ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਿਸਾਨਾਂ ਨੂੰ ਲੁੱਟਣ ਅਤੇ ਉਜਾੜਨ ਦੀ ਨੀਤੀ ‘ਤੇ ਚੱਲ ਰਹੀ ਹੈ।
ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਅਧੀਨ ਕਿਸਾਨਾਂ ਦੀਆਂ ਜ਼ਮੀਨਾਂ ਸਸਤੇ ਭਾਅ ‘ਤੇ ਐਕੁਆਇਰ ਕੀਤੀਆਂ ਜਾ ਰਹੀਆਂ ਹਨ। ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਦੇ ਕਿਸਾਨਾਂ ਨਾਲ ਸਰਕਾਰੀ ਧੱਕੇਸ਼ਾਹੀ ਨਹੀਂ ਹੋਣ ਦੇਵੇਗੀ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਸੂਬੇ ਦੇ ਕਿਸਾਨ ਦੀ ਸਹਿਮਤੀ ਨਾਲ ਜ਼ਮੀਨਾਂ ਦੀ ਕੀਮਤ, ਉਜਾੜਾ ਭੱਤਾ ਅਤੇ ਅੱਗੇ ਜ਼ਮੀਨ ਖਰੀਦਣ ਵਿਚ ਛੋਟਾਂ ਦੇਣ ਸਮੇਤ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।