ਪੰਜਾਬ ‘ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰਨ ਦਾ ਦਾਅਵਾ
ਚੰਡੀਗੜ੍ਹ / ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਦੇ ਸੈਕਟਰ 9 ਵਿਚ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦੇ ਦਫ਼ਤਰ ਦਾ ਉਦਘਾਟਨ ਕੀਤਾ। ਦਫ਼ਤਰ ‘ਚ ਪਹੁੰਚਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਵੀ ਹੋਏ। ਦਫ਼ਤਰ ਦੇ ਉਦਘਾਟਨ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਉਹ ਭਾਜਪਾ ਅਤੇ ਢੀਂਡਸਾ ਧੜ੍ਹੇ ਨਾਲ ਮਿਲ ਕੇ ਪੰਜਾਬ ਵਿਚ 2022 ਦੀਆਂ ਚੋਣਾਂ ਜਿੱਤ ਸਰਕਾਰ ਬਣਾਉਣ ਜਾ ਰਹੇ ਹਨ। ਕੈਪਟਨ ਨੇ ਕਿਹਾ ਕਿ ਉਹ ਪੰਜਾਬ ਵਿਚ ਹੂੰਝਾ ਫੇਰ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਸਮੇਂ ਦੀ ਕਮੀ ਉਨ੍ਹਾਂ ਲਈ ਕੋਈ ਵੱਡੀ ਚੁਣੌਤੀ ਨਹੀਂ ਹੈ ਅਤੇ ਇਸ ਤੋਂ ਪਹਿਲਾ ਵੀ ਉਹ ਅਜਿਹੀ ਸਥਿਤੀ ਅੰਦਰ ਚੋਣਾਂ ਜਿੱਤ ਚੁੱਕੇ ਹਨ। ਕੈਪਟਨ ਨੇ ਕਿਹਾ ਕਿ 1980 ‘ਚ ਉਨ੍ਹਾਂ ਨੇ ਅਕਾਲੀ ਦਲ ਦੇ ਲੀਡਰ ਅਜੀਤ ਸਿੰਘ ਸਰਹੱਦੀ ਨੂੰ 14 ਦਿਨਾਂ ਵਿਚ ਹਰਾਇਆ ਸੀ ਜਦਕਿ ਅਜੀਤ ਸਿੰਘ ਨੂੰ ਚਾਰ ਮਹੀਨੇ ਪਹਿਲਾ ਤੋਂ ਉਮੀਦਵਾਰ ਐਲਾਨਿਆ ਜਾ ਚੁੱਕਿਆ ਸੀ। ਕੈਪਟਨ ਨੇ ਕਿਹਾ ਕਿ ਅਸੀਂ ਲੜਾਈ ਲਈ ਤਿਆਰ ਹਾਂ, 10 ਦਿਨ ਪਹਿਲਾਂ ਪਾਰਟੀ ਮੈਂਬਰਸ਼ਿਪ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਜ਼ਿਲ੍ਹਾ ਪੱਧਰ ‘ਤੇ ਵੀ ਜਲਦ ਕੰਮ ਸ਼ੁਰੂ ਹੋ ਜਾਵੇਗਾ। ਅੱਗੇ ਦੀ ਰਣਨੀਤੀ ਲਈ ਉਹ ਜਲਦ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੂੰ ਮਿਲਣਗੇ ਅਤੇ ਫਿਰ ਉਹ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਵੀ ਮੀਟਿੰਗ ਕਰਕੇ ਸੀਟਾਂ ਸੰਬੰਧੀ ਗੱਲ ਕਰਨਗੇ।
ਚੰਨੀ ਸਰਕਾਰ ‘ਤੇ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼ ਇਸ ਮੌਕੇ ਕੈਪਟਨ ਨੇ ਕਾਂਗਰਸ ਦੀ ਚੰਨੀ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ, ਉਨ੍ਹਾਂ ਕਿਹਾ ਕਿ ਬੀਤੇ 2 ਮਹੀਨਿਆਂ ਦੌਰਾਨ ਸਰਕਾਰ ‘ਚ ਭ੍ਰਿਸ਼ਟਾਚਾਰ ਵਧਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਡੇ ਪੱਧਰ ‘ਤੇ ਇਸ਼ਤਿਹਾਰ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਇਹ ਦੇਖ ਕੇ ਹਾਸਾ ਆਉਂਦਾ ਹੈ, ਉਨ੍ਹਾਂ ਕਿਹਾ ਕਿ ਕਿਸੇ ਵੀ ਸਕੀਮ ਦੇ ਐਲਾਨ ਕਰਨ ਦੀ ਸ਼ੁਰੂਆਤ ਤੋਂ ਕੰਮ ਦੇ ਪੂਰਾ ਹੋਣ ਤੱਕ 4 ਮਹੀਨੇ ਤੋਂ ਇਕ ਸਾਲ ਤੱਕ ਦਾ ਸਮਾਂ ਲੱਗ ਜਾਂਦਾ ਹੈ ਕਿਉਂਕਿ ਕੇਂਦਰ ਸਰਕਾਰ ਸਮੇਤ ਕਈ ਏਜੰਸੀਆਂ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੁੰਦੀ ਹੈ, ਉਨ੍ਹਾਂ ਕਿਹਾ ਕਿ ਚੰਨੀ ਬੱਸ ਡਰਾਮਾ ਕਰ ਰਹੇ ਹਨ ਅਤੇ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦਾ ਬੇੜਾ ਗ਼ਰਕ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗੈਰ ਕਾਨੂੰਨੀ ਮਾਈਨਿੰਗ ਹਾਲੇ ਵੀ ਜਾਰੀ ਹੈ। ਪੰਜਾਬ ਕਾਂਗਰਸ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਵਲੋਂ ਪਾਕਿਸਤਾਨ ਨਾਲ ਵਪਾਰ ਸ਼ੁਰੂ ਕਰਨ ਦੀ ਵਕਾਲਤ ਕਰਨ ‘ਤੇ ਬੋਲਦਿਆਂ ਕੈਪਟਨ ਨੇ ਕਿਹਾ ਕਿ ਪਾਕਿਸਤਾਨ ਪਹਿਲਾਂ ਸਾਡੇ ਜਵਾਨਾਂ ਨੂੰ ਮਾਰਨਾ ਬੰਦ ਕਰੇ ਫਿਰ ਇਸ ਬਾਰੇ ਗੱਲ ਸੋਚੀ ਜਾ ਸਕਦੀ ਹੈ। ਸ[ ਨਵਜੋਤ ਸਿੰਘ ਸਿੱਧੂ ਵਲੋਂ ਕੁਝ ਉਮੀਦਵਾਰਾਂ ਨੂੰ ਬਦਲਣ ਦੀ ਸਥਿਤੀ ਵਿਚ ਕੀ ਕੈਪਟਨ ਉਨ੍ਹਾਂ ਉਮੀਦਵਾਰਾਂ ਨੂੰ ਆਪਣੀ ਪਾਰਟੀ ‘ਚ ਸੀਟ ਦੇਣਗੇ, ਇਸ ਸਵਾਲ ਦੇ ਜਵਾਬ ਵਿਚ ਕੈਪਟਨ ਨੇ ਕਿਹਾ ਕਿ ਉਹ ਸਿਰਫ਼ ਉਨ੍ਹਾਂ ਉਮੀਦਵਾਰਾਂ ਨੂੰ ਸੀਟ ਦੇਣਗੇ ਜੋ ਸੀਟ ਲੈਣ ਦੇ ਕਾਬਲ ਹੋਣਗੇ। ਕੈਪਟਨ ਨੇ ਕਿਹਾ ਕਿ ਮੁੱਖ ਮੰਤਰੀ ਦਾ ਚਿਹਰਾ ਵੀ ਤਿੰਨੇ ਪਾਰਟੀਆਂ ਮਿਲ ਕੇ ਹੀ ਤੈਅ ਕਰਨਗੀਆਂ।
ਆਮ ਆਦਮੀ ਪਾਰਟੀ ‘ਤੇ ਵੀ ਕੈਪਟਨ ਦਾ ਹਮਲਾ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਵਜੂਦ ਖ਼ਤਮ ਹੋ ਰਿਹਾ ਹੈ। ਕੈਪਟਨ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਮਜ਼ਬੂਤ ਹੁੰਦੀ ਤਾਂ ਉਨ੍ਹਾਂ ਦੇ ਖ਼ੁਦ ਦੇ ਵਿਧਾਇਕ ਕਿਉਂ ਪਾਰਟੀ ਛੱਡ ਕੇ ਭੱਜ ਰਹੇ ਹਨ। ਕੈਪਟਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਗਾਰੰਟੀਆਂ ਨੂੰ ਵੀ ਖੋਖਲਾ ਕਰਾਰ ਦਿੱਤਾ।
ਪ੍ਰਧਾਨ ਮੰਤਰੀ ਕਿਸਾਨਾਂ ਦੇ ਮੁੱਦਿਆਂ ਦੇ ਹੱਲ ਲਈ ਬਣਾ ਰਹੇ ਨੇ ਕਮੇਟੀ-ਕੈਪਟਨ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੇਤੀ ਬਿੱਲਾਂ ਨੂੰ ਵਾਪਸ ਲੈ ਚੁੱਕੇ ਹਨ ਅਤੇ ਉਹ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਅਤੇ ਕਿਸਾਨਾਂ ਦੇ ਹੋਰ ਮੁੱਦਿਆਂ ਲਈ ਇਕ ਕਮੇਟੀ ਵੀ ਬਣਾ ਰਹੇ ਹਨ ਜਿਸ ਵਿਚ ਕਿਸਾਨਾਂ ਦੇ ਪੰਜ ਆਗੂਆਂ ਨੂੰ ਵੀ ਮੈਂਬਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਵਲੋਂ ਵੀ ਐਮ.ਐਸ.ਪੀ. ਨੂੰ ਲੈ ਕੇ ਸੰਸਦ ਵਿਚ ਬਿਆਨ ਦਿੱਤਾ ਜਾ ਚੁੱਕਿਆ ਹੈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦਾ ਪੁੱਤਰ ਸ[ ਰਣਇੰਦਰ ਸਿੰਘ, ਲੜਕੀ ਜੈਇੰਦਰ ਕੌਰ ਅਤੇ ਸ. ਸੁੱਖਇੰਦਰ ਸਿੰਘ,.. ਭਰਤ ਇੰਦਰ ਸਿੰਘ ਚਾਹਲ ਸਮੇਤ ਉਨ੍ਹਾਂ ਦੇ ਹੋਰ ਕਰੀਬੀ ਵੀ ਸ਼ਾਮਿਲ ਸਨ।