ਸਿੱਖ ਸਮਾਜ ‘ਚੋਂ ਹੋਵੇਗਾ ਪੰਜਾਬ ਲਈ ਮੁੱਖ ਮੰਤਰੀ ਦਾ ਚਿਹਰਾ-ਕੇਜਰੀਵਾਲ

ਅੰਮ੍ਰਿਤਸਰ / ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਉਂਦੇ ਹੋਏ ਸਪੱਸ਼ਟ ਕਰਦਿਆਂ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ‘ਚ ਮੁੱਖ ਮੰਤਰੀ ਦਾ ਚਿਹਰਾ ਜਿਥੇ ਸਿੱਖ ਸਮਾਜ ‘ਚੋਂ ਹੋਵੇਗਾ ਉਥੇ ਹੀ ਸੂਬੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਗੋਲੀ ਕਾਂਡ ਦੇ ਸਾਜਿਸ਼ਕਰਤਾ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦੇ ਕੇ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿੱਤਾ ਜਾਵੇਗਾ।

ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੀ ਹਾਜ਼ਰ ਸੀ। ਇਸ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਰੱਦ ਹੋਣ ਕਾਰਨ ਆਪਣੀ ਨੌਕਰੀ ਤੋਂ ਅਸਤੀਫ਼ਾ ਦੇਣ ਵਾਲੇ ਪੰਜਾਬ ਪੁਲਿਸ ਦੇ ਸਾਬਕਾ ਚਰਚਿਤ ਆਈ. ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ‘ਤੇ ਰਸਮੀ ਸਵਾਗਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਅਜੋਕੇ ਸਮੇਂ ਦੌਰਾਨ ਪੰਜਾਬ ਬਹੁਤ ਬੁਰੇ ਦੌਰ ‘ਚੋਂ ਲੰਘ ਰਿਹਾ ਹੈ, ਕਿਉਂਕਿ ਕੋਰੋਨਾ ਮਹਾਂਮਾਰੀ ਦੇ ਦੌਰ ‘ਚ ਸੱਤਾਧਾਰੀ ਆਪੋ-ਆਪਣੀਆਂ ਕੁਰਸੀਆਂ ਬਚਾਉਣ ਲਈ ਲੜ ਰਹੇ ਹਨ, ਸ਼੍ਰੋਮਣੀ ਅਕਾਲੀ ਦਲ (ਬਾਦਲ) ਬੇਅਦਬੀ, ਗੋਲੀ ਕਾਂਡ, ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਦੋਸ਼ਾਂ ‘ਚ ਘਿਰਿਆ ਹੋਇਆ ਹੈ, ਜਦਕਿ ਭਾਜਪਾ ਦੇ ਆਗੂਆਂ ਨੂੰ ਪੰਜਾਬ ਦੇ ਲੋਕ ਮੁਹੱਲੇ ‘ਚ ਵੀ ਵੜਨ ਨਹੀਂ ਦਿੰਦੇ। ਅਜਿਹੇ ‘ਚ ਪੰਜਾਬ ਦੇ ਲੋਕਾਂ ਨੂੰ ਸਿਰਫ਼ ਆਮ ਆਦਮੀ ਪਾਰਟੀ ਤੋਂ ਹੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ 70 ਸਾਲਾਂ ‘ਚ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਰਾਜ ਕਰਨ ਦਾ ਮੌਕਾ ਦਿੱਤਾ ਹੈ, ਪਰ ਹੁਣ ਉਹ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੇਵਾ ਅਤੇ ਸਿਆਸੀ ਇਨਕਲਾਬ ਲਿਆਉਣ ਲਈ ਜ਼ਰੂਰ ਮੌਕਾ ਦੇਣਗੇ। ਉਹ ਰਾਜਨੀਤੀ ਕਰਨ ਲਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦੇਣ ਤੇ ਲੋਕਾਂ ਦੀ ਸੇਵਾ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਇਮਾਨਦਾਰੀ ਅਤੇ ਸੇਵਾ ਭਾਵਨਾ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਇਸ ਮੌਕੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਇਕ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ ਤਾਂ ਜੋ ਪੰਜਾਬ ਚੜ੍ਹਦੀ ਕਲਾ ‘ਚ ਰਹੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਕਰਨਾ ਮੇਰੀ ਜ਼ਿੰਦਗੀ ਦਾ ਅਹਿਮ ਕੇਸ ਸੀ, ਪਰ ਜਦੋਂ ਦੋਸ਼ੀ ਹੀ ਸਰਕਾਰ ਨੂੰ ਦਿਸ਼ਾ-ਨਿਰਦੇਸ਼ ਦੇ ਰਹੇ ਸਨ ਤਾਂ ਪੰਜਾਬ ਦੇ ਲੋਕਾਂ ਨੂੰ ਕੀ ਇਨਸਾਫ਼ ਮਿਲਣਾ ਸੀ। ਉਨ੍ਹਾਂ ਕਿਹਾ ਜਦੋਂ ਜਾਂਚ ਰਿਪੋਰਟ ਫ਼ਰੀਦਕੋਟ ਦੀ ਅਦਾਲਤ ਵਿਚ ਕਾਰਵਾਈ ਅਧੀਨ ਸੀ ਤਾਂ ਚੰਡੀਗੜ੍ਹ ਤੋਂ ਫ਼ੈਸਲੇ ਕਿਉਂ ਕਰਵਾਏ ਗਏ? ਹਾਈਕੋਰਟ ‘ਚ ਕੇਸ ਦੀ ਸੁਣਵਾਈ ਵਾਲੇ ਦਿਨ ਪੰਜਾਬ ਦੇ ਐਡਵੋਕੇਟ ਜਨਰਲ ਛੁੱਟੀ ‘ਤੇ ਚਲੇ ਗਏ। ਇਹ ਸਭ ਕੁਝ ਸੱਤਾਧਾਰੀਆਂ ਅਤੇ ਸਾਜਿਸ਼ਕਾਰਾਂ ਦੀ ਮਿਲੀਭੁਗਤ ਕਰਕੇ ਹੋਇਆ ਹੈ। ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਦਿੱਲੀ ਵਾਂਗ ਪੰਜਾਬ ਦੇ ਲੋਕ ਵੀ ਸੂਬੇ ‘ਚ ਰਾਜਨੀਤਿਕ ਕ੍ਰਾਂਤੀ ਲਿਆਉਣਗੇ।

Leave a Reply

Your email address will not be published. Required fields are marked *