ਚੰਡੀਗੜ, 22 ਅਕਤੂਬਰ (ਹਿ.ਸ.)।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਇਕ ਪਾਸੇ ਕਿਸਾਨਾਂ ਦੀਆਂ ਜਿਣਸਾਂ ਦੇ ਲਾਹੇਵੰਦ ਭਾਅ ਅਤੇ ਦੂਜੇ ਪਾਸੇ ਲੋਕਾਂ ਨੂੰ ਸਸਤੇ ਭਾਅ ‘ਤੇ ਮਿਆਰੀ ਵਸਤਾਂ ਦੀ ਸਪਲਾਈ ਲਈ ਦੇਸ਼ ਅੰਦਰ ਅੰਤਰਰਾਜੀ ਵਪਾਰ ਨੂੰ ਹੋਰ ਪ੍ਰਫੁੱਲਤ ਕਰਨ ਦਾ ਸੱਦਾ ਦਿੱਤਾ। ਇੱਥੇ ਵੱਖ-ਵੱਖ ਰਾਜਾਂ ਦੇ ਚੇਅਰਮੈਨਾਂ ਅਤੇ ਮੈਨੇਜਿੰਗ ਡਾਇਰੈਕਟਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਸਤੂਆਂ ਦੀ ਖਰੀਦੋ-ਫਰੋਖਤ ਲਈ ਸਾਂਝਾ ਪਲੇਟਫਾਰਮ ਤਿਆਰ ਕਰਨ ਲਈ ਸਾਰੇ ਸੂਬਿਆਂ ਨੂੰ ਆਪੋ-ਆਪਣੇ ਹੱਥ ਮਿਲਾਉਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਖਪਤਕਾਰਾਂ ਅਤੇ ਕਿਸਾਨਾਂ ਦੋਵਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਮੇਂ ਦੀ ਲੋੜ ਹੈ। ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਵਧੀਆ ਉਤਪਾਦਾਂ ਦੀ ਉਪਲਬਧਤਾ ਅਤੇ ਕਿਸਾਨਾਂ ਨੂੰ ਉਪਜ ਦੀ ਲਾਹੇਵੰਦ ਕੀਮਤ ਯਕੀਨੀ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਮਾਜ ਦੇ ਹਰ ਵਰਗ ਨੂੰ ਇਸ ਅਭਿਆਸ ਤੋਂ ਲਾਭ ਮਿਲੇ। ਉਨ੍ਹਾਂ ਕਿਹਾ ਕਿ ਹੁਣ ਜਦੋਂ ਪੂਰੀ ਦੁਨੀਆ ਇੱਕ ਮੰਡੀ ਬਣ ਕੇ ਉੱਭਰੀ ਹੈ ਤਾਂ ਪੈਦਾਵਾਰ ਦੇ ਉਤਪਾਦਨ ਅਤੇ ਮੰਡੀਕਰਨ ਸਬੰਧੀ ਰਾਜਾਂ ਅੰਦਰ ਬੇਲੋੜੇ ਬੰਧਨਾਂ ਨੂੰ ਦੂਰ ਕਰਨਾ ਚਾਹੀਦਾ ਹੈ।