ਨਵੀਂ ਦਿੱਲੀ / ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 41,195 ਨਵੇਂ ਕੇਸਾਂ ਦੇ ਆਉਣ ਨਾਲ ਕਰੋਨਾ ਵਾਇਰਸ ਦੇ ਕੇਸਾਂ ਦੀ ਕੁੱਲ ਗਿਣਤੀ ਵਧ ਕੇ 3,20,77,706 ਹੋ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਦੁਆਰਾ ਵੀਰਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਦੇ ਅਨੁਸਾਰ ਬੀਤੇ ਚੌਵੀ ਘੰਟਿਆਂ ਦੌਰਾਨ 490 ਲੋਕਾਂ ਦੀ ਜਾਨ ਚਲੀ ਗਈ ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,29,669 ਹੋ ਗਈ ਹੈ। ਸੂਬੇ ਵਿਚ ਕੋਵਿਡ-19 ਮਹਾਂਮਾਰੀ ਨੂੰ ਕਾਬੂ ਹੇਠ ਰੱਖਣ ਅਤੇ ਇਸ ਦੇ ਫੈਲਾਅ ਦੀ ਰੋਕਥਾਮ ਲਈ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਬੰਧਤ ਵਿਭਾਗਾਂ ਨੂੰ ਆਰ. ਟੀ-ਪੀ. ਸੀ. ਆਰ. ਟੈਸਟਾਂ ਦੀ ਗਿਣਤੀ ਵਧਾਉਣ ਤੇ ਸਕੂਲਾਂ ਵਿਚ ਰੋਜ਼ਾਨਾ 10,000 ਆਰ.ਟੀ-ਪੀ.ਸੀ.ਆਰ. ਟੈਸਟ ਕਰਨ ਦੇ ਨਿਰਦੇਸ਼ ਦਿੱਤੇ | ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਵਿਡ-19 ਰੋਕੂ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਵਾਉਣ ਵਾਲੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਹੀ ਸਕੂਲ ਆਉਣ ਦੀ ਆਗਿਆ ਦਿੱਤੀ ਜਾਵੇ | ਉਨ੍ਹਾਂ ਨਿਰਦੇਸ਼ ਦਿੱਤੇ ਕਿ ਰੋਜ਼ਾਨਾ 40,000 ਨਮੂਨੇ ਲੈਣ ਦੇ ਟੀਚੇ ਨੂੰ ਲਾਜ਼ਮੀ ਤੌਰ ‘ਤੇ ਪੂਰਾ ਕੀਤਾ ਜਾਵੇ ਤੇ ਜੇ ਕੋਵਿਡ ਦੇ ਮਾਮਲੇ ਵਧਦੇ ਹਨ ਤਾਂ ਟੈਸਟਿੰਗ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ |
ਸਿਹਤ, ਮੈਡੀਕਲ ਸਿੱਖਿਆ ਤੇ ਸਕੂਲ ਸਿੱਖਿਆ ਦੇ ਸੀਨੀਅਰ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸੂਬੇ ਵਿਚ ਕੋਵਿਡ-19 ਦੇ ਹਾਲਾਤਾਂ ਦੀ ਸਮੀਖਿਆ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਗੁਆਂਢੀ ਰਾਜਾਂ, ਜਿਥੇ ਵਾਇਰਸ ਦੇ ਮਾਮਲੇ ਫਿਰ ਤੋਂ ਵਧ ਰਹੇ ਹਨ, ਤੋਂ ਪੰਜਾਬ ਵਿਚ ਲੋਕਾਂ ਦੀ ਆਵਾਜਾਈ ‘ਤੇ ਚਿੰਤਾ ਜ਼ਾਹਰ ਕੀਤੀ ਤੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਪਾਜ਼ੀਟੀਵਿਟੀ ਦਰ ‘ਤੇ ਨਜ਼ਰ ਰੱਖਣ ਲਈ ਕਿਹਾ | ਉਨ੍ਹਾਂ ਕਿਹਾ ਕਿ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵਧੇਰੇ ਚੌਕਸ ਰਹਿਣ ਦੀ ਲੋੜ ਹੈ | ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਨੂੰ ਵੱਡੇ ਪੱਧਰ ‘ਤੇ ਟੈਸਟਿੰਗ ਤੇ ਸੰਪਰਕ ਟਰੇਸਿੰਗ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਣ ਸਾਰੇ ਜ਼ਿਲ੍ਹਿਆਂ ‘ਚ ਐਪੀਡੀਮੌਲੋਜਿਸਟ ਨਿਯੁਕਤ ਕੀਤੇ ਗਏ ਹਨ ਅਤੇ ਕੋਵਿਡ ਦੀ ਤੀਜੀ ਸੰਭਾਵੀ ਲਹਿਰ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ |
ਟਾਂਡਾ ਦੇ ਨਜ਼ਦੀਕੀ ਪਿੰਡ ਜਾਜਾ ਦੇ ਸਰਕਾਰੀ ਸਕੂਲ ‘ਚ 6 ਬੱਚੇ ਕੋਰੋਨਾ ਪਾਜ਼ੀਟਿਵ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਟਾਂਡਾ ਦੇ ਨਜ਼ਦੀਕੀ ਪਿੰਡ ਜਾਜਾ ਦੇ ਸਰਕਾਰੀ ਸਕੂਲ ‘ਚ 6 ਵਿਦਿਆਰਥੀਆਂ ਦੇ ਕੋਰੋਨਾ ਪਾਜ਼ੀਟਿਵ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ | ਮੁੱਖ ਅਧਿਆਪਕ ਵਲੋਂ ਸਕੂਲ ਨੂੰ ਐਤਵਾਰ ਤੱਕ ਲਈ ਬੰਦ ਕਰ ਦਿੱਤਾ ਗਿਆ ਹੈ |