ਚਿਕਨਾਯਕਹੱਲੀ, 18 ਮਾਰਚ
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਅੱਜ ਇੱਥੇ ਕਿਹਾ ਕਿ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਪਾਰਟੀ ਦੇਸ਼ ਦੇ ਸਰਬਪੱਖੀ ਅਤੇ ਸਮਾਵੇਸ਼ੀ ਵਿਕਾਸ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਉੱਥੇ ਕਾਂਗਰਸ ਅਜੇ ਵੀ ਆਪਣੇ ਨੇਤਾ ਰਾਹੁਲ ਗਾਂਧੀ ਨੂੰ ਨਵੇਂ ਰੂਪ ਵਿੱਚ ਪੇਸ਼ ਕਰਨ ਵਿੱਚ ਰੁੱਝੀ ਹੋਈ ਹੈ। ਕਰਨਾਟਕਾ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੀ ‘ਵਿਜੈ ਸੰਕਲਪ ਯਾਤਰਾ’ ਤਹਿਤ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਨੱਢਾ ਨੇ ਕਿਹਾ ਕਿ ਚੋਣਾਂ ਜਿੱਤਣ ਤੋਂ ਅਸਮਰੱਥ ਰਾਹੁਲ ਗਾਂਧੀ ਵਿਦੇਸ਼ ਵਿੱਚ ਭਾਰਤ ਦੇ ਲੋਕਤੰਤਰ ਨੂੰ ਖ਼ਤਰਾ ਹੋਣ ਦਾ ਦੋਸ਼ ਲਗਾ ਰਹੇ ਹਨ। ਭਾਜਪਾ ਪ੍ਰਧਾਨ ਨੇ ਕਿਹਾ ਕਿ ਮੋਦੀ ਨੇ ਦੇਸ਼ ਵਿੱਚ ਸਿਆਸਤ ਸੱਭਿਆਚਾਰ ਨੂੰ ਬਦਲ ਦਿੱਤਾ ਹੈ ਅਤੇ ਉਨ੍ਹਾਂ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਅਤੇ ਹੁਣ ਸਬਕਾ ਪ੍ਰਯਾਸ’ ‘ਤੇ ਧਿਆਨ ਕੇਂਦਰਿਤ ਕਰਦਿਆਂ ਦੇਸ਼ ਨੂੰ ਵਿਕਾਸ ਦੀਆਂ ਬੁਲੰਦੀਆਂ ‘ਤੇ ਪਹੁੰਚਾਇਆ ਹੈ। ਉਨ੍ਹਾਂ ਕਿਹਾ, ”ਕਾਂਗਰਸ ਅੱਜ ਵੀ ਪਰਿਵਾਰਵਾਦ ਦੀ ਸਿਆਸਤ ਨੂੰ ਅੱਗੇ ਤੋਰ ਰਹੀ ਹੈ। ਉਹ ਰਾਹੁਲ ਗਾਂਧੀ ਨੂੰ ਨਵੇਂ ਰੂਪ ਵਿੱਚ ਪੇਸ਼ ਕਰਨ ਦੀ ਵਾਰ-ਵਾਰ ਕੋਸ਼ਿਸ਼ ਕਰ ਰਹੀ ਹੈ, ਭਾਵੇਂ ਉਹ ਸਫ਼ਲ ਹੈ ਜਾਂ ਨਹੀਂ।” ਉਨ੍ਹਾਂ ਕਿਹਾ, ”ਲੋਕ ਚੋਣਾਂ ਵਿੱਚ ਤੁਹਾਨੂੰ ਹਰਾ ਕੇ ਨਕਾਰਦੇ ਹਨ ਅਤੇ ਤੁਸੀਂ ਕਹਿੰਦੇ ਹੋ ਕਿ ਲੋਕਤੰਤਰ ਖ਼ਤਰੇ ਵਿੱਚ ਹੈ। ਉਹ ਵੀ ਭਾਰਤ ਵਿੱਚ ਨਹੀਂ, ਸਗੋਂ ਇੰਗਲੈਂਡ ਵਿੱਚ… ਜੋ ਚੋਣਾਂ ਨਹੀਂ ਲੜ ਸਕਦਾ ਉਹ ਕਹਿ ਰਿਹਾ ਹੈ ਕਿ ਲੋਕਤੰਤਰ ਖ਼ਤਰੇ ਵਿੱਚ ਹੈ। -ਪੀਟੀਆਈ