ਨਵੀਂ ਦਿੱਲੀ / ਦੇਸ਼ ‘ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੀ ਮੱਠੀ ਪੈ ਰਹੀ ਰਫ਼ਤਾਰ ਅਤੇ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ‘ਚ ਤੇਜ਼ੀ ਨਾਲ ਵਾਧਾ ਹੋਣ ਕਾਰਨ ਲੋਕਾਂ ਨੂੰ ਕਾਫੀ ਰਾਹਤ ਮਹਿਸੂਸ ਹੋ ਰਹੀ ਹੈ।
ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਿਕ ਪਿਛਲੇ 24 ਘੰਟਿਆਂ ‘ਚ 2,81,386 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਵੱਡੀ ਰਾਹਤ ਦੀ ਗੱਲ ਇਹ ਹੈ ਕਿ ਤਕਰੀਬਨ 27 ਦਿਨਾਂ ਬਾਅਦ ਇਕ ਦਿਨ ‘ਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ 3 ਲੱਖ ਤੋਂ ਘੱਟ ਦਰਜ ਹੋਈ ਹੈ। ਜਦਕਿ ਕੁੱਝ ਦਿਨ ਪਹਿਲਾਂ ਤੱਕ ਨਵੇਂ ਮਾਮਲਿਆਂ ਦੀ ਗਿਣਤੀ 4 ਲੱਖ ਤੋਂ ਜ਼ਿਆਦਾ ਟਪਦੀ ਰਹੀ ਹੈ। ਹੁਣ ਕੁੱਲ ਮਾਮਿਲਆਂ ਦਾ ਅੰਕੜਾ 2,49,65,463 ਤੱਕ ਪੁੱਜ ਗਿਆ ਹੈ। ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ‘ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਸ ਕਾਰਨ ਕੋਰੋਨਾ ਦੇ ਐਕਟਿਵ ਮਾਮਲੇ ਵੀ ਘੱਟ ਹੋਣੇ ਸ਼ੁਰੂ ਹੋ ਗਏ ਹਨ ਪਰ ਮੌਤਾਂ ਹਾਲੇ ਵੀ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਿਕ ਪਿਛਲੇ 24 ਘੰਟਿਆਂ ‘ਚ 4,106 ਲੋਕਾਂ ਦੀ ਮੌਤ ਹੋਈ ਹੈ।