ਨਵੀਂ ਦਿੱਲੀ, 27 ਅਪ੍ਰੈਲ (ਏਜੰਸੀ) : ਦਿੱਲੀ ਅਤੇ ਪੰਜਾਬ ਵਿਚ ਲੋਕ ਸਭਾ ਚੋਣਾਂ ਤੋਂ ਕੁਝ ਹਫ਼ਤੇ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 1500 ਮੈਂਬਰ ਸਿੰਘ ਸਭਾ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਨਾਲ ਸ਼ਨੀਵਾਰ ਨੂੰ ਭਾਜਪਾ ਵਿਚ ਸ਼ਾਮਲ ਹੋ ਗਏ।
ਨਵੀਂ ਦਿੱਲੀ ਵਿਖੇ ਪਾਰਟੀ ਦੇ ਕੇਂਦਰੀ ਦਫ਼ਤਰ ਵਿਖੇ ਹੋਏ ਇਕ ਸ਼ਾਨਦਾਰ ਸਮਾਗਮ ਦੌਰਾਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਪ੍ਰਦੇਸ਼ ਪ੍ਰਧਾਨ ਵਰਿੰਦਰ ਸਚਦੇਵਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਤ ਮੈਂਬਰਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਪ੍ਰਦਾਨ ਕੀਤੀ।
ਸਿੱਖ ਮੈਂਬਰਾਂ ਦੇ ਸ਼ਾਮਲ ਹੋਣ ਤੋਂ ਬਾਅਦ ਸਮਾਗਮ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਕਿਹਾ ਕਿ ਇਹ ਭਾਜਪਾ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਿੱਖ ਕੌਮ ਨਾਲ ਖਾਸ ਰਿਸ਼ਤਾ ਹੈ ਅਤੇ ਭਾਜਪਾ ਸਿੱਖ ਕੌਮ ਨਾਲ ਮਿਲ ਕੇ ਦਿੱਲੀ ਅਤੇ ਪੰਜਾਬ ਦੇ ਵਿਕਾਸ ਲਈ ਕੰਮ ਕਰੇਗੀ।
ਭਾਜਪਾ ਦੇ ਕੌਮੀ ਪ੍ਰਧਾਨ ਨੇ ਕਿਹਾ ਕਿ ਜੇਕਰ ਕਿਸੇ ਨੇ ਸਿੱਖ ਭਾਈਚਾਰੇ ਲਈ ਸੱਚੇ ਦਿਲੋਂ ਕੰਮ ਕੀਤਾ ਹੈ ਤਾਂ ਉਹ ਪ੍ਰਧਾਨ ਮੰਤਰੀ ਮੋਦੀ ਹਨ।