ਹੁਣ ਨਵਜੋਤ ਸਿੱਧੂ ਦੇ ਹੱਥ ਆਈ ਪੰਜਾਬ ਕਾਂਗਰਸ ਦੀ ਕਮਾਨ

Home » Blog » ਹੁਣ ਨਵਜੋਤ ਸਿੱਧੂ ਦੇ ਹੱਥ ਆਈ ਪੰਜਾਬ ਕਾਂਗਰਸ ਦੀ ਕਮਾਨ
ਹੁਣ ਨਵਜੋਤ ਸਿੱਧੂ ਦੇ ਹੱਥ ਆਈ ਪੰਜਾਬ ਕਾਂਗਰਸ ਦੀ ਕਮਾਨ

ਚੰਡੀਗੜ੍ਹ: ਕਾਂਗਰਸ ਹਾਈਕਮਾਨ ਨੇ ਪੰਜਾਬ ਵਿਚ ਪਾਰਟੀ ਅੰਦਰ ਚੱਲ ਰਹੀ ਸਿਆਸੀ ਖਿੱਚੋਤਾਣ ਨੂੰ ਦਰਕਿਨਾਰ ਕਰਦਿਆਂ ਆਖਰਕਾਰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਐਲਾਨ ਦਿੱਤਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਆਸੀ ਅਪੀਲ ਤੇ ਦਲੀਲ ਨੂੰ ਅਣਗੌਲਿਆ ਕਰਦਿਆਂ ਹਾਈਕਮਾਨ ਨੇ ਪੰਜਾਬ ਵਿਚ ਨਵਜੋਤ ਸਿੱਧੂ ਨੂੰ ਪਾਰਟੀ ਦੀ ਕਮਾਨ ਸੌਂਪ ਦਿੱਤੀ ਹੈ। ਮੁੱਖ ਮੰਤਰੀ ਵੱਲੋਂ ਸੰਸਦ ਮੈਂਬਰਾਂ ਰਾਹੀਂ ਚੱਲਿਆ ਗਿਆ ਸਿਆਸੀ ਦਾਅ ਵੀ ਕੰਮ ਨਹੀਂ ਕਰ ਸਕਿਆ। ਕੁੱਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਏ.ਵੇਣੂਗੋਪਾਲ ਦੇ ਦਸਤਖਤਾਂ ਹੇਠ ਜਾਰੀ ਪੱਤਰ ਅਨੁਸਾਰ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਹੋਣਗੇ ਜਦੋਂ ਕਿ ਉਨ੍ਹਾਂ ਦੇ ਨਾਲ ਚਾਰ ਕਾਰਜਕਾਰੀ ਪ੍ਰਧਾਨ ਵੀ ਲਗਾਏ ਗਏ ਹਨ ਜਿਨ੍ਹਾਂ ਵਿਚ ਵਿਧਾਇਕ ਸੰਗਤ ਸਿੰਘ ਗਿਲਜੀਆਂ, ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਜਿਲ੍ਹਾ ਯੋਜਨਾ ਬੋਰਡ ਫਰੀਦਕੋਟ ਦੇ ਚੇਅਰਮੈਨ ਪਵਨ ਗੋਇਲ ਤੋਂ ਇਲਾਵਾ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੀ ਸ਼ਾਮਲ ਹਨ।

ਹਾਈਕਮਾਨ ਨੇ ਜਾਰੀ ਪੱਤਰ ਵਿਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀ ਕਾਰਗੁਜ਼ਾਰੀ ‘ਤੇ ਤਸੱਲੀ ਜ਼ਾਹਿਰ ਕਰਦੇ ਹੋਏ ਉਨ੍ਹਾਂ ਦੀ ਪ੍ਰਸੰਸਾ ਵੀ ਕੀਤੀ ਹੈ। ਨਵੇਂ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਨੂੰ ਸਿੱਕਮ, ਨਾਗਾਲੈਂਡ ਤੇ ਤ੍ਰਿਪੁਰਾ ਵਿਚ ਇੰਚਾਰਜ ਦੀ ਸੌਂਪੀ ਗਈ ਜਿੰਮੇਵਾਰੀ ਤੋਂ ਮੁਕਤ ਕਰ ਦਿੱਤਾ ਗਿਆ ਹੈ। ਨਵੇਂ ਐਲਾਨਾਂ ਤੋਂ ਜਾਪਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀਆਂ ਸਿਫਾਰਸ਼ਾਂ ਨੂੰ ਹਾਈਕਮਾਨ ਨੇ ਬਹੁਤੀ ਤਵੱਜੋ ਨਹੀਂ ਦਿੱਤੀ ਹੈ। ਹਾਈਕਮਾਨ ਦੇ ਇਸ ਐਲਾਨ ਨਾਲ ਪੰਜਾਬ ਕਾਂਗਰਸ ਵਿਚ ਉੱਠਿਆ ਵਰੋਲਾ ਇਕ ਵਾਰ ਤਾਂ ਸ਼ਾਂਤ ਹੋਣ ਦੀ ਸੰਭਾਵਨਾ ਹੈ ਕਿਉਂਕਿ ਕਾਂਗਰਸ ਦੇ ਬਹੁਗਿਣਤੀ ਵਿਧਾਇਕ ਪਹਿਲਾਂ ਹੀ ਨਵਜੋਤ ਸਿੱਧੂ ਨਾਲ ਤੁਰ ਪਏ ਹਨ। ਹਾਈਕਮਾਨ ਵੱਲੋਂ ਅਗਲੀਆਂ ਚੋਣਾਂ ਜਿੱਤਣ ਲਈ ਇਹ ਕਵਾਇਦ ਕੀਤੀ ਗਈ ਹੈ।

ਪੰਜਾਬ ਕਾਂਗਰਸ ਵਿਚ ਮੁੱਖ ਮੰਤਰੀ ਖਿਲਾਫ ਬਾਗੀ ਵਿਧਾਇਕਾਂ ਤੇ ਵਜ਼ੀਰਾਂ ਦੇ ਉਤਰਨ ਨਾਲ ਨਵੀਂ ਪ੍ਰਧਾਨਗੀ ਦਾ ਮੁੱਢ ਬੱਝ ਗਿਆ ਸੀ। ਕਾਰਜਕਾਰੀ ਪ੍ਰਧਾਨਾਂ ‘ਤੇ ਝਾਤ ਮਾਰੀਏ ਤਾਂ ਹਾਈਕਮਾਨ ਨੇ ਸੰਗਤ ਸਿੰਘ ਗਿਲਜੀਆਂ ਨੂੰ ਕਾਰਜਕਾਰੀ ਪ੍ਰਧਾਨ ਬਣਾ ਕੇ ਜਿਥੇ ਓ.ਬੀ.ਸੀ. ਕੈਟਾਗਿਰੀ ਨੂੰ ਨੁਮਾਇੰਦਗੀ ਦਿੱਤੀ ਹੈ, ਉਥੇ ਹੀ ਦੋਆਬੇ ਨੂੰ ਵੀ ਪੰਜਾਬ ਕਾਂਗਰਸ ਦੀ ਮੁੱਖ ਧਾਰਾ ਵਿਚ ਰੱਖਿਆ ਹੈ। ਮਾਝੇ ‘ਚੋਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੂੰ ਕਾਰਜਕਾਰੀ ਪ੍ਰਧਾਨ ਬਣਾ ਕੇ ਦਲਿਤ ਭਾਈਚਾਰੇ ਨੂੰ ਖੁਸ਼ ਕਰਨ ਦਾ ਯਤਨ ਕੀਤਾ ਗਿਆ ਹੈ। ਜੱਟ ਸਿੱਖ ਵਜੋਂ ਕੁਲਜੀਤ ਸਿੰਘ ਨਾਗਰਾ ਨੂੰ ਪਾਰਟੀ ‘ਚ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਦਿੱਤਾ ਗਿਆ ਹੈ। ਹਿੰਦੂ ਚਿਹਰੇ ਵਜੋਂ ਜੈਤੋ ਮੰਡੀ ਦੇ ਟਕਸਾਲੀ ਕਾਂਗਰਸੀ ਪਰਿਵਾਰ ਨਾਲ ਸਬੰਧਤ ਪਵਨ ਗੋਇਲ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ।

ਪੰਜਾਬ ਕਾਂਗਰਸ ਵਿਚ ਹੁਣ ਮਾਲਵੇ ‘ਚੋਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਕੁਲਜੀਤ ਨਾਗਰਾ ਤੇ ਜਿਲ੍ਹਾ ਯੋਜਨਾ ਬੋਰਡ ਫਰੀਦਕੋਟ ਦੇ ਪਵਨ ਗੋਇਲ ਨੂੰ ਕਾਰਜਕਾਰੀ ਪ੍ਰਧਾਨ ਥਾਪ ਕੇ ਮਲਵਈ ਸਿਆਸਤ ਦੇ ਦਾਬੇ ਨੂੰ ਸਵੀਕਾਰਿਆ ਗਿਆ ਹੈ। ਸੂਤਰਾਂ ਅਨੁਸਾਰ ਚਾਰ ਕਾਰਜਕਾਰੀ ਪ੍ਰਧਾਨਾਂ ‘ਚੋਂ ਸਿਰਫ ਸੁਖਵਿੰਦਰ ਡੈਨੀ ਹੀ ਕੈਪਟਨ ਖੇਮੇ ਦੀ ਗਿਣਤੀ ਵਿਚ ਆਉਂਦੇ ਹਨ। ਹਾਲਾਂਕਿ, ਮੁੱਖ ਮੰਤਰੀ ਅਮਰਿੰਦਰ ਸਿੰਘ ਪਿਛਲੇ ਦਿਨਾਂ ‘ਚ ਇਹ ਦਬਾਅ ਬਣਾ ਰਹੇ ਸਨ ਕਿ ਕਾਰਜਕਾਰੀ ਪ੍ਰਧਾਨ ਉਨ੍ਹਾਂ ਦੀ ਪਸੰਦ ਵਾਲੇ ਆਗੂ ਲਗਾਏ ਜਾਣ। ਕੈਪਟਨ ਖੇਮੇ ਵੱਲੋਂ ਕਾਰਜਕਾਰੀ ਪ੍ਰਧਾਨਾਂ ਲਈ ਜਿਹੜੇ ਨਾਮ ਉਭਾਰੇ ਜਾ ਰਹੇ ਸਨ, ਉਨ੍ਹਾਂ ਵਿਚ ਵਿਜੈਇੰਦਰ ਸਿੰਗਲਾ, ਚੌਧਰੀ ਸੰਤੋਖ ਸਿੰਘ ਆਦਿ ਸ਼ਾਮਲ ਸਨ। ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਿਰ ਹੁਣ ਵੱਡੀ ਜਿੰਮੇਵਾਰੀ ਪਈ ਹੈ।

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਥਾਪੇ ਜਾਣ ‘ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਆਸ ਕਰਦੇ ਹਾਂ ਕਿ ਨਵਜੋਤ ਸਿੱਧੂ ਹਾਈਕਮਾਨ ਵੱਲੋਂ ਸੌਂਪੀ ਗਈ ਨਵੀਂ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਹਾਈਕਮਾਨ ਵੱਲੋਂ ਜਤਾਏ ਗਏ ਭਰੋਸੇ ‘ਤੇ ਖਰਾ ਉਤਰਨਗੇ। ਉਨ੍ਹਾਂ ਕਿਹਾ ਕਿ ਹੁਣ ਸਾਹਮਣੇ ਚੁਣੌਤੀਆਂ ਬਹੁਤ ਹਨ ਅਤੇ ਆਸ ਹੈ ਕਿ ਸਿੱਧੂ ਸਭਨਾਂ ਨੂੰ ਨਾਲ ਲੈ ਕੇ ਅੱਗੇ ਵਧਣਗੇ।

ਚੋਣਾਂ ਵਿਚ ਪਾਰਟੀ ਦੀ ਅਗਵਾਈ ਕਰਾਂਗਾ: ਕੈਪਟਨ ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪੇ ਜਾਣ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋ ਟੁੱਕ ਸ਼ਬਦਾਂ ਵਿਚ ਸਾਫ ਕਰ ਦਿੱਤਾ ਹੈ ਕਿ ਉਹ ਅਗਾਮੀ ਚੋਣਾਂ ‘ਚ ਕਾਂਗਰਸ ਨੂੰ ਜਿਤਾਉਣ ਲਈ ਸਾਲ 2017 ਵਾਂਗ ਖੁਦ ਅਗਵਾਈ ਕਰਨਗੇ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਅਮਰਿੰਦਰ ਸਿੰਘ ਦੇ ਅਸਤੀਫੇ ਬਾਰੇ ਚੱਲ ਰਹੀਆਂ ਅਫਵਾਹਾਂ ਨੂੰ ਰੱਦ ਕਰਦਿਆਂ ਕਿਹਾ ਕਿ ਮੀਡੀਆ ਗਲਤ ਕਿਆਸ ਲਾਉਣ ਤੋਂ ਗੁਰੇਜ਼ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਹਾਈਕਮਾਨ ਨੂੰ ਅਜਿਹੀ ਕੋਈ ਪੇਸ਼ਕਸ਼ ਨਹੀਂ ਕੀਤੀ।

ਕੈਪਟਨ ਨੂੰ ਪਟਕਣੀ ਦੇਣੀ ਚਾਹੁੰਦਾ ਸਿੱਧੂ: ਸੁਖਬੀਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਮਕਸਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿਆਸੀ ਤੌਰ ‘ਤੇ ਪਟਕਣੀ ਦੇਣਾ ਹੈ, ਜਦਕਿ ਉਸ ਨੂੰ ਰਾਜ ਦੇ ਲੋਕਾਂ ਨਾਲ ਕੁਝ ਵੀ ਲੈਣਾ ਦੇਣਾ ਨਹੀਂ। ਕਿਸਾਨੀ ਅੰਦੋਲਨ ਬਾਰੇ ਉਨ੍ਹਾਂ ਕਿਹਾ ਕਿ ਆਉਂਦੇ ਸੰਸਦ ਦੇ ਸੈਸ਼ਨ ‘ਚ ਸਾਰੀਆਂ ਸਿਆਸੀ ਧਿਰਾਂ ਨੂੰ ਕਿਸਾਨੀ ਮੁੱਦਿਆਂ ‘ਤੇ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਕੰਮ ਰੋਕੂ ਮਤਾ ਲਿਆਉਣ ਲਈ ਯਤਨ ਕਰਨੇ ਚਾਹੀਦੇ ਹਨ।

ਕਾਂਗਰਸ ਦੇ ਕਲੇਸ਼ ਨੇ ਪੰਜਾਬ ਦਾ ਨੁਕਸਾਨ ਕੀਤਾ: ਭਗਵੰਤ ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੁਰਸੀ ਲਈ ਚੱਲ ਰਹੇ ਕਾਂਗਰਸੀ ਕਾਟੋ-ਕਲੇਸ਼ ਨੇ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਦਾ ਵੱਡਾ ਨੁਕਸਾਨ ਕੀਤਾ ਹੈ। ਹੁਣ ਆਗਾਮੀ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਰੇ ਵੱਡੇ-ਛੋਟੇ ਆਗੂ ਕੁਰਸੀ ਬਚਾਉਣ ਲਈ ਲੜ ਰਹੇ ਹਨ। ਕੁਰਸੀ ਦੀ ਇਸ ਭੁੱਖ ਨੇ ਪੰਜਾਬ, ਪੰਜਾਬ ਦੀ ਕਿਸਾਨੀ, ਜਵਾਨੀ, ਵਪਾਰ-ਕਾਰੋਬਾਰ, ਮਹਿਲਾਵਾਂ, ਬਜ਼ੁਰਗਾਂ, ਸਕੂਲਾਂ, ਸਿਹਤ ਸੇਵਾਵਾਂ, ਅਮਨ-ਕਾਨੂੰਨ ਅਤੇ ਵਿੱਤੀ ਸੰਕਟ ਸਮੇਤ ਪੰਜਾਬੀਅਤ ਨਾਲ ਜੁੜੇ ਮੁੱਦੇ ਰੋਲ ਕੇ ਰੱਖ ਦਿੱਤੇ ਹਨ। ਮਾਨ ਨੇ ਕਿਹਾ ਕਿ ਕਾਂਗਰਸ ਦੀ ਇਸ ਅੰਦਰੂਨੀ ਅੱਗ ਨੂੰ ਜਨਤਾ ਦੇ ਖੂਨ ਪਸੀਨੇ ਨਾਲ ਬੁਝਾਉਣ ਦੀਆਂ ਕੋਸ਼ਿਸ਼ ਹੋ ਰਹੀਆਂ ਹਨ।

Leave a Reply

Your email address will not be published.