31 ਦਸੰਬਰ ਨੂੰ ਪਟਿਆਲਾ ‘ਚ ‘ਸ਼ਾਂਤੀ ਮਾਰਚ’ ਦੀ ਅਗਵਾਈ ਕਰਨਗੇ ਅਰਵਿੰਦ ਕੇਜਰੀਵਾਲ: ਭਗਵੰਤ ਮਾਨ

Home » Blog » 31 ਦਸੰਬਰ ਨੂੰ ਪਟਿਆਲਾ ‘ਚ ‘ਸ਼ਾਂਤੀ ਮਾਰਚ’ ਦੀ ਅਗਵਾਈ ਕਰਨਗੇ ਅਰਵਿੰਦ ਕੇਜਰੀਵਾਲ: ਭਗਵੰਤ ਮਾਨ
31 ਦਸੰਬਰ ਨੂੰ ਪਟਿਆਲਾ ‘ਚ ‘ਸ਼ਾਂਤੀ ਮਾਰਚ’ ਦੀ ਅਗਵਾਈ ਕਰਨਗੇ ਅਰਵਿੰਦ ਕੇਜਰੀਵਾਲ: ਭਗਵੰਤ ਮਾਨ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਉਣ ਵਾਲੀ 31 ਦਸੰਬਰ ਨੂੰ ਪਟਿਆਲਾ ਵਿਖੇ ਇੱਕ ‘ਸ਼ਾਂਤੀ ਮਾਰਚ’ ਕੱਢਿਆ ਜਾਵੇਗਾ।

ਇਸ ਬਾਰੇ ਜਾਣਕਾਰੀ ਦਿੰਦਿਆਂ ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਇਹ ਸ਼ਾਂਤੀ ਮਾਰਚ ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਨੂੰ ਸਮਰਪਿਤ ਹੋਵੇਗਾ। ਮੰਗਲਵਾਰ ਨੂੰ ਜਾਰੀ ਇੱਕ ਵੀਡੀਓ ਸੰਦੇਸ਼ ਰਾਹੀਂ ਸੰਸਦ ਮੈਂਬਰ ਮਾਨ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਇੱਕ ਸਾਜ਼ਿਸ਼ ਤਹਿਤ ਪੰਜਾਬ ਦੇ ਸ਼ਾਂਤਮਈ ਮਾਹੌਲ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਜਾਂ ਲੁਧਿਆਣਾ ਦੀ ਅਦਾਲਤ ਵਿੱਚ ਧਮਾਕਾ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਭੰਗ ਕਰਨ ਦੀ ਹੀ ਇੱਕ ਕੋਸ਼ਿਸ਼ ਹੈ, ਪਰ ਪੰਜਾਬ ਆਪਣੇ ਸਮਾਜਿਕ ਅਤੇ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ। ਪੰਜਾਬ ਦੇ ਲੋਕ ਭਾਵੇਂ ਉਹ ਕਿਸੇ ਵੀ ਧਰਮ ਜਾਂ ਜਾਤ ਦੇ ਹੋਣ, ਉਨ੍ਹਾਂ ਦੇ ਦਿਲਾਂ ਵਿੱਚ ਨਫ਼ਰਤ ਜਾਂ ਡਰ ਲਈ ਕੋਈ ਥਾਂ ਨਹੀਂ ਹੈ। 
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਵਾਰ-ਵਾਰ ਸਾਹਮਣੇ ਆ ਰਹੀਆਂ ਅਜਿਹੀਆਂ ਸਮਾਜ ਵਿਰੋਧੀ ਘਟਨਾਵਾਂ ਨੂੰ ਲੈ ਕੇ ਸਵਾਲ ਚੁੱਕਦੇ ਹੋਏ ਮਾਨ ਨੇ ਕਿਹਾ ਕਿ ਇਹ ਗੰਦੀ ਅਤੇ ਘਟੀਆ ਰਾਜਨੀਤੀ ਦਾ ਨਤੀਜਾ ਹੈ, ਜੋ ਲੋਕਾਂ ਦੀਆਂ ਭਾਵਨਾਵਾਂ ਜਾਂ ਜਨਜੀਵਨ ਨੂੰ ਠੇਸ ਪਹੁੰਚਾ ਕੇ ਆਪਣੇ ਚੋਣ ਏਜੰਡੇ ਅਤੇ ਮਨਸੂਬਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮਾਨ ਨੇ ਕਿਹਾ ਕਿ ਇਹ ਸ਼ਾਂਤੀ ਮਾਰਚ ਪੰਜਾਬ ਵਿੱਚ ਸ਼ਾਂਤੀ ਅਤੇ ਖ਼ੁਸ਼ਹਾਲੀ ਕਾਇਮ ਕਰਨ ਲਈ ਸਾਡੇ ਦਿਲਾਂ ਵਿੱਚ ਆਸ ਅਤੇ ਅਰਦਾਸ ਵਜੋਂ  ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਸ਼ਾਂਤੀ ਮਾਰਚ ਵਿੱਚ ਸ਼ਮੂਲੀਅਤ ਕਰਨ ਤਾਂ ਜੋ ਸਾਰੇ ਸਮਾਜ ਵਿਰੋਧੀ ਅਨਸਰਾਂ ਨੂੰ ਸਪਸ਼ਟ ਸੁਨੇਹਾ ਮਿਲ ਸਕੇ ਕਿ ਪੰਜਾਬ ਅਜਿਹੇ ਲੋਕ ਵਿਰੋਧੀ ਯਤਨਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗਾ।  ਉਨ੍ਹਾਂ ਅੱਗੇ ਕਿਹਾ ਕਿ ਸਾਡੀ ਏਕਤਾ ਅਤੇ ਬਿਹਤਰ ਤਾਲਮੇਲ ਨੇ ਕਈ ਵਾਰ ਅਜਿਹੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ ਅਤੇ ਹਮੇਸ਼ਾ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਮੂਹ ਪੰਜਾਬ ਵਾਸੀ ਭਵਿੱਖ ਵਿੱਚ ਵੀ ਅਜਿਹੀਆਂ ਚੁਣੌਤੀਆਂ ਦਾ ਡਟ ਕੇ ਮੁਕਾਬਲਾ ਕਰਾਂਗੇ।

Leave a Reply

Your email address will not be published.