੇਈਏ ਕਿ ਵਿਜੀਲੈਂਸ ਬਿਓਰੋ ਨੇ 6 ਫਰਵਰੀ ਨੂੰ ਸਾਧੂ ਸਿੰਘ ਧਰਮਸੋਤ ਦੇ ਖਿਲਾਫ ਐਫਆਈਆਰ ਦਰਜ ਕਰ ਕੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ। ਮੋਹਾਲੀ ਅਦਾਲਤ ਨੇ 5 ਮਾਰਚ ਨੂੰ ਸਾਧੂ ਧਰਮਸੋਤ ਦੀ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ।ਪਰ ਹੁਣ ਉਨ੍ਹਾਂ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ । ਜਿਸ ਤੋਂ ਬਾਅਦ ਉਹ ਹੁਣ ਜਲਦ ਹੀ ਜੇਲ੍ਹ ਵਿੱਚੋਂ ਬਾਹਰ ਆ ਜਾਣਗੇ।