ਜੂਨਾਗੜ੍ਹ, 19 ਮਾਰਚ
ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਅੱਜ ਇੱਥੇ ਕਿਹਾ ਕਿ ਦੇਸ਼ ਪੱਧਰੀ ਸਹਿਕਾਰੀ ਸਭਾਵਾਂ ਅਗਲੇ ਦਸ ਸਾਲਾਂ ਤੱਕ ਕਿਸਾਨਾਂ ਦੀ ਆਮਦਨ ਕਈ ਗੁਣਾਂ ਵਧਾਉਣ ਵਿੱਚ ਮਦਦ ਕਰਨਗੀਆਂ। ਕੇਂਦਰੀ ਵਜ਼ਾਰਤ ਵੱਲੋਂ ਜੈਵਿਕ ਪੈਦਾਵਾਰ ਅਤੇ ਬਰਾਮਦ ਨੂੰ ਉਤਸ਼ਾਹਿਤ ਕਰਨ ਲਈ ਹਾਲ ਹੀ ਵਿੱਚ ਕੌਮੀ ਪੱਧਰ ਦੀਆਂ ਬਹੁ-ਰਾਜੀ ਸਹਿਕਾਰੀ ਸਭਾਵਾਂ ਸਥਾਪਤ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਅਮਿਤ ਸ਼ਾਹ ਨੇ ਇੱਥੇ ‘ਕਿਸਾਨ ਭਵਨ’ ਵਿੱਚ ਖੇਤੀ ਉਪਜ ਮੰਡੀ ਕਮੇਟੀ (ਏਪੀਐੱਮਸੀ) ਦਾ ਉਦਘਾਟਨ ਕਰਦਿਆਂ ਜੈਵਿਕ ਖੇਤੀ ਅਪਣਾਉਣ ਦੀ ਜ਼ੋਰਦਾਰ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਮਦਦ ਮਿਲੇਗੀ ਅਤੇ ਰਸਾਇਣਕ ਖਾਦਾਂ ਕਾਰਨ ਮਿੱਟੀ ਅਤੇ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਤੋਂ ਵੀ ਬਚਾਅ ਹੋਵੇਗਾ। -ਪੀਟੀਆਈ