ਭਾਰਤੀ ਚੋਣ ਕਮਿਸ਼ਨ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੀ ਅਪੀਲ ਤੋਂ ਬਾਅਦ ਪੰਜਾਬ ‘ਚ ਚੋਣਾਂ ਦੀ ਤਰੀਕ ਬਦਲ ਕੇ 20 ਫਰਵਰੀ ਕਰ ਦਿੱਤੀ ਹੈ।
ਸੱਤਾਧਾਰੀ ਕਾਂਗਰਸ ਪਾਰਟੀ ਅਤੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਨੇ ਭਾਰਤੀ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਅਜਿਹਾ ਕਰਨ ਦੀ ਅਪੀਲ ਕੀਤੀ ਸੀ ਕਿ ਪੰਜਾਬ ਵਿਧਾਨ ਸਭਾ ਚੋਣਾਂ 14 ਫਰਵਰੀ ਤੋਂ ਅੱਗੇ ਵਧਾ ਦਿੱਤੀਆਂ ਜਾਣ। ਇਸ ਨੂੰ ਮੰਨਦੇ ਹੋਏ ਚੋਣ ਕਮਿਸ਼ਨ ਨੇ ਇਹ ਫ਼ੈਸਲਾ ਲਿਆ ਹੈ।
ਪਹਿਲਾਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨੋਟੀਫਿਕੇਸ਼ਨ 21 ਜਨਵਰੀ ਨੂੰ ਜਾਰੀ ਕੀਤਾ ਜਾਣਾ ਸੀ, ਪਰ ਹੁਣ ਇਹ ਨੋਟੀਫਿਕੇਸ਼ਨ 25 ਜਨਵਰੀ 2022 (ਮੰਗਲਵਾਰ) ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਦੀ ਆਖਰੀ ਮਿਤੀ 1 ਫਰਵਰੀ 2022 (ਮੰਗਲਵਾਰ) ਅਤੇ ਛਾਂਟੀ ਦੀ ਮਿਤੀ 2 ਫਰਵਰੀ 2022 (ਬੁੱਧਵਾਰ) ਹੋਵੇਗੀ। 4 ਫਰਵਰੀ 2022 (ਸ਼ੁੱਕਰਵਾਰ) ਤੱਕ ਨਾਮ ਵਾਪਸ ਲਏ ਜਾ ਸਕਦੇ ਹਨ। ਵੋਟਾਂ 20 ਫਰਵਰੀ ਨੂੰ ਪੈਣਗੀਆਂ, ਜਦਕਿ ਵੋਟਾਂ ਦੀ ਗਿਣਤੀ ਪਹਿਲਾਂ ਵਾਂਗ 10 ਮਾਰਚ 2022 (ਵੀਰਵਾਰ) ਨੂੰ ਹੋਵੇਗੀ।