ਕਿਹਾ-ਸੂਬੇ ‘ਚ ਰੋਸ ਪ੍ਰਦਰਸ਼ਨ ਖ਼ਤਮ ਕਰਨ ਬਾਰੇ ਮੇਰੀ ਅਪੀਲ ਨੂੰ ਕਿਸਾਨਾਂ ਵਲੋਂ ਸਿਆਸੀ ਰੰਗਤ ਦੇਣਾ ਮੰਦਭਾਗਾ
ਚੰਡੀਗੜ੍ਹ / ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨੇ ਸੂਬੇ ‘ਚ ਪ੍ਰਦਰਸ਼ਨਾਂ ਕਾਰਨ ਲੋਕਾਂ ਨੂੰ ਦਰਪੇਸ਼ ਦੁੱਖ ਤੇ ਪੀੜਾ ਨੂੰ ਸਮਝਣ ਦੀ ਬਜਾਏ ਉਨ੍ਹਾਂ ਦੇ ਵਿਚਾਰਾਂ ਨੂੰ ਸਿਆਸੀ ਰੰਗਤ ਦੇ ਦਿੱਤੀ | ਉਨ੍ਹਾਂ ਕਿਹਾ ਕਿ ਸੂਬੇ ‘ਚ ਕਿਸਾਨਾਂ ਦੇ ਪ੍ਰਦਰਸ਼ਨ ਸਰਾਸਰ ਬੇਲੋੜੇ ਹਨ, ਕਿਉਂ ਜੋ ਉਨ੍ਹਾਂ ਦੀ ਸਰਕਾਰ ਤਾਂ ਕਿਸਾਨਾਂ ਨੂੰ ਪਹਿਲਾਂ ਹੀ ਨਿਰੰਤਰ ਸਮਰਥਨ ਦਿੰਦੀ ਆ ਰਹੀ ਹੈ | ਇਸ ਮਾਮਲੇ ‘ਤੇ ਬੀਤੇ ਦਿਨ ਉਨ੍ਹਾਂ ਵਲੋਂ ਪ੍ਰਗਟ ਕੀਤੇ ਵਿਚਾਰਾਂ ਦੀ ਸੰਯੁਕਤ ਕਿਸਾਨ ਮੋਰਚੇ ਵਲੋਂ ਆਲੋਚਨਾ ਕੀਤੇ ਜਾਣ ‘ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਇਸ ਮਾਮਲੇ ਉਤੇ ਉਨ੍ਹਾਂ ਦੀ ਸਰਕਾਰ ਦੀ ਸਪੱਸ਼ਟ ਹਮਾਇਤ ਦੇ ਬਾਵਜੂਦ ਕਿਸਾਨਾਂ ਨੇ ਉਨ੍ਹਾਂ ਦੀ ਅਪੀਲ ਦੇ ਗਲਤ ਅਰਥ ਕੱਢੇ ਹਨ, ਸਗੋਂ ਇਸ ਨੂੰ ਪੰਜਾਬ ‘ਚ ਅਗਾਮੀ ਵਿਧਾਨ ਚੋਣਾਂ ਨਾਲ ਜੋੜਣ ਦੀ ਕੋਸ਼ਿਸ਼ ਕੀਤੀ | ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਉਨ੍ਹਾਂ ਦੀ ਸਰਕਾਰ ਅਤੇ ਪੰਜਾਬ ਦੇ ਲੋਕ ਹਮੇਸ਼ਾ ਹੀ ਕਿਸਾਨਾਂ ਨਾਲ ਡਟ ਕੇ ਖੜੇ ਹਨ ਤੇ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਇਹ ਲੋਕ ਹੁਣ ਸੂਬਾ ਭਰ ‘ਚ ਕਿਸਾਨ ਭਾਈਚਾਰੇ ਦੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਦੇ ਕਾਰਨ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ |
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ‘ਚ ਪਾੜਾ ਪਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਤੇ ਇਹ ਸਾਰੇ ਕਿਸਾਨ ਕੇਂਦਰ ਅਤੇ ਗੁਆਂਢੀ ਸੂਬੇ ‘ਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰ ਦੇ ਮਾੜੇ ਵਤੀਰੇ ਤੋਂ ਇਕੋ ਜਿਹੇ ਪੀੜਤ ਹਨ | ਉਨ੍ਹਾਂ ਕਿਹਾ ਕਿ ਇਸ ਦੇ ਉਲਟ ਮੇਰੀ ਸਰਕਾਰ ਨਾ ਸਿਰਫ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਨਾਲ ਚਟਾਨ ਵਾਂਗ ਖੜੀ ਹੈ, ਸਗੋਂ ਇਨ੍ਹਾਂ ਕਾਨੂੰਨਾਂ ਦੇ ਪ੍ਰਭਾਵ ਨੂੰ ਘਟਾਉਣ ਲਈ ਵਿਧਾਨ ਸਭਾ ‘ਚ ਸੋਧ ਬਿੱਲ ਵੀ ਲਿਆਂਦੇ ਗਏ | ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਇਨ੍ਹਾਂ ਬਿੱਲਾਂ ਨੂੰ ਰਾਜਪਾਲ ਨੇ ਰਾਸ਼ਟਪਤੀ ਦੀ ਸਹਿਮਤੀ ਲਈ ਨਹੀਂ ਭੇਜਿਆ | ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਲੜਾਈ ਭਾਜਪਾ ਦੇ ਖ਼ਿਲਾਫ਼ ਹੈ, ਜੋ ਪੰਜਾਬ ਤੇ ਹੋਰ ਸੂਬਿਆਂ ‘ਚ ਕਿਸਾਨ ਵਿਰੋਧੀ ਕਾਨੂੰਨ ਥੋਪਣ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਹਾਲਤਾਂ ‘ਚ ਪੰਜਾਬ ਦੇ ਲੋਕਾਂ ਲਈ ਔਕੜਾਂ ਪੈਦਾ ਕਰਨਾ ਜਾਇਜ਼ ਨਹੀਂ ਹੈ |
ਉਨ੍ਹਾਂ ਨੇ ਮੋਰਚੇ ਦੇ ਦਾਅਵਿਆਂ ਕਿ ਕਿਸਾਨਾਂ ਦੇ ਸੰਘਰਸ਼ ਨਾਲ ਪੰਜਾਬ ‘ਚ ਸਰਕਾਰ ‘ਤੇ ਕੋਈ ਅਸਰ ਨਹੀਂ ਪੈਂਦਾ, ਨੂੰ ਰੱਦ ਕਰਦੇ ਹੋਏ ਕਿਹਾ ਕਿ ਅਡਾਨੀਆਂ ਜਾਂ ਅੰਬਾਨੀਆਂ ਦੇ ਹਿੱਤ ਅਜਿਹੇ ਸੰਘਰਸ਼ ਨਾਲ ਪ੍ਰਭਾਵਿਤ ਨਹੀਂ ਹੋ ਰਹੇ ਸਗੋਂ ਸੂਬੇ ਦੇ ਆਮ ਲੋਕਾਂ ਤੇ ਇਥੋਂ ਦੀ ਆਰਥਿਕਤਾ ‘ਤੇ ਅਸਰ ਪੈ ਰਿਹਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਚ ਅੰਡਾਨੀਆਂ ਦੇ ਕੁੱਲ ਅਸਾਸਿਆਂ ਦੀ ਮਹਿਜ਼ 0.8 ਫ਼ੀਸਦੀ ਸੰਪਤੀ ਹੈ, ਜਦਕਿ ਰਿਲਾਇੰਸ ਗਰੁੱਪ ਦੀ ਮੌਜੂਦਗੀ ਸਿਰਫ 0.1 ਫ਼ੀਸਦੀ ਬਣਦੀ ਹੈ | ਮੁੱਖ ਮੰਤਰੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਹਾਲਾਤ ਇਸੇ ਤਰ੍ਹਾਂ ਜਾਰੀ ਰਹੇ ਤਾਂ ਅਸੀਂ ਨਿਵੇਸ਼, ਮਾਲੀਏ ਅਤੇ ਰੁਜ਼ਗਾਰ ਦੇ ਮੌਕਿਆਂ ਤੋਂ ਹੱਥ ਧੋ ਬੈਠਾਂਗੇ | ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਪੰਜਾਬ ਨੂੰ ਵੱਡੀ ਢਾਹ ਲੱਗੇਗੀ | ਕੈਪਟਨ ਅਮਰਿੰਦਰ ਨੇ ਕਿਹਾ ਕਿ ਸੰਭਵ ਹੈ ਕਿ ਕਿਸਾਨ ਪੰਜਾਬ ਅਤੇ ਇਥੋਂ ਦੇ ਲੋਕਾਂ ਨੂੰ ਨਿਰਾਸ਼ਾ ਦੀ ਉਸ ਡੂੰਘਾਈ ਵਿਚ ਵਾਪਸ ਨਹੀਂ ਲਿਜਾਣਾ ਚਾਹੁੰਦੇ, ਜਿਸ ਵਿੱਚੋਂ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਉਨ੍ਹਾਂ ਨੂੰ ਬਾਹਰ ਕੱਢਿਆ ਹੈ | ਮੁੱਖ ਮੰਤਰੀ ਨੇ ਫਿਰ ਤੋਂ ਕਿਸਾਨਾਂ ਨੂੰ ਪੰਜਾਬ ਵਿਚ ਕੀਤੇ ਜਾ ਰਹੇ ਆਪਣੇ ਪ੍ਰਦਰਸ਼ਨਾਂ ਨੂੰ ਬੰਦ ਕਰਨ ਦੀ ਅਪੀਲ ਕੀਤੀ, ਜਿਸ ਦਾ ਉਨ੍ਹਾਂ ਦੀ ਇਸ ਦੁਰਦਸ਼ਾ ਨਾਲ ਦੂਰ-ਦੂਰ ਤੱਕ ਕੋਈ ਵਾਸਤਾ ਨਹੀਂ ਹੈ |