ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਪੁੱਜੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ

Home » Blog » ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਪੁੱਜੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ
ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਪੁੱਜੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ

ਅੰਮ੍ਤਿਸਰ / ਖੇਤੀ ਕਾਨੂੰਨਾਂ ਖਿਲਾਫ਼ ਕਿਸਾਨੀ ਸੰਘਰਸ਼ ਦੀ ਇਤਿਹਾਸਕ ਜਿੱਤ ਪ੍ਰਾਪਤ ਕਰਨ ਉਪੰਤ ਅੱਜ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਦਿੱਲੀ ਤੋਂ ‘ਫ਼ਤਹਿ ਮਾਰਚ’ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਵੱਡੀ ਗਿਣਤੀ ‘ਚ ਕਿਸਾਨਾਂ ਤੇ ਸੰਗਤਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਤੇ ਅਰਦਾਸ ਕੀਤੀ ।

ਕਿਸਾਨ ਫ਼ਤਹਿ ਮਾਰਚ ਦਾ ਗੁਰੂ ਨਗਰੀ ਵਿਚ ਜਿਥੇ ਥਾਂ-ਥਾਂ ‘ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਉਥੇ ਹੀ ਸ਼ੋ੍ਰਮਣੀ ਕਮੇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ ਸਜਾ ਕੇ ਕਿਸਾਨ ਆਗੁੂਆਂ ਨੂੰ ਸਨਮਾਨਤ ਕੀਤਾ । ਜਿਉਂ ਹੀ ਅੱਜ ਦੁਪਹਿਰ ਕਿਸਾਨ ਫ਼ਤਹਿ ਮਾਰਚ ਅੰਮ੍ਤਿਸਰ ਦੀ ਹਦੂਦ ‘ਚ ਸ਼ਾਮਿਲ ਹੋਇਆ ਤਾਂ ਪਹਿਲਾਂ ਤੋਂ ਸੜਕਾਂ ਦੇ ਕਿਨਾਰੇ ਖੜ੍ਹੇ ਹਜ਼ਾਰਾਂ ਜ਼ਿਲ੍ਹਾ ਵਾਸੀਆਂ ਅਤੇ ਵੱਖ-ਵੱਖ ਧਾਰਮਿਕ, ਕਿਸਾਨ ਤੇ ਸਮਾਜ ਸੇਵੀ ਜਥੇਬੰਦੀਆਂ ਨੇ ਕਿਸਾਨਾਂ ‘ਤੇ ਫੁੱਲਾਂ ਦੀ ਵਰਖਾ ਕਰਕੇ, ਆਗੂਆਂ ਨੂੰ ਸਿਰੋਪਾਉ ਭੇਟ ਕਰਕੇ, ਲੱਡੂ, ਗੁੜ ਸਮੇਤ ਹੋਰ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾ ਕੇ ਸਵਾਗਤ ਕੀਤਾ ਗਿਆ ਤੇ ਕਿਸਾਨ ਆਗੂਆਂ ਨਾਲ ਸੈਲਫੀਆਂ ਲਈਆਂ । ਵਿਰਾਸਤੀ ਮਾਰਗ ਵਿਖੇ ਹਰ ਪਾਸੇ ਕਿਸਾਨਾਂ ਤੇ ਸਮਰਥਕਾਂ ਦਾ ਠਾਠਾਂ ਮਾਰਦਾ ਸਮੁੰਦਰ ਨਜ਼ਰ ਆ ਰਿਹਾ ਸੀ ।

ਸ਼ੋ੍ਰਮਣੀ ਕਮੇਟੀ ਵਲੋਂ ਸਨਮਾਨ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪ੍ਰੰਤ ਕਿਸਾਨ ਆਗੂਆਂ ਦੇ ਸਨਮਾਨ ਹਿਤ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਗਿਆ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਘੰਟਾ ਘਰ ਪਲਾਜ਼ਾ ਵਿਖੇ ਫੁੱਲਾਂ ਦੇ ਬੁੱਕੇ ਦਿੰਦੇ ਹੋਏ ਕਿਸਾਨ ਆਗੂਆਂ ਨੂੰ ਜੀ ਆਇਆਂ ਕਿਹਾ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਰਾਕੇਸ਼ ਟਿਕੈਤ, ਗੁਰਨਾਮ ਸਿੰਘ ਚੜੂਨੀ, ਡਾ: ਸਵੈਮਾਨ ਸਿੰਘ, ਡਾ: ਦਰਸ਼ਨ ਪਾਲ, ਡਾ: ਸਤਨਾਮ ਸਿੰਘ ਅਜਨਾਲਾ ਤੇ ਹੋਰ ਆਗੂਆਂ ਨੂੰ ਸਿਰੋਪਾਉ ਤੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਭੇਟ ਕਰਕੇ ਸਨਮਾਨਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਕਿਸਾਨੀ ਸੰਘਰਸ਼ ਨੂੰ ਜਿੱਤ ਪ੍ਰਾਪਤ ਹੋਈ ਹੈ।

ਉਨ੍ਹਾਂ ਕਿਹਾ ਕਿ ਇਸ ਅੰਦੋਲਨ ਨੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕੀਤੀਆਂ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਮੋਰਚੇ ਦੀ ਜਿੱਤ ਨੇ ਪੰਜਾਬੀਆਂ ਦੇ ਇਤਿਹਾਸ ਦੀ 300 ਸਾਲ ਪੁਰਾਣੀ ਜਿੱਤ ਦੀ ਯਾਦ ਨੂੰ ਮੁੜ ਤਾਜ਼ਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮੋਰਚੇ ਵਿਚ ਹਰਿਆਣਾ, ਯੂ.ਪੀ. ਸਮੇਤ ਦੇਸ਼ ਦੇ ਹਰ ਸੂਬੇ ਦੇ ਕਿਸਾਨਾਂ ਨੇ ਭਰਵਾਂ ਸਹਿਯੋਗ ਦਿੱਤਾ। ਉਨ੍ਹਾਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਸਨਮਾਨਿਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਜਿਹੜੇ ਕਿਸਾਨ ਆਗੂ ਦੀਵਾਨ ਹਾਲ ਵਿਖੇ ਕਿਸੇ ਕਾਰਨ ਨਹੀਂ ਪੁੱਜ ਸਕੇ, ਉਨ੍ਹਾਂ ਦੇ ਪ੍ਰਤੀਨਿਧਾਂ ਨੂੰ ਉਨ੍ਹਾਂ ਦਾ ਸਨਮਾਨ ਭੇਟ ਕੀਤਾ ਗਿਆ। ਇਸ ਮੌਕੇ ਭਾਈ ਜਸਬੀਰ ਸਿੰਘ ਰੋਡੇ ਵਲੋਂ ਚਾਂਦੀ ਦਾ ਹੱਲ ਕਿਸਾਨ ਆਗੂਆਂ ਨੂੰ ਭੇਟ ਕੀਤਾ ਗਿਆ।

ਟਿਕੈਤ ਤੇ ਹੋਰ ਆਗੂ ਦਫ਼ਤਰ ਵਿਖੇ ਸਨਮਾਨਤ ਕਿਸਾਨ ਆਗੂ ਸ੍ਰੀ ਰਾਕੇਸ਼ ਟਿਕੈਤ, ਡਾ: ਦਰਸ਼ਨ ਪਾਲ ਅਤੇ ਯੁੱਧਵੀਰ ਸਿੰਘ ਕੁਝ ਦੇਰੀ ਨਾਲ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਜਿਨ੍ਹਾਂ ਨੂੰ ਬਾਅਦ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਮੈਂਬਰ ਸਾਹਿਬਾਨ ਵਲੋਂ ਦਫ਼ਤਰ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਟਿਕੈਤ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਸੀ ਕਿ ਕਿਸਾਨੀ ਮੋਰਚੇ ਦੀ ਜਿੱਤ ਤੋਂ ਬਾਅਦ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਕੇ ਫਿਰ ਘਰ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਇਸ ਪਾਵਨ ਅਸਥਾਨ ਤੋਂ ਅਰਦਾਸ ਕਰਕੇ ਇਹ ਮੋਰਚਾ ਸ਼ੁਰੂ ਹੋਇਆ ਸੀ ਅਤੇ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਹੀ ਮੋਰਚੇ ਨੂੰ ਜਿੱਤ ਪ੍ਰਾਪਤ ਹੋਈ ਹੈ। ਸ੍ਰੀ ਟਿਕੈਤ ਤੇ ਯੁੱਧਵੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਵਲੋਂ ਮੋਰਚੇ ਦੌਰਾਨ ਦਿੱਤੀਆਂ ਸੇਵਾਵਾਂ ਅਤੇ ਸਨਮਾਨ ਲਈ ਧੰਨਵਾਦ ਕੀਤਾ।

ਸਨਮਾਨੇ ਗਏ ਆਗੂ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ ਲਈ ਬੋਲੇ ਗਏ ਕਿਸਾਨ ਆਗੂਆਂ ਦੇ ਨਾਵਾਂ ਵਿਚ ਸ: ਰਾਜੇਵਾਲ ਤੇ ਸ: ਚੜੂਨੀ ਤੇ ਸ੍ਰੀ ਟਿਕੈਤ ਤੋਂ ਇਲਾਵਾ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਡਾ[ ਸਵੈਮਾਨ ਸਿੰਘ, ਸ੍ਰੀ ਡਾ: ਦਰਸ਼ਨਪਾਲ, ਯੁੱਧਵੀਰ ਸਿੰਘ, ਕੁਲਵੰਤ ਸਿੰਘ ਸੰਧੂ, ਪ੍ਰਗਟ ਸਿੰਘ, ਬੂਟਾ ਸਿੰਘ ਬੁਰਜ ਗਿੱਲ, ਮਨਜੀਤ ਸਿੰਘ ਰਾਏ, ਰੁਲਦੂ ਸਿੰਘ ਮਾਨਸਾ, ਬਲਦੇਵ ਸਿੰਘ ਨਿਹਾਲਗੜ੍ਹ, ਨਿਰਭੈ ਸਿੰਘ ਢੁਡੀਕੇ, ਹਰਜਿੰਦਰ ਸਿੰਘ ਟਾਂਡਾ, ਹਰਮੀਤ ਸਿੰਘ ਕਾਦੀਆਂ, ਕੁਲਦੀਪ ਸਿੰਘ ਵਜੀਦਪੁਰ, ਬਲਵੰਤ ਸਿੰਘ, ਮੁਕੇਸ਼ ਚੰਦਰ ਸ਼ਰਮਾ, ਜੰਗਵੀਰ ਸਿੰਘ ਚੌਹਾਨ, ਕਿਰਪਾ ਸਿੰਘ, ਸੁਖਪਾਲ ਸਿੰਘ ਡੋਫਰ, ਹਰਪਾਲ ਸਿੰਘ ਸੰਘਾ, ਮੇਜਰ ਸਿੰਘ ਪੁੰਨਾਵਾਲਾ, ਬਲਵਿੰਦਰ ਸਿੰਘ ਔਲਖ, ਕਿਰਨਜੀਤ ਸਿੰਘ ਸੇਖੋਂ, ਬੋਘ ਸਿੰਘ ਮਾਨਸਾ, ਮਨਜਿੰਦਰ ਸਿੰਘ ਬੁੱਟਰ, ਸੁੱਚਾ ਸਿੰਘ, ਹਰਦੇਵ ਸਿੰਘ ਸੰਧੂ, ਬਲਦੇਵ ਸਿੰਘ ਜੀਰਾ, ਕੰਵਲਪ੍ਰੀਤ ਸਿੰਘ ਪੰਨੂ, ਗੁਰਬਖ਼ਸ਼ ਸਿੰਘ ਬਰਨਾਲਾ, ਹਰਿੰਦਰ ਸਿੰਘ ਲੱਖੋਵਾਲ, ਗੁਰਮੇਲ ਸਿੰਘ, ਗੁਰਪ੍ਰੀਤ ਸਿੰਘ ਕੱਟਿਆਵਾਲੀ, ਬੀਬੀ ਜੇਬਾ ਖਾਨ ਝਾਰਖੰਡ, ਭੂਰਾਕੋਹਨਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰ ਅਤੇ ਸੀਨੀਅਰ ਅਧਿਕਾਰੀ ਤੇ ਕਰਮਚਾਰੀ ਤੇ ਹੋਰ ਸੰਗਤਾਂ ਹਾਜ਼ਰ ਸਨ।

Leave a Reply

Your email address will not be published.