ਸੀ.ਐਮ ਕੇਜਰੀਵਾਲ ਦੇ ਘਰ ‘ਤੇ ਹਮਲਾ ਕਰਨ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ 8 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ  ਕੁਝ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ ਸੀ ।

ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੇ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਮੁਤਾਬਕ ਇਹ ਸਾਰੇ 8 ਲੋਕ ਉਹ ਹਨ ਜੋ ਕੇਜਰੀਵਾਲ ਦੇ ਘਰ ਦੇ ਬਿਲਕੁਲ ਬਾਹਰ ਪਹੁੰਚੇ ਸਨ, ਜਿਨ੍ਹਾਂ ਨੇ ਘਰ ਦੇ ਬਾਹਰ ਭੰਨਤੋੜ ਕੀਤੀ ਅਤੇ ਮੁੱਖ ਮੰਤਰੀ ਦੇ ਗੇਟ ‘ਤੇ ਪੇਂਟ ਸੁੱਟਿਆ ਸੀ । ਗ੍ਰਿਫਤਾਰ ਕੀਤੇ ਗਏ ਸਾਰੇ ਲੋਕ ਭਾਜਪਾ ਯੁਵਾ ਮੋਰਚਾ ਦੇ ਮੈਂਬਰ ਦੱਸਿਆ ਜਾ ਰਹੇ ਹਨ। ਦਿੱਲੀ ਪੁਲਿਸ ਨੇ ਇਨ੍ਹਾਂ ਨੂੰ ਫੜਨ ਲਈ ਕੁੱਲ 6 ਟੀਮਾਂ ਬਣਾਈਆਂ ਸਨ ਅਤੇ ਇਨ੍ਹਾਂ ਸਾਰਿਆਂ ਦੀ ਪਹਿਚਾਣ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਕੀਤੀ ਗਈ ਹੈ। ਫਿਲਹਾਲ ਇਸ ਵਿੱਚ ਕੁਝ ਹੋਰ ਲੋਕਾਂ ਦਾ ਫੜਿਆ ਜਾਣਾ ਹਾਲੇ ਬਾਕੀ ਹੈ ਪਰ ਪੁਲਿਸ ਦਾ ਕਹਿਣਾ ਹੈ ਕਿ ਸਾਰੇ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਮੈਂਬਰ ਹਨ। ਦੱਸ ਦੇਈਏ ਕਿ ਭਾਜਪਾ ਯੁਵਾ ਮੋਰਚਾ ਵੱਲੋਂ ਫਿਲਮ ‘ਦਿ ਕਸ਼ਮੀਰ ਫਾਈਲਜ਼’ ‘ਤੇ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਕੇਜਰੀਵਾਲ ਦੀ ਤਾਜ਼ਾ ਟਿੱਪਣੀ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਸੀ ।

ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਭਾਜਪਾ ਯੁਵਾ ਮੋਰਚਾ ਦੇ ਕੌਮੀ ਸਕੱਤਰ ਤਜਿੰਦਰ ਪਾਲ ਸਿੰਘ ਬੱਗਾ ਅਤੇ ਇਸ ਦੇ ਕੌਮੀ ਪ੍ਰਧਾਨ ਤੇਜਸਵੀ ਸੂਰਿਆ ਨੇ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਨਿਵਾਸ ਨੇੜੇ ਲਾਏ ਦੋ ਬੈਰੀਕੇਡ ਤੋੜ ਦਿੱਤੇ ਅਤੇ ਉਥੇ ਹੰਗਾਮਾ ਕੀਤਾ। ਜ਼ਿਕਰਯੋਗ ਹੈ ਕਿ ਭਾਜਪਾ ਵੱਲੋਂ ਲਗਾਤਾਰ ‘ਆਪ’ ਸਰਕਾਰ ਤੋਂ ਫਿਲਮ ‘ਦਿ ਕਸ਼ਮੀਰ ਫਾਈਲਜ਼’ ਨੂੰ ਦਿੱਲੀ ਵਿੱਚ ਟੈਕਸ ਮੁਕਤ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਹਾਲਾਂਕਿ, ਕੇਜਰੀਵਾਲ ਨੇ ਹਾਲ ਹੀ ਵਿੱਚ ਵਿਧਾਨ ਸਭਾ ਵਿੱਚ ਅਜਿਹੀਆਂ ਸਾਰੀਆਂ ਬੇਨਤੀਆਂ ਨੂੰ ਠੁਕਰਾ ਦਿੱਤਾ ਅਤੇ ਭਾਜਪਾ ਨੂੰ ਫਿਲਮ ਨੂੰ ਯੂਟਿਊਬ ‘ਤੇ ਅਪਲੋਡ ਕਰਨ ਅਤੇ ਕਸ਼ਮੀਰੀ ਪੰਡਤਾਂ ਦੀ ਭਲਾਈ ਲਈ ਕਮਾਇਆ ਪੈਸਾ ਖਰਚ ਕਰਨ ਬਾਰੇ ਕਿਹਾ ਸੀ।

Leave a Reply

Your email address will not be published. Required fields are marked *