ਸੀਐਮ  ਮਾਨ ਨੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੈਨੇਡਾ ਸਰਕਾਰ ਤੋਂ  ਮੰਗੀ  ਮਦਦ 

ਸੀਐਮ  ਮਾਨ ਨੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੈਨੇਡਾ ਸਰਕਾਰ ਤੋਂ  ਮੰਗੀ  ਮਦਦ 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਨੇ ਕੈਨੇਡਾ ਦੀ ਧਰਤੀ ਤੋਂ ਆਪਣੀਆਂ ਗਤੀਵਿਧੀਆਂ ਚਲਾਉਣ ਵਾਲੇ ਗੈਂਗਸਟਰਾਂ ਨੂੰ ਫੜਨ ਲਈ ਕੈਨੇਡਾ ਸਰਕਾਰ ਤੋਂ ਸਹਿਯੋਗ ਦੀ ਮੰਗ ਕੀਤੀ ਹੈ।

ਮੁੱਖ ਮੰਤਰੀ ਨੇ ਇਹ ਮੁੱਦਾ ਕੈਨੇਡੀਅਨ ਹਾਈ ਕਮਿਸ਼ਨਰ ਕੈਮਰੂਨ ਮੈਕੇ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੀਟਿੰਗ ਦੌਰਾਨ ਉਠਾਇਆ। ਮੁੱਖ ਮੰਤਰੀ ਨੇ ਪੰਜਾਬ ਅਤੇ ਕੈਨੇਡਾ ਦੋਵਾਂ ਵਿੱਚ ਗੈਂਗਸਟਰਵਾਦ ਅਤੇ ਗੈਂਗਸਟਰਾਂ ਦੇ ਫੈਲਾਅ ‘ਤੇ ਚਿੰਤਾ ਪ੍ਰਗਟ ਕੀਤੀ ਹੈ।  ਭਗਵੰਤ  ਮਾਨ ਨੇ ਹਾਈ ਕਮਿਸ਼ਨਰ ਨੂੰ ਦੱਸਿਆ ਕਿ ਕੈਨੇਡਾ ਦੀ ਧਰਤੀ ਤੋਂ ਸਰਗਰਮ ਕੁਝ ਪੰਜਾਬੀ ਗੈਂਗਸਟਰ ਪੰਜਾਬ ਵਿੱਚ ਸਖ਼ਤ ਮਿਹਨਤ ਤੋਂ ਬਾਅਦ ਪ੍ਰਾਪਤ ਹੋਈ ਅਮਨ-ਸ਼ਾਂਤੀ ਨੂੰ ਖ਼ਤਰਾ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੈਂਗਸਟਰ ਜਿੱਥੇ ਇੱਕ ਪਾਸੇ ਅਮਨ-ਕਾਨੂੰਨ ਦੀ ਸਮੱਸਿਆ ਪੈਦਾ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸੂਬੇ ਦੀ ਤਰੱਕੀ ਨੂੰ ਲੀਹੋਂ ਲਾਹੇਵੰਦ ਕਰ ਰਹੇ ਹਨ। ਇਨ੍ਹਾਂ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਵਕਾਲਤ ਕਰਦਿਆਂ  ਭਗਵੰਤ  ਮਾਨ ਨੇ ਕਿਹਾ ਕਿ ਇਨ੍ਹਾਂ ਨੂੰ ਕਾਨੂੰਨ ਦੀਆਂ ਸਖ਼ਤ ਧਾਰਾਵਾਂ ਤਹਿਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਕੈਨੇਡਾ ਅਤੇ ਪੰਜਾਬ ਪੁਲਿਸ ਦਰਮਿਆਨ ਸਾਂਝੀ ਪੁਲਿਸ ਕਾਰਵਾਈ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕੋ ਇੱਕ ਤਰੀਕਾ ਹੈ ਜਿਸ ਰਾਹੀਂ ਅਸੀਂ ਦੋਵਾਂ ਥਾਵਾਂ ਨੂੰ ਗੈਂਗਸਟਰਾਂ ਤੋਂ ਮੁਕਤ ਕਰ ਸਕਾਂਗੇ। ਉਨ੍ਹਾਂ ਹਾਈ ਕਮਿਸ਼ਨਰ ਨੂੰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਖਾਸ ਕਰਕੇ ਔਖੇ ਹਾਲਾਤਾਂ ‘ਤੇ ਕਾਬੂ ਪਾਉਣ ਲਈ ਪੰਜਾਬ ਪੁਲਿਸ ਦੀ ਮਾਣਮੱਤੀ ਪਰੰਪਰਾ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਜੇਕਰ ਕੈਨੇਡਾ ਵਰਗੀ ਆਧੁਨਿਕ ਪੁਲਿਸ ਫੋਰਸ ਪੰਜਾਬ ਪੁਲਿਸ ਦਾ ਸਹਿਯੋਗ ਕਰੇ ਤਾਂ ਇਨ੍ਹਾਂ ਗੈਂਗਸਟਰਾਂ ਨੂੰ ਸਜ਼ਾਵਾਂ ਦਿੱਤੀਆਂ ਜਾ ਸਕਦੀਆਂ ਹਨ | ਮੁੱਖ ਮੰਤਰੀ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਪੰਜਾਬ ਅਤੇ ਕੈਨੇਡਾ ਪੁਲਿਸ ਦਰਮਿਆਨ ਸਿੱਧੇ ਤਾਲਮੇਲ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ ਤਾਂ ਜੋ ਗੈਂਗਸਟਰਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ, ਕਿਉਂਕਿ ਇਹ ਗੈਂਗਸਟਰ ਅਤੇ ਇਨ੍ਹਾਂ ਦੀਆਂ ਕਾਰਵਾਈਆਂ ਕੈਨੇਡਾ ਅਤੇ ਪੰਜਾਬ ਦੋਵਾਂ ਦੇ ਸਮਾਜ, ਆਰਥਿਕਤਾ ਅਤੇ ਜੀਵਨ ਲਈ ਗੰਭੀਰ ਖਤਰਾ ਪੈਦਾ ਕਰ ਰਹੀਆਂ ਹਨ।  ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਕੈਨੇਡਾ ਅਤੇ ਪੰਜਾਬ ਇਸ ਸਹਿਯੋਗ ਨਾਲ ਸਫਲਤਾ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹਣਗੇ।

Leave a Reply

Your email address will not be published.