ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੈ। ਚੋਣਾਂ ਨੇ ਸਿਆਸਤ ਗਰਮਾਈ ਹੋਈ ਹੈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਖ਼ਿਲਾਫ਼ ਕੋਈ ਵੀ ਡਰੱਗ ਸਬੂਤ ਮਿਲਿਆ ਤਾਂ ਉਹ ਸਿਆਸਤ ਛੱਡ ਦੇਣਗੇ।
ਸੁਖਬੀਰ ਬਾਦਲ ਨੇ ਲੁਧਿਆਣਾ ਵਿਖੇ ਆਪਣੇ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਲੁਧਿਆਣਾ ਆਏ ਸਨ। ਪ੍ਰੈਸ ਕਾਨਫਰੰਸ ਦੌਰਾਨ ਚੰਨੀ ਸਰਕਾਰ ਉਤੇ ਤਿੱਖੇ ਸ਼ਬਦੀ ਹਮਲੇ ਕੀਤੇ। ਸੁਖਬੀਰ ਬਾਦਲ ਨੇ ਕਿਹਾ ਕਿ ਚੰਨੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ ਝੂਠਾ ਪਰਚਾ ਦਰਜ ਕਰਨ ਦੀ ਸਾਜ਼ਿਸ਼ ਰਚੀ ਹੈ ਅਤੇ ਡੀਜੀਪੀ ਚਟੋਪਾਧਿਆਏ ਇਸ ਸਾਜ਼ਿਸ਼ ਦੇ ਮਾਸਟਰਮਾਈਂਡ ਹਨ। ਚਟੋਪਾਧਿਆਏ ਅਤੇ CM ਚਰਨਜੀਤ ਸਿੰਘ ਚੰਨੀ ਬਾਦਲ, ਮੇਰੇ ਤੇ ਬਿਕਰਮ ਮਜੀਠੀਆ ਖਿਲਾਫ ਕੇਸ ਦਰਜ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੇ ਲਈ ਅਧਿਕਾਰੀ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰ ਰਹੇ ਸਨ। ਉਨ੍ਹਾਂ ਅਫ਼ਸਰਾਂ ’ਤੇ ਦਬਾਅ ਪਾ ਕੇ ਦੋ ਡੀਜੀਪੀਜ਼ ਨੂੰ ਹਟਾ ਦਿੱਤਾ ਗਿਆ। ਚਟੋਪਾਧਿਆਏ ਡਰੱਗ ਮਾਫੀਆ ਹੈ।
ਉਨ੍ਹਾਂ ਦਾਅਵਾ ਕੀਤਾ ਹੈ ਕਿ ਡਰੱਗ ਮਾਮਲੇ ‘ਚ ਸਿਧਾਰਥ ਚਟੋਪਾਧਿਆਏ ਦਾ ਨਾਂ ਸਾਹਮਣੇ ਆਇਆ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਅਪਰਾਧਿਕ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਜੇਕਰ ਸਿਧਾਰਥ ਚਟੋਪਾਧਿਆਏ ਨੂੰ ਗ੍ਰਿਫਤਾਰ ਕੀਤਾ ਜਾਂਦਾ ਹੈ ਤਾਂ ਸਾਰੀਆਂ ਗੱਲਾਂ ਸਾਹਮਣੇ ਆ ਜਾਣਗੀਆਂ ਕਿ ਕਿਵੇਂ ਸਿਧਾਰਥ ਚਟੋਪਾਧਿਆਏ ਰੇਤ ਮਾਫੀਆ ਦਾ ਕੰਮ ਕਰਵਾ ਕੇ ਚਰਨਜੀਤ ਸਿੰਘ ਚੰਨੀ ਨੂੰ ਪੈਸੇ ਦੇ ਰਿਹਾ ਹੈ।