ਚੰਡੀਗੜ੍ਹ, 23 ਮਾਰਚ (ਸ.ਬ.) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਹੈ ਕਿ ਉਹਨਾਂ ਨੇ ਸੰਗਰੂਰ ਸ਼ਰਾਬ ਕਾਂਡ ਮਾਮਲੇ ਵਿੱਚ ਆਬਕਾਰੀ ਮੰਤਰੀ ਹਰਪਾਲ ਚੀਮਾ ਦਾ ਅਸਤੀਫਾ ਕਿਉਂ ਨਹੀਂ ਲਿਆ ਅਤੇ ਨਾ ਹੀ ਦੋਸ਼ੀਆਂ ਖਿਲਾਫ ਹੁਣ ਤੱਕ ਕਤਲ ਦਾ ਕੇਸ ਦਰਜ ਕੀਤਾ ਹੈ। .
ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਤਰਨਤਾਰਨ ਕਾਂਡ ਵੇਲੇ ਮੁੱਖ ਮੰਤਰੀ ਮਾਨ ਨੇ ਇਹ ਕਿਹਾ ਸੀ ਕਿ ਆਬਕਾਰੀ ਮੰਤਰੀ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ ਅਤੇ ਦੋਸ਼ੀਆਂ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।
“ਆਬਕਾਰੀ ਮੰਤਰੀ ਹਰਪਾਲ ਚੀਮਾ ਦੇ ਅਸਤੀਫੇ ਸਮੇਤ ਇਨ੍ਹਾਂ ਜ਼ਰੂਰੀ ਕਾਰਵਾਈਆਂ ਨੂੰ ਭੁੱਲ ਜਾਓ, ਮੁੱਖ ਮੰਤਰੀ ਨੂੰ ਉਨ੍ਹਾਂ 21 ਪਰਿਵਾਰਾਂ ਨੂੰ ਮਿਲਣ ਦਾ ਸਮਾਂ ਨਹੀਂ ਮਿਲਿਆ, ਜਿਨ੍ਹਾਂ ਦੇ ਨਜ਼ਦੀਕੀ ਅਤੇ ਰਿਸ਼ਤੇਦਾਰ ਨਕਲੀ ਸ਼ਰਾਬ ਦਾ ਸ਼ਿਕਾਰ ਹੋਏ ਹਨ। ਇਹ ਨਿੰਦਣਯੋਗ ਹੈ ਕਿ ਮੁੱਖ ਮੰਤਰੀ ਆਪਣੇ ਗ੍ਰਹਿ ਜ਼ਿਲ੍ਹੇ ਦੇ ਪੀੜਤ ਪਰਿਵਾਰਾਂ ਨੂੰ ਦਿਲਾਸਾ ਦੇਣ ਦੀ ਬਜਾਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਨੂੰ ਖੁਸ਼ ਕਰਨ ਲਈ ਦਿੱਲੀ ਵਿੱਚ ‘ਤਮਾਸ਼ਾ’ ਕਰਨ ਵਿੱਚ ਰੁੱਝੇ ਹੋਏ ਹਨ।